
ਨਵੀਂ ਦਿੱਲੀ 30 ਦਸੰਬਰ (ਸਾਰਾ ਯਹਾ /ਬਿਓਰੋ ਰਿਪੋਰਟ): ਬਠਿੰਡਾ ਤੋਂ ਲੋਕ ਸਭਾ ਮੈਂਬਰ ਤੇ ਸਾਬਕਾ ਕੈਬਨਿਟ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅੰਦੋਲਨਕਾਰੀ ਕਿਸਾਨਾਂ ਦੀ ਗੱਲ ਮੰਨਣ ਲਈ ਕਿਹਾ ਹੈ। ਉਨ੍ਹਾਂ ਮੋਦੀ ਨੂੰ ਕਿਹਾ ਹੈ ਕਿ ਜਮਹੂਰੀਅਤ ਵਿੱਚ ਲੋਕਾਂ ਦੀ ਮਰਜ਼ੀ ਹੀ ਸਭ ਤੋਂ ਉੱਪਰ ਹੁੰਦੀ ਹੈ।
ਬੀਬਾ ਹਰਸਿਮਰਤ ਬਾਦਲ ਨੇ ਕਿਹਾ ਕਿ ਹਜ਼ਾਰਾਂ ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪ੍ਰਧਾਨ ਮੰਤਰੀ ਦੇ ਦਰਵਾਜ਼ੇ ’ਤੇ ਬੈਠੇ ਹਨ, ਉਨ੍ਹਾਂ ਨੂੰ ਲੰਮੇ ਸਮੇਂ ਤੱਕ ਇੰਨੀ ਤਕਲੀਫ ਵਿੱਚ ਨਹੀਂ ਰੱਖਣਾ ਚਾਹੀਦਾ। ਹਰਸਿਰਮਰਤ ਨੇ ਟਵੀਟ ਕਰਕੇ ਕਿਹਾ ਕਿ ਜੇਕਰ ਮੋਦੀ ਨੇ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਪਾਸ ਕਰਨ ਦੀਆਂ ਚਿਤਾਵਨੀਆਂ ਵੱਲ ਧਿਆਨ ਦਿੱਤਾ ਹੁੰਦਾ ਤਾਂ ਇਸ ਅੰਦੋਲਨ ਨੂੰ ਟਾਲਿਆ ਜਾ ਸਕਦਾ ਸੀ।
ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਸ਼ਾਂਤਮਈ ਅੰਦੋਲਨ ਨੇ ਭਾਰਤ ਦਾ ਦਿਲ ਜਿੱਤ ਲਿਆ ਹੈ ਤੇ ਇਹ ਦੁਨੀਆ ਲਈ ਮਿਸਾਲ ਬਣ ਗਿਆ ਹੈ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਪ੍ਰਧਾਨ ਮੰਤਰੀ ਨਾਲ ਸਿੱਧੇ ਗੱਲਬਾਤ ਕਰਕੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ।
