ਚੰਡੀਗੜ੍ਹ 06,ਦਸੰਬਰ (ਸਾਰਾ ਯਹਾਂ/ਬਿਊਰੋ ਨਿਊਜ਼): ਹਾਈਕੋਰਟ ਤੋਂ ਪੰਜਾਬ ਸਰਕਾਰ ਨੂੰ ਵੱਡਾ ਝਟਕਾ ਲੱਗਾ ਹੈ। ਹਾਈਕੋਰਟ ਨੇ ਪੰਜਾਬ ਸਰਕਾਰ ਦੇ ਉਸ ਹੁਕਮ ਨੂੰ ਰੱਦ ਕਰ ਦਿੱਤਾ ਹੈ, ਜਿਸ ਤਹਿਤ ਸਰਕਾਰ ਨੇ ਨਿਊ ਦੀਪ ਤੇ ਬਾਦਲ ਪਰਿਵਾਰ ਦੀ ਕੰਪਨੀ ਔਰਬਿਟ ਐਵੀਏਸ਼ਨ ਦੀਆਂ ਬੱਸਾਂ ਨੂੰ ਜ਼ਬਤ ਕਰਨ ਤੇ ਪਰਮਿਟ ਰੱਦ ਕਰਨ ਦੇ ਹੁਕਮ ਦਿੱਤੇ ਸਨ।
ਜਸਟਿਸ ਅਜੇ ਤਿਵਾੜੀ ਤੇ ਪੰਕਜ ਜੈਨ ਦੀ ਅਦਾਲਤ ਨੇ ਬਾਦਲ ਪਰਿਵਾਰ ਦੀ ਮਾਲਕੀ ਵਾਲੀ ਔਰਬਿਟ ਕੰਪਨੀ ਦੇ 33 ਤੇ ਅਕਾਲੀ ਲੀਡਰ ਹਰਦੀਪ ਸਿੰਘ ਡਿੰਪੀ ਢਿੱਲੋਂ ਦੀ ਨਿਊ ਦੀਪ ਬੱਸ ਕੰਪਨੀ ਦੇ 87 ਬੱਸ ਪਰਮਿਟ ਬਹਾਲ ਕਰ ਦਿੱਤੇ ਹਨ। ਇਨ੍ਹਾਂ ਪਰਮਿਟਾਂ ਨੂੰ ਪੰਜਾਬ ਸਰਕਾਰ ਨੇ ਟੈਕਸ ਨਾ ਭਰਨ ਦੇ ਦੋਸ਼ ਹੇਠ ਰੱਦ ਕਰ ਦਿੱਤਾ ਸੀ। ਇਸ ਖ਼ਿਲਾਫ਼ ਦੋਵਾਂ ਕੰਪਨੀਆਂ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਕੋਲ ਪਟੀਸ਼ਨ ਪਾਈ ਕਰਵਾਈ ਸੀ।
ਦੱਸ ਦਈਏ ਕਿ ਟੈਕਸ ਨਾ ਭਰਨ ਕਾਰਨ ਪੰਜਾਬ ਸਰਕਾਰ ਵੱਲੋਂ ਨਿਊ ਦੀਪ ਪ੍ਰਾਈਵੇਟ ਬੱਸ ਸਰਵਿਸ ਦੇ ਪਰਮਿਟ ਰੱਦ ਕਰ ਦਿੱਤੇ ਗਏ ਸੀ। ਇਸ ਵਿਰੁੱਧ ਦਾਇਰ ਪਟੀਸ਼ਨ ‘ਤੇ ਪੰਜਾਬ ਹਰਿਆਣਾ ਹਾਈਕੋਰਟ ਹਾਈਕੋਰਟ ਨੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਸਮੇਤ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਸੀ।
ਇਸ ਮਾਮਲੇ ‘ਤੇ ਵੀਰਵਾਰ ਨੂੰ ਸੁਣਵਾਈ ਪਿੱਛੋਂ ਅਦਾਲਤ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਅਦਾਲਤ ਨੇ ਅੱਜ ਫੈਸਲਾ ਸੁਣਾਉਂਦਿਆਂ ਬਾਦਲ ਪਰਿਵਾਰ ਦੀ ਮਾਲਕੀ ਵਾਲੀ ਔਰਬਿਟ ਕੰਪਨੀ ਦੇ 33 ਤੇ ਅਕਾਲੀ ਲੀਡਰ ਹਰਦੀਪ ਸਿੰਘ ਡਿੰਪੀ ਢਿੱਲੋਂ ਦੀ ਨਿਊ ਦੀਪ ਬੱਸ ਕੰਪਨੀ ਦੇ 87 ਬੱਸ ਪਰਮਿਟ ਬਹਾਲ ਕਰ ਦਿੱਤੇ ਹਨ। ਪੰਜਾਬ ਸਰਕਾਰ ਲਈ ਇਹ ਵੱਡਾ ਝਟਕਾ ਹੈ।