(ਸਾਰਾ ਯਹਾਂ/ਵਿਨਾਇਕ ਸ਼ਰਮਾ )
ਸਥਾਨਕ ਸ਼ਹਿਰ ਦੇ ਡੀ.ਏ.ਵੀ ਸਕੂਲ ਵਿਖੇ ਪਿ੍ੰਸੀਪਲ ਸ੍ਰੀ ਵਿਨੋਦ ਰਾਣਾ ਦੀ ਰਹਿਨੁਮਾਈ ਹੇਠ ਸਕੂਲੀ ਵਿਦਿਆਰਥੀਆਂ ਵਲੋਂ ਵੱਖ-ਵੱਖ ਤਰ੍ਹਾਂ ਦੇ ਯੋਗਾ ਅਭਿਆਸ ਕਰਵਾ ਕੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ |ਅੰਤਰਰਾਸ਼ਟਰੀ ਯੋਗ ਦਿਵਸ ਮਨਾਉਣ ਦਾ ਉਦੇਸ਼ ਯੋਗ ਦੇ ਫਾਇਦਿਆਂ ਬਾਰੇ ਜਾਗਰੂਕਤਾ ਫੈਲਾਉਣਾ ਹੈ | ਇਸ ਮੁੱਖ ਉਦੇਸ਼ ਨੂੰ ਮੁੱਖ ਰੱਖਦਿਆਂ ਸਕੂਲ ਦੇ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰ ਸਾਲ 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਜਾਂਦਾ ਹੈ।ਅੰਤਰਰਾਸ਼ਟਰੀ ਯੋਗ ਦਿਵਸ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਤੋਹਫ਼ਾ ਹੈ ਕਿਉਂਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੰਯੁਕਤ ਰਾਸ਼ਟਰ ਦੀ ਬੈਠਕ ਵਿੱਚ 27 ਸਤੰਬਰ 2014 ਨੂੰ ਵਿਸ਼ਵ ਭਰ ਵਿੱਚ ਯੋਗ ਦਿਵਸ ਮਨਾਉਣ ਦਾ ਸੱਦਾ ਦਿੱਤਾ ਸੀ।11 ਦਸੰਬਰ 2014 ਨੂੰ ਇਹ ਐਲਾਨ ਕੀਤਾ ਗਿਆ ਸੀ ਕਿ ਹਰ ਸਾਲ 21 ਜੂਨ ਨੂੰ ਯੋਗ ਦਿਵਸ ਮਨਾਇਆ ਜਾਵੇਗਾ। ਅੰਤਰਰਾਸ਼ਟਰੀ ਯੋਗ ਦਿਵਸ ਵਜੋਂ ਮਨਾਇਆ ਜਾਂਦਾ ਹੈ। ਇਸ ਤੋਂ ਬਾਅਦ 21 ਜੂਨ 2015 ਨੂੰ ਅੰਤਰਰਾਸ਼ਟਰੀ ਯੋਗ ਦਿਵਸ ਮਨਾਉਣ ਦੀ ਸ਼ੁਰੂਆਤ ਕੀਤੀ ਗਈ। ਇਸ ਸਾਲ 9ਵਾਂ ਅੰਤਰਰਾਸ਼ਟਰੀ ਯੋਗ ਦਿਵਸ 2023 ਦੁਨੀਆ ਭਰ ਵਿੱਚ ਮਨਾਇਆ ਜਾ ਰਿਹਾ ਹੈ।ਇਸ ਸਾਲ ਯੋਗ ਦਿਵਸ 2023 ਦਾ ਥੀਮ ‘ਵਸੁਧੈਵ ਕੁਟੁੰਬਕਮ ਲਈ ਯੋਗ’ ਰੱਖਿਆ ਗਿਆ ਹੈ। ਵਸੁਧੈਵ ਕੁਟੁੰਬਕਮ ਦਾ ਅਰਥ ਹੈ- ਧਰਤੀ ਪਰਿਵਾਰ ਹੈ। ਇਸ ਥੀਮ ਦਾ ਉਦੇਸ਼ ਇਹ ਹੈ ਕਿ ਧਰਤੀ ਦੇ ਸਾਰੇ ਲੋਕ ਇੱਕ ਪਰਿਵਾਰ ਦੇ ਰੂਪ ਵਿੱਚ ਸਿਹਤ ਲਈ ਯੋਗਾ ਨੂੰ ਅਪਣਾਉਣ।ਸਕੂਲ ਦੇ ਯੋਗਾ ਅਧਿਆਪਕਾਂ ਨੇ ਯੋਗ ਅਭਿਆਸ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਅਤੇ ਦੱਸਿਆ ਕਿ ਸਰੀਰ ਅਤੇ ਮਨ ਦੀ ਸ਼ਾਂਤੀ ਲਈ ਯੋਗਾ ਬਹੁਤ ਜ਼ਰੂਰੀ ਹੈ। ਯੋਗਾ ਕਰਨ ਨਾਲ ਸਰੀਰ ਤੰਦਰੁਸਤ ਰਹਿੰਦਾ ਹੈ। ਇਸ ਦੇ ਨਾਲ ਹੀ ਯੋਗ ਦਾ ਮਨੁੱਖੀ ਜੀਵਨ ‘ਤੇ ਸਕਾਰਾਤਮਕ ਪ੍ਰਭਾਵ ਪੈਂਦਾ ਹੈ।ਰੋਜ਼ਾਨਾ ਯੋਗਾ ਕਰਨ ਨਾਲ ਸਰੀਰਕ ਅਤੇ ਮਾਨਸਿਕ ਰੋਗ ਦੂਰ ਰਹਿੰਦੇ ਹਨ। ਵਧਦੇ ਤਣਾਅ ਅਤੇ ਜੀਵਨਸ਼ੈਲੀ ਤੋਂ ਪੈਦਾ ਹੋਣ ਵਾਲੀਆਂ ਸਮੱਸਿਆਵਾਂ ਨੂੰ ਘੱਟ ਕਰਨ ਲਈ ਯੋਗਾ ਦੀ ਵਰਤੋਂ ਕੀਤੀ ਜਾ ਸਕਦੀ ਹੈ।