
30,ਅਪ੍ਰੈਲ (ਸਾਰਾ ਯਹਾਂ/ਬਿਊਰੋ ਨਿਊਜ਼) : ਪੰਜਾਬ ਸਰਕਾਰ ਨੇ ਖਾਲਿਸਤਾਨ ਵਿਰੋਧੀ ਮਾਰਚ ਨੂੰ ਲੈ ਕੇ ਦੋ ਧੜਿਆਂ ਦੀ ਝੜਪ ਤੋਂ ਇੱਕ ਦਿਨ ਬਾਅਦ ਸ਼ਨੀਵਾਰ ਨੂੰ ਪਟਿਆਲਾ ਜ਼ਿਲ੍ਹੇ ਵਿੱਚ ਮੋਬਾਈਲ ਇੰਟਰਨੈਟ ਅਤੇ ਐਸਐਮਐਸ ਸੇਵਾਵਾਂ ਨੂੰ ਮੁਅੱਤਲ ਕਰ ਦਿੱਤਾ ਸੀ। ਹੁਣ ਇਹ ਸੇਵਾਵਾਂ ਬਹਾਲ ਕਰ ਦਿੱਤੀਆਂ ਗਈਆਂ ਹਨ। ਸਰਕਾਰ ਨੇ ਦੋ ਧੜਿਆਂ ਵਿਚਕਾਰ ਹੋਈ ਹਿੰਸਕ ਝੜਪ ਦੇ ਸਬੰਧ ਵਿੱਚ ਤੁਰੰਤ ਪ੍ਰਭਾਵ ਨਾਲ ਪਟਿਆਲਾ ਰੇਂਜ ਦੇ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀ), ਸੀਨੀਅਰ ਪੁਲਿਸ ਕਪਤਾਨ ਅਤੇ ਪੁਲਿਸ ਸੁਪਰਡੈਂਟ, ਪਟਿਆਲਾ ਦੇ ਤਬਾਦਲੇ ਕਰ ਦਿੱਤੇ ਹਨ। ਹਾਲਾਂਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਅਧਿਕਾਰੀਆਂ ਨੇ ਹੁਣ ਦਾਅਵਾ ਕੀਤਾ ਹੈ ਕਿ ਸ਼ਹਿਰ ਵਿੱਚ ਸਥਿਤੀ ਸ਼ਾਂਤੀਪੂਰਨ ਅਤੇ ਕਾਬੂ ਹੇਠ ਹੈ। ਪਟਿਆਲਾ ਦੇ ਕਾਲੀ ਮੰਦਿਰ ਅਤੇ ਬਾਹਰ ਜਿੱਥੇ ਝੜਪਾਂ ਹੋਈਆਂ, ਉੱਥੇ ਵੱਡੀ ਗਿਣਤੀ ਵਿੱਚ ਪੁਲਿਸ ਤਾਇਨਾਤ ਕੀਤੀ ਗਈ ਹੈ, ਜਦਕਿ ਵੱਖ-ਵੱਖ ਹਿੰਦੂ ਸੰਗਠਨਾਂ ਨੇ ਇੱਥੇ ਬੰਦ ਦਾ ਐਲਾਨ ਕੀਤਾ ਹੋਇਆ ਹੈ। ਰਾਜ ਦੇ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਨੇ ਪਹਿਲਾਂ ਇੰਟਰਨੈਟ, ਐਸਐਮਐਸ ਸੇਵਾਵਾਂ ਨੂੰ ਮੁਅੱਤਲ ਕਰ ਦਿੱਤਾ ਸੀ ਪਰ ਸਥਿਤੀ ਆਮ ਵਾਂਗ ਹੋਣ ਤੋਂ ਬਾਅਦ ਇਸਨੂੰ ਬਹਾਲ ਕਰ ਦਿੱਤਾ ਗਿਆ ਸੀ।
ਪਟਿਆਲਾ ਝੜਪ ‘ਤੇ ਬੋਲੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, ਇਸ ਸਮੇਂ ਪਟਿਆਲਾ ਵਿੱਚ ਸ਼ਾਂਤੀ ਹੈ। ਸ਼ਿਵ ਸੈਨਾ, ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵਿੱਚ ਹੱਥੋਪਾਈ ਹੋ ਗਈ, ਜਿਸ ਤੋਂ ਬਾਅਦ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ ਅਤੇ ਸ਼ਾਂਤੀ ਕਮੇਟੀ ਦੀਆਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਿੱਚ ਕਾਨੂੰਨ ਵਿਵਸਥਾ ਨਾਲ ਜੁੜੀ ਇਹ ਪਹਿਲੀ ਵੱਡੀ ਘਟਨਾ ਹੈ। ਵਿਰੋਧੀ ਪਾਰਟੀਆਂ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ‘ਤੇ ਹਮਲਾ ਕਰਦੇ ਹੋਏ ਦੋਸ਼ ਲਾਇਆ ਕਿ ਸੂਬੇ ‘ਚ ਕਾਨੂੰਨ ਵਿਵਸਥਾ ਵਿਗੜ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਝੜਪ ਦੀ ਜਾਂਚ ਦੇ ਹੁਕਮ ਦਿੱਤੇ ਸਨ ਅਤੇ ਕਿਹਾ ਸੀ ਕਿ ਇਕ ਵੀ ਅਪਰਾਧੀ ਨੂੰ ਬਖਸ਼ਿਆ ਨਹੀਂ ਜਾਵੇਗਾ।
ਨਵੇਂ ਆਈਜੀ ਅਤੇ ਐਸਐਸਪੀ ਦੀ ਤਾਇਨਾਤੀ
ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੁਖਵਿੰਦਰ ਸਿੰਘ ਛੀਨਾ ਨੂੰ ਪਟਿਆਲਾ ਦਾ ਨਵਾਂ ਇੰਸਪੈਕਟਰ ਜਨਰਲ (ਆਈ.ਜੀ.-ਪਟਿਆਲਾ ਰੇਂਜ) ਨਿਯੁਕਤ ਕੀਤਾ ਗਿਆ ਹੈ, ਜਦਕਿ ਦੀਪਕ ਪਾਰੀਕ ਨੂੰ ਪਟਿਆਲਾ ਦੇ ਸੀਨੀਅਰ ਪੁਲਿਸ ਸੁਪਰਡੈਂਟ (ਐੱਸ.ਐੱਸ.ਪੀ.) ਅਤੇ ਵਜ਼ੀਰ ਸਿੰਘ ਨੂੰ ਪਟਿਆਲਾ ਦਾ ਨਵਾਂ ਐਸ.ਪੀ ਨਿਯੁਕਤ ਕੀਤਾ ਗਿਆ ਹੈ। ਰਾਕੇਸ਼ ਅਗਰਵਾਲ ਦੀ ਥਾਂ ਛੀਨਾ ਨੂੰ ਪਟਿਆਲਾ ਰੇਂਜ ਦਾ ਆਈਜੀ ਬਣਾਇਆ ਗਿਆ ਹੈ, ਜਦੋਂ ਕਿ ਨਾਨਕ ਸਿੰਘ ਦੀ ਥਾਂ ਪਾਰੀਕ ਪਟਿਆਲਾ ਦਾ ਐਸ.ਐਸ.ਪੀ.ਨਿਯੁਕਤ ਕੀਤਾ ਗਿਆ ਹੈ।
