ਨਵੀਂ ਦਿੱਲੀ 29,ਦਸੰਬਰ (ਸਾਰਾ ਯਹਾਂ/ਬਿਊਰੋ ਨਿਊਜ਼) : ਨਵੇਂ ਸਾਲ ‘ਚ ਝਾਰਖੰਡ ‘ਚ ਪੈਟਰੋਲ ਅਤੇ ਡੀਜ਼ਲ 25 ਰੁਪਏ ਸਸਤਾ ਮਿਲੇਗਾ। ਝਾਰਖੰਡ ਸੂਬੇ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਇਹ ਐਲਾਨ ਕੀਤਾ ਹੈ ਪਰ ਇਸ ਸਸਤੇ ਪੈਟਰੋਲ ਅਤੇ ਡੀਜ਼ਲ ਦਾ ਲਾਭ ਸਿਰਫ਼ ਬੀਪੀਐਲ ਕਾਰਡ ਧਾਰਕਾਂ ਨੂੰ ਹੀ ਮਿਲੇਗਾ। ਮੁੱਖ ਮੰਤਰੀ ਹੇਮੰਤ ਸੋਰੇਨ ਨੇ ਦੱਸਿਆ ਹੈ ਕਿ 26 ਜਨਵਰੀ ਤੋਂ ਝਾਰਖੰਡ ਵਿੱਚ ਬੀਪੀਐਲ ਕਾਰਡ ਧਾਰਕਾਂ ਨੂੰ ਪੈਟਰੋਲ ਅਤੇ ਡੀਜ਼ਲ 25 ਰੁਪਏ ਸਸਤਾ ਮਿਲੇਗਾ। ਦੱਸ ਦੇਈਏ ਕਿ ਝਾਰਖੰਡ ਪੈਟਰੋਲੀਅਮ ਡੀਲਰਸ ਐਸੋਸੀਏਸ਼ਨ ਵੀ ਲਗਾਤਾਰ ਪੈਟਰੋਲ ਅਤੇ ਡੀਜ਼ਲ ‘ਤੇ ਵੈਟ ਦਰਾਂ ਨੂੰ ਘਟਾਉਣ ਦੀ ਮੰਗ ਕਰ ਰਹੀ ਸੀ। ਐਸੋਸੀਏਸ਼ਨ ਸਰਕਾਰ ਤੋਂ ਪੈਟਰੋਲ ‘ਤੇ 5 ਫੀਸਦੀ ਵੈਟ ਘਟਾਉਣ ਦੀ ਮੰਗ ਕਰ ਰਹੀ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਵੈਟ ਦੀ ਦਰ 22 ਫੀਸਦੀ ਤੋਂ ਘਟਾ ਕੇ 17 ਫੀਸਦੀ ਕਰ ਦਿੰਦੀ ਹੈ ਤਾਂ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।ਐਸੋਸੀਏਸ਼ਨ ਨੇ ਕਿਹਾ ਕਿ ਗੁਆਂਢੀ ਰਾਜਾਂ ਝਾਰਖੰਡ, ਉੱਤਰ ਪ੍ਰਦੇਸ਼, ਪੱਛਮੀ ਬੰਗਾਲ, ਬਿਹਾਰ ਅਤੇ ਉੜੀਸਾ ਵਿੱਚ ਡੀਜ਼ਲ ਦੀ ਕੀਮਤ ਘੱਟ ਹੈ। ਅਜਿਹੇ ‘ਚ ਝਾਰਖੰਡ ਤੋਂ ਚੱਲਣ ਵਾਲੇ ਵਾਹਨਾਂ ਨੂੰ ਗੁਆਂਢੀ ਰਾਜਾਂ ਤੋਂ ਡੀਜ਼ਲ ਮਿਲ ਰਿਹਾ ਹੈ। ਜਿਸ ਕਾਰਨ ਉਨ੍ਹਾਂ ਨੂੰ ਨੁਕਸਾਨ ਹੋ ਰਿਹਾ ਹੈ। ਪੈਟਰੋਲੀਅਮ ਡੀਲਰਸ ਐਸੋਸੀਏਸ਼ਨ ਦੇ ਪ੍ਰਧਾਨ ਅਸ਼ੋਕ ਸਿੰਘ ਨੇ ਦੱਸਿਆ ਕਿ ਪੈਟਰੋਲੀਅਮ ਡੀਲਰਾਂ ਨੇ ਮੁੱਖ ਮੰਤਰੀ ਹੇਮੰਤ ਸੋਰੇਨ ਨੂੰ ਪੱਤਰ ਲਿਖਿਆ ਸੀ ਅਤੇ ਵਿੱਤ ਮੰਤਰੀ ਨਾਲ ਵੀ ਮੁਲਾਕਾਤ ਕੀਤੀ ਸੀ ਪਰ ਅੱਜ ਤੱਕ ਕੋਈ ਧਿਆਨ ਨਹੀਂ ਦਿੱਤਾ ਗਿਆ। ਅਸ਼ੋਕ ਨੇ ਦੱਸਿਆ ਕਿ ਉਨ੍ਹਾਂ ਵਿੱਤ ਮੰਤਰੀ ਨੂੰ ਮਿਲ ਕੇ ਇਸ ਸਬੰਧੀ ਮੰਗ ਪੱਤਰ ਸੌਂਪਿਆ ਸੀ ਪਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਗਈਆਂ। ਉਨ੍ਹਾਂ ਕਿਹਾ ਸੀ ਕਿ ਝਾਰਖੰਡ ਵਿੱਚ 1350 ਪੈਟਰੋਲ ਪੰਪ ਹਨ, ਜਿਨ੍ਹਾਂ ਨਾਲ 2.50 ਲੱਖ ਤੋਂ ਵੱਧ ਪਰਿਵਾਰਾਂ ਦੀ ਰੋਜ਼ੀ-ਰੋਟੀ ਸਿੱਧੀ ਜੁੜੀ ਹੋਈ ਹੈ। ਉੱਚ ਵੈਟ ਦਰਾਂ ਕਾਰਨ ਕਾਰੋਬਾਰ ਪ੍ਰਭਾਵਿਤ ਹੋ ਰਿਹਾ ਹੈ। ਕੇਂਦਰ ਨੇ ਘਟਾਈ ਸੀ ਐਕਸਾਈਜ਼ ਡਿਊਟੀ ਇਸ ਸਾਲ ਦੀ ਸ਼ੁਰੂਆਤ ਤੋਂ ਹੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋਇਆ ਹੈ। ਇਸ ਤੋਂ ਬਾਅਦ ਦੀਵਾਲੀ ਦੇ ਮੌਕੇ ‘ਤੇ ਕੇਂਦਰ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ‘ਤੇ ਐਕਸਾਈਜ਼ ਡਿਊਟੀ ‘ਚ ਪੰਜ ਅਤੇ ਦਸ ਰੁਪਏ ਦੀ ਕਟੌਤੀ ਕਰਕੇ ਲੋਕਾਂ ਨੂੰ ਰਾਹਤ ਦਿੱਤੀ ਸੀ। ਕੇਂਦਰ ਨੇ ਪੈਟਰੋਲ ‘ਤੇ 5 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ‘ਤੇ 10 ਰੁਪਏ ਪ੍ਰਤੀ ਲੀਟਰ ਐਕਸਾਈਜ਼ ਡਿਊਟੀ ਘਟਾ ਦਿੱਤੀ ਸੀ, ਜਿਸ ਤੋਂ ਬਾਅਦ ਦੇਸ਼ ਭਰ ‘ਚ ਤੇਲ ਦੀਆਂ ਕੀਮਤਾਂ ‘ਚ ਭਾਰੀ ਕਮੀ ਆਈ ਹੈ। ਇਸ ਦੇ ਨਾਲ ਹੀ ਕੇਂਦਰ ਦੇ ਇਸ ਫੈਸਲੇ ਤੋਂ ਬਾਅਦ ਵੱਖ-ਵੱਖ ਐਨਡੀਏ ਸ਼ਾਸਿਤ ਰਾਜਾਂ ਨੇ ਵੀ ਪੈਟਰੋਲ ਅਤੇ ਡੀਜ਼ਲ ‘ਤੇ ਵੈਟ ‘ਚ ਕਟੌਤੀ ਕੀਤੀ ਸੀ। ਬਿਹਾਰ, ਯੂਪੀ, ਤ੍ਰਿਪੁਰਾ, ਮੱਧ ਪ੍ਰਦੇਸ਼, ਹਿਮਾਚਲ ਪ੍ਰਦੇਸ਼ ਸਮੇਤ ਲਗਭਗ ਸਾਰੇ ਰਾਜਾਂ ਵਿੱਚ ਵੈਟ ਘਟਾਇਆ ਗਿਆ ਸੀ। ਇਸ ਤੋਂ ਬਾਅਦ ਕਾਂਗਰਸ ਸ਼ਾਸਿਤ ਰਾਜਾਂ- ਰਾਜਸਥਾਨ, ਪੰਜਾਬ, ਛੱਤੀਸਗੜ੍ਹ ‘ਚ ਵੀ ਤੇਲ ‘ਤੇ ਵੈਟ ਘਟਾਇਆ ਗਿਆ। ਇਸ ਦੇ ਨਾਲ ਹੀ ਹਾਲ ਹੀ ਵਿੱਚ ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਵੀ ਪੈਟਰੋਲ ਤੋਂ ਵੈਟ ਘਟਾ ਦਿੱਤਾ ਹੈ।