ਮਾਨਸਾ, 07 ਫਰਵਰੀ (ਸਾਰਾ ਯਹਾਂ/ ਮੁੱਖ ਸੰਪਾਦਕ) : ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਅਧਿਕਾਰੀਆਂ ਨੂੰ ਲੋਕਾਂ ਦੀਆਂ ਸਮੱਸਿਆਵਾਂ ਦਾ ਉਨ੍ਹਾਂ ਦੇ ਘਰਾਂ ਦੇ ਨੇੜੇ ਜਾ ਕੇ ਹੱਲ ਕਰਨ ਅਤੇ ਵਿਕਾਸ ਕਾਰਜਾਂ ਦੀ ਸਮੀਖਿਆ ਕਰਨ ਦੇ ਆਦੇਸ਼ਾਂ ਤਹਿਤ ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਵੱਲੋਂ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਉਪਕਾਰ ਸਿੰਘ ਨੂੰ ਬਲਾਕ ਭੀਖੀ ਦੀ ਜਿੰਮੇਵਾਰੀ ਸੌਂਪੀ ਗਈ ਹੈ।
ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਉਪਕਾਰ ਸਿੰਘ ਨੇ ਦੱਸਿਆ ਕਿ ਹਰ 15 ਦਿਨਾਂ ਬਾਅਦ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਨ ਅਤੇ ਉਨ੍ਹਾਂ ਦਾ ਹੱਲ ਕਰਨ ਦੇ ਮੰਤਵ ਨਾਲ ਜਨ ਸੁਣਵਾਈ ਕੈਂਪ ਦਾ ਆਯੋਜਨ ਬੀ.ਡੀ.ਪੀ.ਓ. ਦਫ਼ਤਰ ਭੀਖੀ ਵਿਖੇ ਕੀਤਾ ਜਾ ਰਿਹਾ ਹੈ, ਜਿੱਥੇ ਲਗਾਏ 4 ਕੈਂਪਾਂ ਦੌਰਾਨ ਹੁਣ ਤੱਕ ਕੁੱਲ 55 ਦਰਖ਼ਾਸਤਾਂ ਪ੍ਰਾਪਤ ਹੋਈਆਂ ਹਨ ਅਤੇ ਇੰਨ੍ਹਾਂ ਵਿਚੋਂ 36 ਦਰਖ਼ਾਸਤਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ ਅਤੇ ਬਾਕੀ ਰਹਿੰਦੀਆਂ 19 ਦਰਖ਼ਾਸਤਾਂ ਪ੍ਰਕਿਰਿਆ ਅਧੀਨ ਹਨ, ਜਿੰਨ੍ਹਾਂ ਦਾ ਸਮਾਂ ਰਹਿੰਦਿਆਂ ਨਿਪਟਾਰਾ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕੀਤੇ ਜਾ ਚੁੱਕੇ ਹਨ।
ਉਨ੍ਹਾਂ ਦੱਸਿਆ ਕਿ ਬੀ.ਡੀ.ਪੀ.ਓ. ਦਫ਼ਤਰ ਭੀਖੀ ਵਿਖੇ ਪਹਿਲਾ ਕੈਂਪ 19 ਦਸੰਬਰ, 2022 ਨੂੰ ਲਗਾਇਆ ਗਿਆ ਸੀ, ਦੂਜਾ ਕੈਂਪ 04 ਜਨਵਰੀ, 2023 ਨੂੰ, ਤੀਜਾ ਕੈਂਪ 27 ਜਨਵਰੀ ਅਤੇ ਚੌਥਾ ਕੈਂਪ 07 ਫਰਵਰੀ, 2023 ਨੂੰ ਲਗਾਇਆ ਗਿਆ ਹੈ।
ਉਨ੍ਹਾਂ ਦੱਸਿਆ ਕਿ 07 ਫਰਵਰੀ ਨੂੰ ਬੀ.ਡੀ.ਪੀ.ਓ. ਦਫ਼ਤਰ ਭੀਖੀ ਵਿਖੇ ਆਯੋਜਿਤ ਕੈਂਪ ਦੌਰਾਨ ਕੁੱਲ 05 ਦਰਖ਼ਾਸਤਾਂ ਪ੍ਰਾਪਤ ਹੋਈਆਂ ਹਨ। ਉਨ੍ਹਾਂ ਦੱਸਿਆ ਕਿ ਜਿੱਥੇ ਲੋਕਾਂ ਦੀਆਂ ਬਹੁਤੀਆਂ ਸਮੱਸਿਆਵਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਗਿਆ, ਉੱਥੇ ਹੀ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ ਗਈ। ਉਨ੍ਹਾਂ ਦੱਸਿਆ ਕਿ ਕੈਂਪਾਂ ਦੌਰਾਨ ਪ੍ਰਾਪਤ ਵੱਖ ਵੱਖ ਪੈਂਡਿੰਗ ਦਰਖ਼ਾਸਤਾਂ ਦਾ ਰੀਵਿਊ ਕਰਦਿਆਂ ਕਈ ਹੋਰ ਸਮੱਸਿਆਵਾਂ ਦੇ ਯੋਗ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ।
ਇਸ ਕੈਂਪ ਦੌਰਾਨ ਕਾਰਜਸਾਧਕ ਅਫ਼ਸਰ ਭੀਖੀ ਸ੍ਰੀ ਅਸ਼ੀਸ਼ ਕੁਮਾਰ, ਸੁਪਰਡੰਟ ਸ੍ਰੀ ਅਮਰਜੀਤ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਸਬੰਧਤ ਪਿੰਡਾਂ ਦੀਆਂ ਪੰਚਾਇਤਾਂ, ਮੋਹਤਬਰ ਵਿਅਕਤੀਆਂ ਸਮੇਤ ਆਮ ਲੋਕ ਹਾਜ਼ਰ ਸਨ।