*ਹੁਣ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਲੜਨਗੀਆਂ ਚੋਣਾਂ , ਬਲਵੀਰ ਸਿੰਘ ਰਾਜੇਵਾਲ ਹੋਣਗੇ CM ਚਿਹਰਾ*

0
113

ਚੰਡੀਗੜ੍ਹ 25,ਦਸੰਬਰ (ਸਾਰਾ ਯਹਾਂ/ਬਿਊਰੋ ਨਿਊਜ਼) : ਪੰਜਾਬ ‘ਚ ਜਿਥੇ ਇੱਕ ਪਾਸੇ ਵੱਖ -ਵੱਖ ਸਿਆਸੀ ਪਾਰਟੀਆਂ ਨੇ ਸਰਗਮੀਆਂ ਤੇਜ਼ ਕਰ ਦਿਤੀਆਂ ਹਨ, ਓਥੇ ਹੀ ਹੁਣ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਵੀ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਉਤਰਨ ਦਾ ਐਲਾਨ ਕੀਤਾ ਹੈ। ਇਸ ਦੌਰਾਨ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਅਤੇ ਹਰਮੀਤ ਸਿੰਘ ਕਾਦੀਆਂ ਨੇ ਦੱਸਿਆ ਕਿ ਉਨ੍ਹਾਂ ਦੀ ਸਿਆਸੀ ਪਾਰਟੀ ਦਾ ਨਾਂਅ ਸੰਯੁਕਤ ਸਮਾਜ ਮੋਰਚਾ ਰੱਖਿਆ ਹੈ।  ਇਸ ਦੇ ਨਾਲ ਹੀ ਕਿਸਾਨ ਆਗੂਆਂ ਨੇ ਕਿਹਾ ਕਿ ਚੋਣਾਂ ਲਈ ਮੁੱਖ ਮੰਤਰੀ ਦਾ ਚੇਹਰਾ ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ ਹੋਣਗੇ। ਇਸ ਦੇ ਨਾਲ ਹੀ ਇਸ ਸੰਯੁਕਤ ਸਮਾਜ ਮੋਰਚੇ ਵਿੱਚ 22 ਕਿਸਾਨ ਜਥੇਬੰਦੀਆਂ ਸ਼ਾਮਿਲ ਹਨ। ਕਿਸਾਨ ਆਗੂਆਂ ਨੇ ਕਿਹਾ ਪੰਜਾਬ ਦੀਆਂ ਸਾਰੀਆਂ 117 ਸੀਟਾਂ ‘ਤੇ ਚੋਣਾਂ ਲੜੀਆਂ ਜਾਣਗੀਆਂ। ਜੇਕਰ ਕੋਈ ਪੰਜਾਬ ਦੇ ਭਲੇ ਦੀ ਗੱਲ ਕਰੇਗਾ ਤਾਂ ਉਸ ਨੂੰ ਨਾਲ ਲੈ ਕੇ ਆਵਾਂਗੇ। ਓਧਰ ਸੰਯੁਕਤ ਕਿਸਾਨ ਮੋਰਚਾ (SKM ) ਨੇ ਸਪੱਸ਼ਟ ਕੀਤਾ ਹੈ ਕਿ ਉਹ ਪੰਜਾਬ ਵਿਧਾਨ ਸਭਾ ਚੋਣਾਂ ਨਹੀਂ ਲੜ ਰਹੇ ਹਨ। ਇਹ ਜਾਣਕਾਰੀ ਮੋਰਚੇ ਦੀ 9 ਮੈਂਬਰੀ ਤਾਲਮੇਲ ਕਮੇਟੀ ਦੇ ਆਗੂ ਜਗਜੀਤ ਸਿੰਘ ਡੱਲੇਵਾਲ, ਡਾ: ਦਰਸ਼ਨਪਾਲ ਨੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਜੋ ਕਿ ਦੇਸ਼ ਭਰ ਦੀਆਂ 400 ਤੋਂ ਵੱਧ ਵੱਖ-ਵੱਖ ਵਿਚਾਰਧਾਰਕ ਜਥੇਬੰਦੀਆਂ ਦਾ ਪਲੇਟਫਾਰਮ ਹੈ, ਜੋ ਕੇਵਲ ਕਿਸਾਨਾਂ ਦੇ ਮੁੱਦਿਆਂ ‘ਤੇ ਹੀ ਬਣਿਆ ਹੈ।  ਉਨ੍ਹਾਂ ਕਿਹਾ ਨਾ ਤਾਂ ਚੋਣਾਂ ਦੇ ਬਾਈਕਾਟ ਦਾ ਕੋਈ ਸੱਦਾ ਹੈ ਅਤੇ ਨਾ ਹੀ ਚੋਣਾਂ ਲੜਨ ਦੀ ਸਮਝ ਬਣੀ ਹੈ। ਉਨ੍ਹਾਂ ਕਿਹਾ ਕਿ ਇਹ ਲੋਕਾਂ ਵੱਲੋਂ ਸਰਕਾਰ ਤੋਂ ਆਪਣੇ ਹੱਕ ਲੈਣ ਲਈ ਬਣਾਇਆ ਗਿਆ ਸੀ ਅਤੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਬਾਅਦ ਸੰਘਰਸ਼ ਮੁਲਤਵੀ ਕਰ ਦਿੱਤਾ ਗਿਆ ਹੈ, ਬਾਕੀ ਮੰਗਾਂ ਬਾਰੇ 15 ਜਨਵਰੀ ਨੂੰ ਹੋਣ ਵਾਲੀ ਮੀਟਿੰਗ ਵਿੱਚ ਫੈਸਲਾ ਕੀਤਾ ਜਾਵੇਗਾ। ਕਿਸਾਨ ਆਗੂਆਂ ਨੇ ਸਪੱਸ਼ਟ ਕੀਤਾ ਕਿ 32 ਜਥੇਬੰਦੀਆਂ ਵਿੱਚ ਕ੍ਰਾਂਤੀਕਾਰੀ ਕਿਸਾਨ ਯੂਨੀਅਨ (ਡਾ: ਦਰਸ਼ਨਪਾਲ), ਬੀ.ਕੇ.ਯੂ ਕ੍ਰਾਂਤੀਕਾਰੀ (ਸੁਰਜੀਤ ਫੂਲ), ਬੀ.ਕੇ.ਯੂ ਸਿੱਧੂਪੁਰ (ਜਗਜੀਤ ਡੱਲੇਵਾਲ), ਆਜ਼ਾਦ ਕਿਸਾਨ ਕਮੇਟੀ ਦੋਆਬਾ (ਹਰਪਾਲ ਸੰਘਾ), ਜੈ ਕਿਸਾਨ ਅੰਦੋਲਨ (ਗੁਰਬਖਸ਼ ਬਰਨਾਲਾ), ਦਸੂਹਾ. ਗੰਨਾ ਸੰਘਰਸ਼ ਕਮੇਟੀ (ਸੁਖਪਾਲ ਡੱਫਰ), ਕਿਸਾਨ ਸੰਘਰਸ਼ ਕਮੇਟੀ ਪੰਜਾਬ (ਇੰਦਰਜੀਤ ਕੋਟਬੁੱਢਾ), ਲੋਕ ਭਲਾਈ ਇਨਸਾਫ ਵੈਲਫੇਅਰ ਸੁਸਾਇਟੀ (ਬਲਦੇਵ ਸਿਰਸਾ) ਅਤੇ ਕਿਰਤੀ ਕਿਸਾਨ ਯੂਨੀਅਨ ਪੰਜਾਬ (ਹਰਦੇਵ ਸੰਧੂ) ਨੇ ਚੋਣ ਲੜਨ ਵਿਰੁੱਧ ਸਪੱਸ਼ਟ ਸਟੈਂਡ ਲਿਆ ਹੈ।

NO COMMENTS