
ਚੰਡੀਗੜ੍ਹ, 11 ਮਾਰਚ(ਸਾਰਾ ਯਹਾਂ/ ਮੁੱਖ ਸੰਪਾਦਕ) : ਪੰਜਾਬ ਦੇ ਮਾਲ ਮੰਤਰੀ ਅਤੇ ਹੁਸ਼ਿਆਰਪੁਰ ਤੋਂ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਹੁਸ਼ਿਆਰਪੁਰ ‘ਚ ਬਣਨ ਵਾਲੇ ਨਵੇਂ ਮੈਡੀਕਲ ਕਾਲਜ ਲਈ ਬਜਟ ਵਿਚ 412 ਕਰੋੜ ਰੁਪਏ ਰੱਖੇ ਜਾਣ ‘ਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਧੰਨਵਾਦ ਕੀਤਾ ਹੈ। ਇਸ ਕਾਲਜ ਵਿਚ ਐਮਬੀਬੀਐਸ ਦੀਆਂ 100 ਸੀਟਾਂ ਹੋਣਗੀਆਂ। ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਐਲਾਨ ਕਰ ਚੁੱਕੇ ਹਨ ਕਿ ਹੁਸ਼ਿਆਰਪੁਰ ਵਿਚ ਬਣਨ ਵਾਲੇ ਮੈਡੀਕਲ ਕਾਲਜ ਦਾ ਨਾਂ ਸ਼ਹੀਦ ਊਧਮ ਸਿੰਘ ਦੇ ਨਾਂ ‘ਤੇ ਰੱਖਿਆ ਜਾਵੇਗਾ ਅਤੇ ਉਹ ਕਾਲਜ ਦੀ ਥਾਂ ਦਾ ਨਵੰਬਰ 2022 ‘ਚ ਨਿਰੀਖਣ ਵੀ ਕਰ ਚੁੱਕੇ ਹਨ।
ਇੱਥੋਂ ਜਾਰੀ ਬਿਆਨ ਵਿਚ ਜਿੰਪਾ ਨੇ ਕਿਹਾ ਕਿ ਦੋਆਬੇ ਦੀ ਧਰਤੀ ‘ਤੇ ਬਣਨ ਵਾਲੇ ਇਸ ਮੈਡੀਕਲ ਕਾਲਜ ਨਾਲ ਪੂਰੇ ਖੇਤਰ ਦੀ ਨੁਹਾਰ ਬਦਲੇਗੀ। ਉਨ੍ਹਾਂ ਕਿਹਾ ਕਿ ਮੈਡੀਕਲ ਸਿੱਖਿਆ ਹਾਸਲ ਕਰਨ ਦੇ ਚਾਹਵਾਨ ਵਿਿਦਆਰਥੀਆਂ ਨੂੰ ਹੁਣ ਵਿਦੇਸ਼ਾਂ ਵਿਚ ਨਹੀਂ ਜਾਣਾ ਪਵੇਗਾ ਕਿਉਂਕਿ ਇਸ ਮੈਡੀਕਲ ਕਾਲਜ ਵਿਚ ਉਨ੍ਹਾਂ ਨੂੰ ਮਿਆਰੀ ਡਾਕਟਰੀ ਸਿੱਖਿਆ ਮੁਹੱਈਆ ਕਰਵਾਈ ਜਾਵੇਗੀ। ਮੈਡੀਕਲ ਕਾਲਜ ਦਾ ਨਿਰਮਾਣ ਲਗਭਗ 23 ਏਕੜ ਰਕਬੇ ਵਿੱਚ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਮੈਡੀਕਲ ਸਿੱਖਿਆ ਅਤੇ ਸਿਹਤ ਖੇਤਰ ਦੇ ਸੁਧਾਰ ਵੱਲ ਕੋਈ ਧਿਆਨ ਨਹੀਂ ਦਿੱਤਾ ਪਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਇਸ ਪਾਸੇ ਵਿਸ਼ੇਸ਼ ਤੌਰ ਉੱਤੇ ਧਿਆਨ ਦੇ ਰਹੀ ਹੈ। ਜਿੰਪਾ ਨੇ ਕਿਹਾ ਕਿ ਸਿਹਤ, ਸਿੱਖਿਆ, ਬਿਜਲੀ ਅਤੇ ਸਾਫ਼ ਪਾਣੀ ਉਨ੍ਹਾਂ ਦੀ ਸਰਕਾਰ ਦੇ ਪ੍ਰਮੁੱਖ ਤਰਜੀਹੀ ਖੇਤਰ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਤਰਾਂ ਵਿਚ ਕੀਤੇ ਬਜਟ ਵਾਧੇ ਨਾਲ ਇਹ ਗੱਲ ਸਿੱਧ ਹੋ ਗਈ ਹੈ ਕਿ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦੇ ਸਾਰਥਕ ਤੇ ਸੁਹਿਰਦ ਯਤਨ ਕੀਤੇ ਜਾ ਰਹੇ ਹਨ।
————
