ਚੰਡੀਗੜ 12,ਮਾਰਚ (ਸਾਰਾ ਯਹਾਂ/ਬਿਊਰੋ ਨਿਊਜ਼) : ਪੰਜਾਬ ਦੇ ਹੁਸ਼ਿਆਰਪੁਰ ਜ਼ਿਲੇ ‘ਚ ਵਾਪਰੇ ਗਊ ਹੱਤਿਆ ਮਾਮਲੇ ਦੀ ਭਗਵੰਤ ਮਾਨ ਨੇ ਸਖ਼ਤ ਨਿਖੇਧੀ ਕਰਦਿਆਂ ਪੁਲੀਸ ਨੂੰ ਜਲਦੀ ਤੋਂ ਜਲਦੀ ਦੋਸ਼ੀਆਂ ਦਾ ਪਤਾ ਲਾਉਣ ਅਤੇ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।
ਇਸ ਮਾਮਲੇ ‘ਤੇ ਭਗਵੰਤ ਮਾਨ ਨੇ ਕਿਹਾ ਕਿ ‘ਆਪ’ ਦੀ ਸਰਕਾਰ ਕਿਸੇ ਵੀ ਕੀਮਤ ‘ਤੇ ਪੰਜਾਬ ਦੀ ਅਮਨ ਸ਼ਾਂਤੀ ਅਤੇ ਭਾਈਚਾਰਾ ਖ਼ਰਾਬ ਨਹੀਂ ਹੋਣ ਦੇਵੇਗੀ। ਸਮਾਜ ਵਿਰੋਧੀ ਤਾਕਤਾਂ ਵੱਲੋਂ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀਆਂ ਕੋਸ਼ਿਸ਼ਾਂ ਹੁਣ ਸਫ਼ਲ ਹੋਣ ਵਾਲੀਆਂ ਨਹੀਂ ਹਨ। ਪੰਜਾਬ ‘ਚ ਕਿਸੇ ਵੀ ਧਰਮ ਦੀ ਬੇਅਦਬੀ ਸਹਿਣ ਨਹੀਂ ਕੀਤੀ ਜਾਵੇਗੀ।
ਭਗਵੰਤ ਮਾਨ ਨੇ ਗਊ ਹੱਤਿਆ ਮਾਮਲੇ ‘ਚ ਪੁਲੀਸ ਨੂੰ ਸਖ਼ਤ ਨਿਰਦੇਸ਼ ਦਿੰਦਿਆਂ ਕਿਹਾ ਕਿ ਪੰਜਾਬ ਦੀ ਅਮਨ ਸ਼ਾਂਤੀ ਅਤੇ ਭਾਈਚਾਰਾ ਬਣਾ ਕੇ ਰੱਖਣਾ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ। ਕਿਸੇ ਵੀ ਵਿਅਕਤੀ ਦੀਆਂ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਦੀ ਛੋਟ ਨਹੀਂ ਦਿੱਤੀ ਜਾਵੇਗੀ। ਉਨਾਂ ਵਿਸ਼ਵਾਸ਼ ਦਿਵਾਇਆ ਕਿ ਸਾਰੇ ਦੋਸ਼ੀਆਂ ਨੂੰਂ ਜਲਦੀ ਗ੍ਰਿਫ਼ਤਾਰ ਕਰਕੇ ਕਾਰਵਾਈ ਕੀਤੀ ਜਾਵੇਗੀ। ਦੱਸ ਦੇਈਏ ਕਿ ਪੰਜਾਬ ਦੇ 17ਵੇਂ ਮੁੱਖ ਮੰਤਰੀ ਬਣਨ ਜਾ ਰਹੇ ਭਗਵੰਤ ਮਾਨ ਨੇ ਅੱਜ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਨਾਲ ਰਾਜ ਭਵਨ ਵਿੱਚ ਮੁਲਾਕਾਤ ਕੀਤੀ ਅਤੇ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ। ਜ਼ਿਕਰਯੋਗ ਹੈ ਕਿ ਬੀਤੇ ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ ਦੇ ਚੁਣੇ ਗਏ ਸਾਰੇ 92 ਵਿਧਾਇਕਾਂ ਨੇ ਮੋਹਾਲੀ ਵਿਖੇ ਬੈਠਕ ਕਰਕੇ ‘ਆਪ’ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨੂੰ ਸਹਿਮਤੀ ਨਾਲ ‘ਆਪ’ ਵਿਧਾਇਕ ਦਲ ਦਾ ਆਗੂ ਚੁਣਿਆ ਸੀ।