*ਹੇਮਕੁੰਟ ਸਾਹਿਬ ਲਈ ਰੋਪਵੇਅ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਣ ‘ਤੇ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਨੇ ਕੀਤਾ ਪ੍ਰਧਾਨ ਮੰਤਰੀ ਦਾ ਧੰਨਵਾਦ*

0
29

ਨਵੀਂ ਦਿੱਲੀ (ਸਾਰਾ ਯਹਾਂ/ਬਿਊਰੋ ਨਿਊਜ਼ ) : : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਲਈ ਰੋਪਵੇਅ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਣ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਹੈ ਤੇ ਕਿਹਾ ਹੈ ਕਿ ਇਸ ਪ੍ਰਾਜੈਕਟ ਨੂੰ ਲੈ ਕੇ ਦੇਸ਼ ਤੇ ਦੁਨੀਆਂ ਭਰ ਦੇ ਸਿੱਖਾਂ ਵਿਚ ਖੁਸ਼ੀ ਦੀ ਲਹਿਰ ਹੈ।

ਕਾਲਕਾ ਤੇ ਸਰਦਾਰ ਕਾਹਲੋਂ ਨੇ ਕਿਹਾ ਕਿ ਸ੍ਰੀ ਹੇਮਕੁੰਟ ਸਾਹਿਬ ਲਈ ਰੋਪਵੇਅ ਪ੍ਰਾਜੈਕਟ ਦੀ ਕਾਫੀ ਸਾਲਾਂ ਤੋਂ ਉਡੀਕ ਕੀਤੀ ਜਾ ਰਹੀ ਸੀ ਤੇ ਦਿੱਲੀ ਗੁਰਦੁਆਰਾ ਕਮੇਟੀ ਦੀ ਇਹ ਚਿਰੋਕਣੀ ਮੰਗ ਸੀ ਜੋ ਹੁਣ ਪ੍ਰਧਾਨ ਮੰਤਰੀ ਵੱਲੋਂ ਨੀਂਹ ਪੱਥਰ ਰੱਖਣ ਮਗਰੋਂ ਪੂਰੀ ਹੋਣ ਜਾ ਰਹੀ ਹੈ।

ਉਹਨਾਂ ਕਿਹਾ ਕਿ ਇਸ ਪ੍ਰਾਜੈਕਟ ਦੀ ਸ਼ੁਰੂਆਤ ਨਾਲ ਜਿਹੜੀ ਯਾਤਰਾ ਕਰਨ ਵਿਚ ਡੇਢ ਦਿਨ ਦਾ ਸਮਾਂ ਲੱਗ ਜਾਂਦਾ ਸੀ, ਉਹ ਸਿਰਫ 45 ਮਿੰਟ ਵਿਚ ਹੋ ਸਕੇਗੀ। ਉਹਨਾਂ ਕਿਹਾ ਕਿ 12.5 ਕਿਲੋਮੀਟਰ ਦੇ ਇਸ ਰੋਪਵੇਅ ਪ੍ਰਾਜੈਕਟ ’ਤੇ 1163 ਕਰੋੜ ਰੁਪਏ ਖਰਚ ਆਉਣਗੇ ਤੇ ਇਸਨੁੰ ਰਿਕਾਰਡ ਸਮੇਂ ਅੰਦਰ ਤਿਆਰ ਕਰ ਲਿਆ ਜਾਵੇਗਾ।

ਉਹਨਾਂ ਕਿਹਾ ਕਿ ਜਿਸ ਤਰੀਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਐਨ ਡੀ ਏ ਸਰਕਾਰ ਨੇ ਸਿੱਖ ਭਾਈਚਾਰੇ ਦੀ ਬਾਂਹ ਫੜੀ ਹੈ ਤੇ ਸਾਲਾਂ ਤੋਂ ਲਟਕਦੇ ਆ ਰਹੇ ਕਈ ਮਸਲੇ ਹੱਲ ਕੀਤੇ ਹਨ, ਉਸ ਨਾਲ ਸਿੱਖਾਂ ਵਿਚ ਖੁਸ਼ੀ ਦੀ ਲਹਿਰ ਹੈ। ਉਹਨਾਂ ਆਸ ਪ੍ਰਗਟ ਕੀਤੀ ਕਿ ਜਿਵੇਂ ਹੋਰ ਮਸਲੇ ਹੱਲ ਹੋਏ ਹਨ, ਉਸੇ ਤਰੀਕੇ ਬਾਕੀ ਰਹਿੰਦੇ ਮਸਲੇ ਵੀ ਜਲਦੀ ਹੱਲ ਹੋਣਗੇ।

ਕਾਲਕਾ ਤੇ ਸਰਦਾਰ ਕਾਹਲੋਂ ਨੇ ਕਿਹਾ ਕਿ ਇਸ ਤੋਂ ਪਹਿਲਾਂ 70 ਸਾਲਾਂ ਤੋਂ ਸਿੱਖ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਅਰਦਾਸ ਕਰਦੇ ਸਨ ਪਰ ਇਹ ਮੋਦੀ ਸਰਕਾਰ ਹੀ ਹੈ ਜਿਸਨੇ ਕਰਤਾਰਪੁਰ ਸਾਹਿਬ ਲਾਂਘਾ ਬਣਾਇਆ ਤੇ ਨਾਨਕ ਨਾਮ ਲੇਵਾ ਸੰਗਤ ਦੇ ਬਿਨਾਂ ਵੀਜ਼ਾ ਤੋਂ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਦਾ ਰਾਹ ਖੋਲ੍ਹਿਆ।

ਉਹਨਾਂ ਕਿਹਾ ਕਿ ਦੇਸ਼ ਵਿਦੇਸ਼ ਵਿਚ ਵਸਦੇ ਸਿੱਖ ਭਾਈਚਾਰੇ ਦੇ ਲੋਕ ਮੋਦੀ ਸਰਕਾਰ ਦੀ ਸ਼ਲਾਘਾ ਕਰ ਰਹੇ ਹਨ ਜੋ ਇਕ ਇਕ ਕਰ ਕੇ ਸਿੱਖ ਮਸਲਿਆਂ ਨੂੰ ਹੱਲ ਕਰ ਰਹੇ ਹਨ। ਉਹਨਾਂ ਕਿਹਾ ਕਿ ਸ੍ਰੀ ਹੇਮਕੁੰਟ ਸਾਹਿਬ ਰੋਪਵੇਅ ਪ੍ਰਾਜੈਕਟ ਦੇ ਮੁਕੰਮਲ ਹੋਣ ਨਾਲ ਦੁਨੀਆਂ ਭਰ ਦੇ ਸਿੱਖ ਵੱਡੀ ਗਿਣਤੀ ਵਿਚ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰ ਸਕਣਗੇ ਤੇ ਇਹ ਪ੍ਰਾਜੈਕਟ ਆਪਣੇ ਆਪ ਵਿਚ ਨਵੇਂ ਰਿਕਾਰਡ ਬਣਾਏਗਾ।

NO COMMENTS