*ਹੈਪੀ ਸੀਡਰ, ਸੁਪਰ ਸੀਡਰ ਅਤੇ ਜ਼ੀਰੋ ਟਿਲ ਡਰਿਲ ਦੀ ਵਰਤੋਂ ਨਾਲ ਕਣਕ ਦੀ ਬਿਜਾਈ ਦੇ ਪ੍ਰਦਰਸ਼ਨੀ ਪਲਾਂਟ ਲਗਾਏ*

0
6

ਮਾਨਸਾ, 20 ਨਵੰਬਰ:(ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ):
ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਤੋਂ ਡਾ. ਸੀ.ਕੇ. ਦਿਕਸ਼ਤ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ’ਚ ਕਿਸਾਨਾਂ ਨੂੰ ਖੇਤਾਂ ’ਚ ਪਰਾਲੀ ਨਾ ਸਾੜਨ ਸੰਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਖੇਤਾਂ ਵਿੱਚ ਬਿਨਾਂ ਪਰਾਲੀ ਸਾੜੇ ਤਿੰਨ ਮਸ਼ੀਨਾਂ, ਹੈਪੀ ਸੀਡਰ, ਸੁਪਰ ਸੀਡਰ ਅਤੇ ਸਰਫੇਸ ਸੀਡਰ ਦੀ ਵਰਤੋਂ ਕਰਕੇ ਕਣਕ ਦੀ ਬਿਜਾਈ ਦੇ ਪ੍ਰਦਰਸ਼ਨੀ ਪਲਾਟ ਲਗਾਏ ਜਾ ਰਹੇ ਹਨ ਅਤੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾ ਕੇ ਇਸ ਦਾ ਯੋਗ ਨਿਪਟਾਰਾ ਕਰਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ।
ਡਾ. ਦਿਕਸ਼ਤ ਨੇ ਦੱਸਿਆ ਕਿ ਪਿੰਡ ਖੋਖਰ ਕਲਾਂ ਵਿਖੇ ਸੁਪਰ ਸੀਡਰ ਨਾਲ ਪਰਾਲੀ ਦਾ ਖੇਤ ਵਿਚ ਹੀ ਪ੍ਰਬੰਧਨ ਕਰਨ ਵਾਲੇ ਕਿਸਾਨਾਂ ਨਾਲ ਗੱਲਬਾਤ ਕੀਤੀ ਗਈ ਅਤੇ ਪਿੰਡ ਠੂਠਿਆਂਵਾਲੀ ਵਿਖੇ ਹੈਪੀ ਸੀਡਰ, ਸੁਪਰ ਸੀਡਰ ਅਤੇ ਜ਼ੀਰੋ ਟਿਲ ਡਰਿੱਲ ਦੀ ਵਰਤੋਂ ਨਾਲ ਪਰਾਲੀ ਪ੍ਰਬੰਧਨ ਦਾ ਟਰਾਇਲ ਲਗਾਇਆ ਗਿਆ।
ਉਨ੍ਹਾਂ ਦੱਸਿਆ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਇਸ ਦੇ ਧੂੰਏ ਤੋਂ ਮਨੁੱਖੀ ਸਿਹਤ, ਜਾਨਵਰਾਂ ਅਤੇ ਵਾਤਾਵਰਣ ’ਤੇ ਪੈਣ ਵਾਲੇ ਬੁਰੇ ਪ੍ਰਭਾਵਾਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ, ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਹਵਾ, ਸਾਫ ਸੁਥਰੇ ਵਾਤਾਵਰਣ ਅਤੇ ਧਰਤੀ ਦੀ ਉਪਜਾਊ ਸ਼ਕਤੀ ਨੂੰ ਕਾਇਮ ਰੱਖਣ ਲਈ ਪਰਾਲੀ ਨੂੰ ਅੱਗ ਨਹੀਂ ਲਗਾਉਣੀ ਚਾਹੀਦੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਫਸਲ ਦੀ ਰਹਿੰਦ ਖੂਹੰਦ ਨੂੰ ਅੱਗ ਨਾ ਲਗਾਕੇ ਜ਼ਮੀਨ ਅੰਦਰਲੇ ਖੁਰਾਕੀ ਤੱਤ ਅਤੇ ਮਿੱਤਰ ਕੀੜਿਆਂ ਨੂੰ ਬਚਾ ਸਕਦੇ ਹਨ ਅਤੇ ਇਸ ਤੋਂ ਪੈਦਾ ਹੁੰਦੇ ਧੂੰਏ ਕਾਰਨ ਹੋਣ ਵਾਲੇ ਹਾਦਸਿਆਂ ਤੋਂ ਬਚਿਆ ਜਾ ਸਕਦਾ ਹੈ।
ਉਨ੍ਹਾਂ ਦੱਸਿਆ ਕਿ ਪਰਾਲੀ ਨੂੰ ਖੇਤ ਵਿੱਚ ਹੀ ਮਿਲਾਉਣ ਨਾਲ ਮਿੱਟੀ ਦਾ ਜੈਵਿਕ ਮਾਦਾ ਵਧਦਾ ਹੈ ਅਤੇ ਖਾਦਾਂ ਦੇ ਖਰਚੇ ਘਟਦੇ ਹਨ। ਉਨ੍ਹਾਂ ਪਿੰਡ ਭੈਣੀ ਬਾਘਾ ਦੇ ਕਿਸਾਨ ਦੇ ਖੇਤ ਦਾ ਦੌਰਾ ਕੀਤਾ ਜਿੱਥੇ ਕਿਸਾਨ ਵੱਲੋਂ ਤਵੀਆਂ ਅਤੇ ਹੋਰ ਮਸ਼ੀਨਰੀ ਨਾਲ ਪਰਾਲੀ ਦਾ ਪ੍ਰਬੰਧਨ ਕਰਦਿਆਂ ਕਣਕ ਦੀ ਬਿਜਾਈ ਕੀਤੀ ਜਾ ਰਹੀ ਸੀ।
ਖੇਤੀਬਾੜੀ ਵਿਕਾਸ ਅਫ਼ਸਰ ਮਨਦੀਪ ਸਿੰਘ, ਜਸਲੀਨ ਕੌਰ, ਖੇਤੀਬਾੜੀ ਇੰਜੀਨੀਅਰ ਕੁਲਦੀਪ ਸਿੰਘ ਤੋਂ ਇਲਾਵਾ ਕਲੱਸਟਰ ਅਫ਼ਸਰ ਮੌਜੂਦ ਸਨ।

NO COMMENTS