ਮਾਨਸਾ, 29 ਅਗਸਤ: (ਸਾਰਾ ਯਹਾਂ/ਬੀਰਬਲ ਧਾਲੀਵਾਲ):
ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੀਆਂ ਹਦਾਇਤਾਂ ’ਤੇ ਹੜ੍ਹਾਂ ਕਾਰਨ ਹੋਏ ਘਰਾਂ ਅਤੇ ਫਸਲਾਂ ਦੇ ਨੁਕਸਾਨ ਦੇ ਮੁਆਵਜ਼ੇ ਲਈ ਹੜ੍ਹ ਪੀੜਤ ਪਰਿਵਾਰਾਂ ਤੋਂ ਬੈਂਕ ਖਾਤੇ ਅਤੇ ਹੋਰ ਲੋੜੀਂਦੇ ਦਸਤਾਵੇਜ਼ ਪ੍ਰਾਪਤ ਕਰਕੇ ਅਗਲੇਰੀ ਕਾਰਵਾਈ ਕਰਨ ਹਿਤ ਵੱਖ ਵੱਖ ਪਿੰਡਾਂ ਵਿਚ ਕੈਂਪ ਲਗਾਏ ਜਾ ਰਹੇ ਹਨ। ਇਹ ਜਾਣਕਾਰੀ ਐਸ.ਡੀ.ਐਮ. ਬੁਢਲਾਡਾ ਸ੍ਰੀ ਪ੍ਰਮੋਦ ਸਿੰਗਲਾ ਨੇ ਪਿੰਡਾਂ ਵਿਚ ਲੱਗੇ ਕੈਂਪਾਂ ਵਿਚ ਸ਼ਿਰਕਤ ਕਰਨ ਮੌਕੇ ਦਿੱਤੀ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਲਈ ਵਚਨਬੱਧ ਹੈ, ਜਿਸ ਦੇ ਲਈ ਪ੍ਰਸ਼ਾਸਨਿਕ ਅਧਿਕਾਰੀ ਜੁਟੇ ਹੋਏ ਹਨ। ਉਨ੍ਹਾਂ ਦੱਸਿਆ ਕਿ ਮੁਆਵਜ਼ੇ ਲਈ ਹੜ੍ਹ ਪੀੜਤ ਲੋਕਾਂ ਪਾਸੋਂ ਉਨ੍ਹਾਂ ਦੀ ਬੈਂਕ ਖਾਤੇ ਦੀ ਜਾਣਕਾਰੀ ਇਕੱਤਰ ਕਰਨ ਵਿਚ ਮੁਸ਼ਕਿਲ ਪੇਸ਼ ਆ ਰਹੀ ਸੀ, ਜਿਸ ਕਾਰਨ ਪਿੰਡ ਪੱਧਰ ’ਤੇ ਹੀ ਤਹਿਸੀਲਦਾਰ ਅਤੇ ਪਟਵਾਰੀਆਂ ਦੀ ਰਹਿਨੁਮਾਈ ਹੇਠ ਸਬ ਡਵੀਜ਼ਨ ਬੁਢਲਾਡਾ ਦੇ ਪਿੰਡ ਰਿਓਂਦ ਕਲਾਂ, ਬੀਰੇਵਾਲਾ ਡੋਗਰਾ, ਚੱਕ ਅਲੀਸ਼ੇਰ, ਭਾਵਾ ਅਤੇ ਗੋਰਖ਼ਨਾਥ ਵਿਖੇ ਕੈਂਪਾਂ ਦਾ ਆਯੋਜਨ ਕੀਤਾ ਗਿਆ ਹੈ।
ਐਸ.ਡੀ.ਐਮ. ਸ੍ਰੀ ਪ੍ਰਮੋਦ ਸਿੰਗਲਾ ਨੇ ਦੱਸਿਆ ਕਿ ਇੰਨ੍ਹਾਂ ਕੈਂਪਾਂ ਵਿਚ ਹੜ੍ਹ ਪੀੜਤ ਲੋਕਾਂ ਨੂੰ ਮੁਆਵਜ਼ਾ ਦਿਵਾਉਣ ਲਈ ਉਨ੍ਹਾਂ ਪਾਸੋਂ ਲੋੜੀਂਦੀ ਸੂਚਨਾ ਅਤੇ ਦਸਤਾਵੇਜ਼ ਪ੍ਰਾਪਤ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਹੜ੍ਹਾਂ ਕਾਰਨ ਹੋਏ ਘਰਾਂ ਦੇ ਨੁਕਸਾਨ ਦੇ ਮੁਆਵਜ਼ੇ ਦੀ ਰਾਸ਼ੀ ਅੱਜ ਪੀੜਤ ਪਰਿਵਾਰਾਂ ਦੇ ਬੈਂਕ ਖਾਤਿਆਂ ਵਿਚ ਪਾ ਦਿੱਤੀ ਜਾਵੇਗੀ ਜਦਕਿ ਫਸਲੀ ਨੁਕਸਾਨ ਦੇ ਮੁਆਵਜ਼ੇ ਦੀ ਰਾਸ਼ੀ ਵੀ ਆਉਣ ਵਾਲੇ ਇਕ ਦੋ ਦਿਨਾਂ ਤੱਕ ਹੜ੍ਹ ਪੀੜਤ ਪਰਿਵਾਰਾਂ ਨੂੰ ਮਿਲ ਜਾਵੇਗੀ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕੀਤੀ ਜਾਵੇਗੀ। ਹਰ ਪੀੜਤ ਪਰਿਵਾਰ ਨੂੰ ਬਣਦਾ ਮੁਆਵਜ਼ਾ ਦਿਵਾਇਆ ਜਾਵੇਗਾ।