
ਬੁਢਲਾਡਾ/ਮਾਨਸਾ, 03 ਅਗਸਤ: (ਸਾਰਾ ਯਹਾਂ/ਮੁੱਖ ਸੰਪਾਦਕ):
ਹੜ੍ਹਾਂ ਨਾਲ ਹੋਏ ਨੁਕਸਾਨ ਦਾ ਸਪੈਸ਼ਲ ਗਿਰਦਾਵਰੀ ਉਪਰੰਤ ਮੁਆਵਜ਼ਾ ਦਿੱਤਾ ਜਾਵੇਗਾ। ਇੰਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਰਿਸ਼ੀਪਾਲ ਸਿੰਘ ਨੇ ਪਿੰਡ ਰਿਉਂਦ ਕਲਾਂ ਵਿਖੇ ਚੱਲ ਰਹੀ ਸਪੈਸ਼ਲ ਗਿਰਦਾਵਰੀ ਦੀ ਪ੍ਰਕਿਰਿਆ ਦਾ ਜਾਇਜ਼ਾ ਲੈਣ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਨਾਲ ਐਸ.ਡੀ.ਐਮ. ਬੁਢਲਾਡਾ ਸ੍ਰੀ ਪ੍ਰਮੋਦ ਸਿੰਗਲਾ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਐਸ.ਡੀ.ਐਮਜ਼ ਦੀ ਨਿਗਰਾਨੀ ਹੇਠ ਪ੍ਰਭਾਵਿਤ ਇਲਾਕਿਆਂ ਵਿਚ ਮਾਲ ਵਿਭਾਗ ਦੇ ਅਧਿਕਾਰੀਆਂ ਪਾਸੋਂ ਸਪੈਸ਼ਲ ਗਿਰਦਾਵਰੀ ਕਰਵਾਈ ਜਾ ਰਹੀ ਹੈ ਤਾਂ ਜੋ ਕਿਸਾਨਾਂ ਅਤੇ ਆਮ ਲੋਕਾਂ ਦੇ ਹੋਏ ਨੁਕਸਾਨ ਦਾ ਸਹੀ ਅਨੁਮਾਨ ਲਗਾਇਆ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਮੁਤਾਬਿਕ ਗਿਰਦਵਾਰੀ ਉਪਰੰਤ ਲੋਕਾਂ ਦੇ ਹੋਏ ਨੁਕਸਾਨ ਦਾ ਬਣਦਾ ਮੁਆਵਜ਼ਾ ਦਿਵਾਇਆ ਜਾਵੇਗਾ। ਉਨ੍ਹਾਂ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਗਿਰਦਾਵਰੀਆਂ ਦਾ ਕੰਮ ਇਮਾਨਦਾਰੀ ਤੇ ਪਾਰਦਰਸ਼ੀ ਢੰਗ ਨਾਲ ਕਰਵਾਇਆ ਜਾਵੇ ਤਾਂ ਜੋ ਕੋਈ ਵੀ ਹੜ੍ਹ ਪ੍ਰਭਾਵਿਤ ਵਿਅਕਤੀ ਮੁਆਵਜ਼ੇ ਤੋਂ ਵਾਂਝਾ ਨਾ ਰਹੇ।
