*ਜ਼ਿਲਾ ਮੈਜਿਸਟ੍ਰੇਟ ਵੱਲੋਂ ਪਾਬੰਦੀ ਦੇ ਹੁਕਮ ਜਾਰੀ! ਜ਼ਿਲਾ ਮਾਨਸਾ ਪ੍ਰਬੰਧਕੀ ਅਤੇ ਕਚਿਹਰੀ ਕੰਪਲੈਕਸ ਦੇ 100 ਮੀਟਰ ਦੇ ਘੇਰੇ ਅੰਦਰ ਪਾਬੰਦੀ ਦੇ ਹੁਕਮ*

0
32

ਮਾਨਸਾ, 08 ਫਰਵਰੀ  (ਸਾਰਾ ਯਹਾਂ/ ਮੁੱਖ ਸੰਪਾਦਕ ):  ਜ਼ਿਲਾ ਮੈਜਿਸਟ੍ਰੇਟ ਸ਼੍ਰੀ ਮਹਿੰਦਰ ਪਾਲ ਨੇ ਸੀ.ਆਰ.ਪੀ.ਸੀ. 1973 ਦੀ ਧਾਰਾ 144 ਦੇ ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਮਾਨਸਾ ਦੀ ਸੀਮਾ ਅੰਦਰ ਸਰਕਾਰੀ ਅਤੇ ਗੈਰ ਸਰਕਾਰੀ ਬੱਸਾਂ, ਮੈਰਿਜ ਪੈਲੇਸਾਂ, ਸ਼ਹਿਰਾਂ-ਪਿੰਡਾਂ ਵਿੱਚ ਗਾਇਕਾਂ, ਗੀਤਕਾਰਾਂ ਅਤੇ ਬੁਲਾਰਿਆਂ ਵੱਲੋਂ ਲਗਾਏ ਜਾਣ ਵਾਲੇ ਅਖਾੜੇ/ਸਟੇਜਾਂ ’ਤੇ ਹਿੰਸਾ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲੇ ਗੀਤਾਂ ਅਤੇ ਭਾਸ਼ਣਾਂ ’ਤੇ ਮੁਕੰਮਲ ਪਾਬੰਦੀ ਲਗਾਈ ਹੈ। ਉਨਾਂ ਕਿਹਾ ਕਿ ਇਨਾਂ ਗੀਤਾਂ ਨੂੰ ਸੁਣਕੇ ਆਮ ਲੋਕਾਂ ਤੋਂ ਇਲਾਵਾ ਯੁਵਾ ਪੀੜੀ ਦੇ ਲੜਕੇ ਅਤੇ ਲੜਕੀਆਂ ਦੇ ਆਚਰਣ ’ਤੇ ਭੈੜਾ ਅਸਰ ਪੈਂਦਾ ਹੈ, ਜਿਸ ਲਈ ਇਨਾਂ ਗੀਤਾਂ ਦੀ ਰੋਕਥਾਮ ਕਰਨੀ ਅਤਿ ਜ਼ਰੂਰੀ ਹੋ ਜਾਂਦੀ ਹੈ। ਜ਼ਿਲਾ ਮੈਜਿਸਟ੍ਰੇਟ ਨੇ ਇੱਕ ਹੋਰ ਹੁਕਮ ਜਾਰੀ ਕਰਦਿਆਂ ਕਿਹਾ ਕਿ ਜ਼ਿਲਾ ਮਾਨਸਾ ਵਿੱਚ ਮੈਰਿਜ ਪੈਲੇਸਾਂ ਵਿੱਚ ਲਾਇਸੰਸੀ ਅਸਲਾ ਨਾਲ ਲੈ ਕੇ ਆਉਣ ’ਤੇ ਮੁਕੰਮਲ ਪਾਬੰਦੀ ਲਗਾਈ ਜਾਂਦੀ ਹੈ। ਉਨਾਂ ਕਿਹਾ ਕਿ ਵਿਆਹ-ਸ਼ਾਦੀਆਂ ਸਮੇਂ ਮੈਰਿਜ ਪੈਲੇਸਾਂ ਵਿੱਚ ਕੁਝ ਲੋਕ ਆਪਣਾ ਲਾਇਸੰਸੀ ਅਸਲਾ ਨਾਲ ਲੈ ਕੇ ਜਾਂਦੇ ਹਨ ਅਤੇ ਸਮਾਗਮਾਂ ਵਿੱਚ ਸ਼ਰਾਬ ਆਦਿ ਪੀ ਕੇ ਲੋਕ ਦੂਸਰੇ ਵਿਅਕਤੀ ਤੋਂ ਹਥਿਆਰ ਖੋਹ ਕੇ ਸਟੇਜ ਉੱਪਰ ਭੰਗੜਾ ਪਾਉਂਦੇ ਸਮੇਂ ਫਾਇਰ ਕਰਦੇ ਹਨ ਜੋ ਪੈਲੇਸ ਵਿੱਚ ਮੌਜੂਦ ਲੋਕਾਂ ਦੀ ਜਾਨ ਦਾ ਖ਼ਤਰਾ ਬਣ ਜਾਂਦੇ ਹਨ, ਅਜਿਹੀਆਂ ਘਟਨਾਵਾਂ ਵਿੱਚ ਕਈ ਲੋਕ ਆਪਣੀ ਜਾਨ ਗੁਆ ਚੁੱਕੇ ਹਨ। ਇਸ ਲਈ ਇਸ ’ਤੇ ਪਾਬੰਦੀ ਲਗਾਉਣੀ ਜ਼ਰੂਰੀ ਹੈ। ਫੌਜ਼ਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਮੈਜਿਸਟ੍ਰੇਟ ਸ਼੍ਰੀ ਮਹਿੰਦਰ ਪਾਲ ਨੇ ਹੁਕਮ ਜਾਰੀ ਕੀਤਾ ਹੈ ਕਿ ਜ਼ਿਲਾ ਪ੍ਰਬੰਧਕੀ ਕੰਪਲੈਕਸ ਅਤੇ ਕਚਿਹਰੀ ਕੰਪਲੈਕਸ ਦੇ 100 ਮੀਟਰ ਦੇ ਘੇਰੇ ਅੰਦਰ, ਜਲੂਸ ਕੱਢਣ, ਜਲਸਾ ਕਰਨ, ਲਾਊਡ ਸਪੀਕਰ ਲਗਾ ਕੇ ਭਾਸ਼ਨ ਕਰਨ ਅਤੇ ਧਰਨੇ ’ਤੇ ਬੈਠਣ ’ਤੇ ਪਾਬੰਦੀ ਲਗਾਈ ਜਾਂਦੀ ਹੈ। ਉਪਰੋਕਤ ਤਿੰਨੋ ਹੁਕਮ 31 ਮਾਰਚ 2022 ਤੱਕ ਲਾਗੂ ਰਹਿਣਗੇ। 

NO COMMENTS