*ਜ਼ਿਲੇ ਦੇ ਵਿਕਾਸ ਲਈ ਕੀਤੇ ਜਾਣਗੇ ਹਰ ਸੰਭਵ ਉਪਰਾਲੇ-ਡੀ.ਸੀ! ਨਵ-ਨਿਯੁਕਤ ਡਿਪਟੀ ਕਮਿਸ਼ਨਰ ਨੇ ਪੱਤਰਕਾਰਾਂ ਨਾਲ ਕੀਤੀ ਪਲੇਠੀ ਮਿਲਣੀ*

0
27

ਮਾਨਸਾ: 21 ਅਪ੍ਰੈਲ (ਸਾਰਾ ਯਹਾਂ/ ਮੁੱਖ ਸੰਪਾਦਕ ) : ਜ਼ਿਲਾ ਮਾਨਸਾ ਦੇ ਵਿਕਾਸ ਲਈ ਹਰ ਸੰਭਵ ਉਪਰਾਲੇ ਕੀਤੇ ਜਾਣਗੇ ਅਤੇ ਜ਼ਿਲਾ ਵਾਸੀਆਂ ਤੱਕ ਬੁਨਿਆਦੀ ਸਹੂਲਤਾਂ ਪਹੰੁਚਾਉਣ ਲਈ ਕੋਈ ਕਸਰ ਬਾਕੀ ਨਹੀ ਛੱਡੀ ਜਾਵੇਗੀ। ਇਸ ਤੋਂ ਇਲਾਵਾ ਸੀਵਰੇਜ਼ ਦੇ ਗੰਦੇ ਪਾਣੀ ਦੀ ਸਮੱਸਿਆ ਤੋਂ ਸ਼ਹਿਰ ਵਾਸੀਆ ਨੂੰ ਨਿਜਾਤ ਦਿਵਾਉਣ ਅਤੇ ਲੋਕਾਂ ਨੂੰ ਚੰਗੀਆਂ ਸਿਹਤ ਸੇਵਾਵਾਂ ਮੁੱਹਈਆ ਕਰਵਾਉਣ ਨੂੰ ਤਰਜ਼ੀਹ ਦਿੱਤੀ ਜਾਵੇਗੀ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਨਵ-ਨਿਯੁਕਤ ਡਿਪਟੀ ਕਮਿਸ਼ਨਰ ਸ੍ਰੀ ਜਸਪ੍ਰੀਤ ਸਿੰਘ ਨੇ ਪੱਤਰਕਾਰਾਂ ਨਾਲ ਪਲੇਠੀ ਮੀਟਿੰਗ ਕਰਦਿਆਂ ਕੀਤਾ।  ਡਿਪਟੀ ਕਮਿਸ਼ਨਰ ਸ੍ਰੀ ਜਸਪ੍ਰੀਤ ਸਿੰਘ ਨੇ ਕਿਹਾ ਕਿ ਟੈ੍ਰਫਿਕ ਨਿਯਮਾਂ ਨੂੰ ਜ਼ਿਲੇ ਅੰਦਰ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ, ਤਾਂ ਜੋ ਸੜਕਾਂ ਜਾਂ ਸ਼ਹਿਰ ਦੀਆਂ ਤੰਗ ਗਲੀਆਂ, ਮੁਹੱਲਿਆ ’ਚ ਟੈ੍ਰਫਿਕ ਕਾਰਣ ਲੋਕਾਂ ਨੂੰ ਕੋਈ ਦਿੱਕਤ ਪੇਸ਼ ਨਾ ਆਵੇ। ਉਨਾਂ ਕਿਹਾ ਕਿ ਜ਼ਿਲੇ ਦੀਆਂ ਮੰਡੀਆਂ ਅੰਦਰ ਆਉਣ ਵਾਲੀ ਕਣਕ ਦੀ ਆਮਦ, ਅਦਾਇਗੀ ਅਤੇ ਲਿਫਟਿੰਗ ਦੀ ਰੋਜ਼ਾਨਾ ਪੱਧਰ ’ਤੇ ਸਮੀਖਿਆ ਕੀਤੀ ਜਾ ਰਹੀ ਹੈ, ਤਾਂ ਜੋ ਕਿਸਾਨਾਂ ਨੂੰ ਕਣਕ ਦੇ ਸੀਜ਼ਨ ਦੌਰਾਨ ਕੋਈ ਸਮੱਸਿਆ ਪੇਸ਼ ਨਾ ਆਵੇ। ਉਨਾਂ ਪੱਤਰਕਾਰ ਭਾਈਚਾਰੇ ਨਾਲ ਜ਼ਿਲੇ ਦੀਆਂ ਸਮੱਸਿਆਵਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਅਤੇ ਕਿਹਾ ਕਿ ਹਰੇਕ ਸਮੱਸਿਆ ਨੂੰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਰੀਵਿਊ ਕਰਕੇ ਹੱਲ ਕੀਤਾ ਜਾਵੇਗਾ। ਉਨਾਂ ਕਿਹਾ ਕਿ ਪ੍ਰਸ਼ਾਸਨ ਵਲੋਂ ਜ਼ਿਲਾ ਵਾਸੀਆਂ ਨੂੰ ਸੁਚਾਰੂ ਢੰਗ ਨਾਲ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਸੇਵਾਵਾਂ ਲੈਣ ਦੌਰਾਨ ਕਿਸੇ ਵੀ ਵਿਅਕਤੀ ਨੂੰ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨਾਂ ਕਿਹਾ ਕਿ ਜਿੱਥੇ ਜ਼ਿਲਾ ਪ੍ਰਸ਼ਾਸਨ ਲੋਕਾਂ ਤੱਕ ਬਿਹਤਰ ਸੁਵਿਧਾਵਾਂ ਪਹੰੁਚਾਉਣ ਦੀ ਪੂਰੀ ਕੋਸ਼ਿਸ਼ ਕਰ ਰਿਹਾ ਹੈ, ਉਥੇ ਜ਼ਿਲੇ ਦੀ ਬਿਹਤਰੀ ਲਈ ਮੀਡੀਆ ਵੀ ਆਪਣੀ ਅਹਿਮ ਭੂਮਿਕਾ ਨਿਭਾਉਂਦੇ ਹੋਏ ਪ੍ਰਸ਼ਾਸਨ ਨੂੰ ਪੂਰੀ ਫੀਡ ਬੈਕ ਦੇਵੇ, ਤਾਂ ਜੋ ਹੋਰ ਪ੍ਰਸ਼ਾਸਨਿਕ ਸੁਧਾਰ ਕੀਤੇ ਜਾ ਸਕਣ। ਉਨਾਂ ਮੀਡੀਆ ਸਾਥੀਆਂ ਨੂੰ ਜ਼ਿਲਾ ਪ੍ਰਸ਼ਾਸਨ ਵਲੋਂ ਕੀਤੇ ਜਾ ਰਹੇ ਸਾਕਰਾਤਮਕ ਕੰਮਾਂ ਦੇ ਨਾਲ-ਨਾਲ ਸੂਬਾ ਸਰਕਾਰ ਦੀਆਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਯੋਜਨਾਵਾਂ ਦਾ ਵੱਧ ਤੋਂ ਵੱਧ ਪ੍ਰਚਾਰ-ਪ੍ਰਸਾਰ ਕਰਨ ਦੀ ਅਪੀਲ ਵੀ ਕੀਤੀ, ਤਾਂ ਜੋ ਵੱਧ ਤੋਂ ਵੱਧ ਲੋਕ ਸਰਕਾਰੀ ਯੋਜਨਾਵਾਂ ਤੋਂ ਮਿਲਣ ਵਾਲੀਆਂ ਸੁਵਿਧਾਵਾਂ ਦਾ ਲਾਭ ਲੈ ਸਕਣ। 

NO COMMENTS