
ਮਾਨਸਾ 7 ਮਈ (ਸਾਰਾ ਯਹਾਂ/ ਮੁੱਖ ਸੰਪਾਦਕ ): ਕਰੋਨਾ ਦੀ ਚੌਥੀ ਲਹਿਰ ਦੇ ਮੱਦੇਨਜਰ ਅਤੇ ਕੋਰੋਨਾ ਮਹਾਂਮਾਰੀ ਤੋਂ ਲੋਕਾਂ ਦੇ ਬਚਾਅ ਲਈ ਸਿਹਤ ਮੰਤਰੀ ਪੰਜਾਬ ਡਾ. ਵਿਜੈ ਸਿੰਗਲਾ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਜ਼ਿਲੇ ਦੇ ਵੱਖ-ਵੱਖ ਸਕੂਲਾਂ ਅਤੇ ਜਨਤਕ ਥਾਵਾਂ ’ਤੇ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਮੈਗਾ ਵੈਕਸੀਨੇਸ਼ਨ ਕੈਂਪ ਲਗਾਏ ਗਏ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਕੋਰੋਨਾ ਵਾਇਰਸ ਤੋਂ ਬਚਾਅ ਲਈ ਲਗਾਈ ਜਾ ਰਹੀ ਵੈਕਸੀਨ ਪ੍ਰਤੀ ਲੋਕ ਪੂਰੀ ਤਰਾਂ ਸੁਚੇਤ ਹੋ ਚੁੱਕੇ ਹਨ ਅਤੇ ਵੱਡੀ ਗਿਣਤੀ ਵਿੱਚ ਆਪਣੀ ਅਤੇ ਆਪਣੇ ਪਰਿਵਾਰ ਦੀ ਮੁਕੰਮਲ ਵੈਕਸੀਨੇਸ਼ਨ ਕਰਵਾ ਰਹੇ ਹਨ। ਕਿਉਂਕਿ ਕੋਰੋਨਾ ਤੋਂ ਬਚਾਅ ਦਾ ਇੱਕੋ ਇੱਕ ਉਪਾਅ ਮੁਕੰਮਲ ਵੈਕਸੀਨੇਸ਼ਨ ਕਰਵਾਉਣਾ ਅਤੇ ਸਾਵਧਾਨੀਆਂ ਦਾ ਪਾਲਣ ਕਰਨਾ ਹੈ।
ਉਨਾਂ ਦੱਸਿਆ ਕਿ ਕਾਰਜਕਾਰੀ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਦੀ ਅਗਵਾਈ ਵਿੱਚ ਜ਼ਿਲੇ ਦੇ ਵੱਖ-ਵੱਖ ਸਕੂਲਾਂ ਅਤੇ ਜਨਤਕ ਥਾਵਾਂ ’ਤੇ ਲਗਾਏ ਗਏ ਮੈਗਾ ਵੈਕਸੀਨੇਸ਼ਨ ਕੈਂਪਾਂ ਵਿੱਚ 5500 ਤੋਂ ਵਧੇਰੇ ਵਿਦਿਆਰਥੀਆਂ ਅਤੇ ਆਮ ਲੋਕਾਂ ਨੇ ਆਪਣੀ ਵੈਕਸੀਨੇਸ਼ਨ ਕਰਵਾਈ।

ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਦੀ ਬਿਮਾਰੀ ਤੋਂ ਬਚਣ ਲਈ ਆਪਣਾ ਮੁਕੰਮਲ ਟੀਕਾਕਰਨ ਜ਼ਰੂਰ ਕਰਵਾਇਆ ਜਾਵੇ ਅਤੇ ਸਮੇਂ-ਸਮੇਂ ’ਤੇ ਪੰਜਾਬ ਸਰਕਾਰ ਵੱਲੋਂ ਦੱਸੀਆਂ ਜਾਂਦੀਆਂ ਸਾਵਧਾਨੀਆਂ ਜਿਵੇਂ ਮਾਸਕ ਲਗਾ ਕੇ ਰੱਖਣਾ, ਭੀੜ ਭੜੱਕੇ ਵਾਲੀ ਥਾਵਾਂ ’ਤੇ ਜਾਣ ਤੋਂ ਗੁਰੇਜ ਕਰਨਾ ਅਤੇ ਆਪਣੇ ਹੱਥਾਂ ਨੂੰ ਬਾਰ-ਬਾਰ ਸਾਬਨ ਜਾਂ ਸੈਨੇਟਾਈਜ਼ਰ ਨਾਲ ਸਾਫ਼ ਰੱਖਣਾ ਦੀ ਪਾਲਣਾ ਯਕੀਨੀ ਬਣਾਈ ਜਾਵੇ।

