ਜ਼ਿਲ੍ਹਾ ਅਤੇ ਸਬ-ਡਵੀਜ਼ਨ ਹਸਪਤਾਲਾਂ ਵਿੱਚ ਖੁੱਲਣਗੇ ਵਾਕ-ਇੰਨ ਟੈਸਟਿੰਗ ਕਾਰਨਰ : ਮਾਨਸਾ ਡੀ.ਸੀ

0
49

ਮਾਨਸਾ, 05 ਸਤੰਬਰ(ਸਾਰਾ ਯਹਾ, ਬਲਜੀਤ ਸ਼ਰਮਾ)  : ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਏ ਗਏ ਮਿਸ਼ਨ ਫ਼ਤਿਹ ਤਹਿਤ ਕੋਰੋਨਾ ਵਾਇਰਸ ਦੀ ਬਿਮਾਰੀ ਨੂੰ ਸੂਬੇ ਵਿੱਚੋਂ ਖ਼ਤਮ ਕਰਨ ਲਈ ਅਤੇ ਲੋਕਾਂ ਦੀ ਸਹੂਲਤ ਨੂੰ ਮੱਦੇਨਜ਼ਰ ਰੱਖਦਿਆਂ ਹੁਣ ਜ਼ਿਲ੍ਹਿਆਂ ਦੇ ਹਸਪਤਾਲਾਂ ਵਿੱਚ ਵਾਕ-ਇੰਨ ਟੈਸਟਿੰਗ ਕਾਰਨਰ ਸਥਾਪਤ ਕੀਤੇ ਜਾ ਰਹੇ ਹਨ, ਜਿੱਥੇ ਲੋਕ ਖੁਦ ਆ ਕੇ ਆਪਣਾ ਕੋਰੋਨਾ ਦਾ ਟੈਸਟ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਹ ਟੈਸਟਿੰਗ ਕਾਰਨਰ ਜ਼ਿਲ੍ਹਾ ਹਸਪਤਾਲ ਅਤੇ ਸਬ-ਡਵੀਜ਼ਨ ਹਸਪਤਾਲਾਂ ਅੰਦਰ ਖੋਲ੍ਹੇ ਜਾਣਗੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਟੈਸਟਿੰਗ ਕੋਰਨਰ ‘ਤੇ ਕੋਰੋਨਾ ਜਾਂਚ ਦੌਰਾਨ ਜੇਕਰ ਕੋਈ ਵਿਅਕਤੀ ਕੋਰੋਨਾ ਪਾਜ਼ਿਟਿਵ ਆ ਜਾਂਦਾ ਹੈ ਅਤੇ ਉਸਨੂੰ ਕੋਈ ਵੀ ਲੱਛਣ ਨਹੀਂ ਹੈ ਜਾਂ ਬਹੁਤ ਘੱਟ ਲੱਛਣ ਹਨ ਅਤੇ ਉਸਨੂੰ ਕੋਈ ਹੋਰ ਗੰਭੀਰ ਬਿਮਾਰੀ ਨਹੀਂ ਹੈ, ਤਾਂ ਉਸਨੂੰ ਘਰ ਵਿੱਚ ਇਕਾਂਤਵਾਸ ਹੋ ਕੇ ਰਹਿਣ ਦੀ ਸਹੂਲਤ ਵੀ ਸਰਕਾਰ ਵੱਲੋਂ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਕੋਰੋਨਾ ਪੀੜਤ ਵਿਅਕਤੀ ਨੂੰ ਲਿਖਤੀ ਰੂਪ ਵਿੱਚ ਘਰ ਵਿੱਚ ਇਕਾਂਤਵਾਸ ਹੋਣ ਸਬੰਧੀ ਸਿਹਤ ਵਿਭਾਗ ਨੂੰ ਅੰਡਰਟੇਕਿੰਗ ਦੇਣੀ ਹੋਵੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਾਕ-ਇੰਨ ਟੈਸਟਿੰਗ ਕਾਰਨਰਾਂ ‘ਤੇ ਅੰਡਰਟੇਕਿੰਗ ਫਾਰਮ ਭਰਨ ਵਿੱਚ ਮਦਦ ਕਰਨ ਲਈ ਅਤੇ ਉਸਦਾ ਰਿਕਾਰਡ ਸੰਭਾਲ ਕੇ ਰੱਖਣ ਲਈ ਸਿਹਤ ਸਟਾਫ਼ ਵੀ ਤਾਇਨਾਤ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਕੋਰੋਨਾ ਪੀੜਤ ਵਿਅਕਤੀ ਨੂੰ ਕੋਈ ਹੋਰ ਬਿਮਾਰੀ ਹੈ ਅਤੇ ਉਹ ਕੰਟਰੋਲ ਵਿੱਚ ਹੈ ਤਾਂ ਉਹ ਵੀ ਘਰ ਵਿੱਚ ਇਕਾਂਤਵਾਸ ਹੋਣ ਦੀ ਸਹੂਲਤ ਲੈ ਸਕਦਾ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀ ਟੀਮ ਘਰ ਵਿੱਚ ਇਕਾਂਤਵਾਸ ਮਰੀਜ਼ਾਂ ਦੇ ਕੋਲ ਜਾ ਕੇ ਉਨ੍ਹਾਂ ਦੀ ਸਿਹਤ ਸਬੰਧੀ ਜਾਂਚ ਕਰਦੀ ਰਹੇਗੀ ਅਤੇ ਜੇਕਰ ਕਿਸੇ ਮਰੀਜ਼ ਦੀ ਸਿਹਤ ਜ਼ਿਆਦਾ ਖਰਾਬ ਹੁੰਦੀ ਹੈ ਤਾਂ ਉਸਨੂੰ ਮੁੱਢਲੀ ਸਿਹਤ ਸਹਾਇਤਾ ਪ੍ਰਦਾਨ ਕਰੇਗੀ।ਉਨ੍ਹਾਂ ਦੱਸਿਆ ਕਿ ਘਰ ਵਿੱਚ ਇਕਾਂਤਵਾਸ ਹੋਏ ਮਰੀਜ਼ ਨੂੰ ਸਰਕਾਰ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਅਮਲ ਵਿੱਚ ਲਿਆਂਦੀ ਜਾਣੀ ਲਾਜ਼ਮੀ ਹੈ।

NO COMMENTS