ਮਾਨਸਾ, 18,ਫਰਵਰੀ (ਸਾਰਾ ਯਹਾ /ਜੋਨੀ ਜਿੰਦਲ) : ਭਾਰਤੀ ਉਪ ਮਹਾਂਦੀਪ ਵਿੱਚ ਸਦੀਆਂ ਤੋਂ ਲੈ ਕੇ ਔਰਤ ਦੁਜੈਲਾ ਸਥਿਤੀ ਭੋਗ ਰਹੀ ਹੈ, ਇਸ ਪਿੱਛੇ ਰੂੜੀਵਾਦੀ ਮਾਨਸਿਕਤਾ ਕੰਮ ਕਰਦੀ ਹੈ ਪਰ ਅਜੋਕੇ ਦੌਰ ਵਿੱਚ ਔਰਤਾਂ ਦੀ ਸੁਰੱਖਿਆ ਅਤੇ ਅਧਿਕਾਰਾਂ ਦੀਆਂ ਬਹੁਤ ਸਾਰੀਆਂ ਵਿਵਸਥਾਵਾਂ ਮੌਜੂਦ ਹਨ। ਇਨ੍ਹਾਂ ਵਿਵਸਥਾਵਾਂ ਦਾ ਫਾਇਦਾ ਉਠਾ ਕੇ ਔਰਤਾਂ ਆਪਣੇ ਲਈ ਸੁਰੱਖਿਅਤ ਵਾਤਾਵਰਨ ਸਿਰਜ ਸਕਦੀਆਂ ਹਨ ਪਰ ਪਹਿਲਾਂ ਔਰਤਾਂ ਨੂੰ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕਤਾ ਹਾਸਲ ਕਰਨੀ ਹੋਵੇਗੀ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਚੀਫ-ਜ਼ੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਾਨਸਾ ਸ਼੍ਰੀ ਅਮਨਦੀਪ ਸਿੰਘ ਨੇ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਮਾਨਸਾ ਵਿਖੇ ਇੱਕ ਸੈਮੀਨਾਰ ਦੌਰਾਨ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਬੋਲਦਿਆਂ ਅਥਾਰਟੀ ਦੇ ਜ਼ਿਲ੍ਹਾ ਨੋਡਲ ਅਫਸਰ ਐਡਵੋਕੇਟ ਬਲਵੰਤ ਭਾਟੀਆ ਨੇ ਮੁਫਤ ਕਾਨੂੰਨੀ ਸੇਵਾਵਾਂ ਦੇ ਵੱਖ-ਵੱਖ ਪਸਾਰਾਂ ਬਾਰੇ ਗੱਲ ਕੀਤੀ ਅਤੇ ਕਿਹਾ ਕਿ ਅਨੁਸੂਚਿਤ ਜਾਤੀ ਦੇ ਲੋਕ, ਔਰਤਾਂ, ਬੱਚੇ, ਹਿਰਾਸਤੀ, ਕੈਦੀ, ਮਜ਼ਦੂਰ, ਅਪੰਗ, ਮਾਨਸਿਕ ਤੌਰ ’ਤੇ ਪ੍ਰੇਸ਼ਾਨ, ਕੁਦਰਤੀ ਆਫਤਾਂ ਤੋਂ ਪੀੜਤ ਅਤੇ ਤਿੰਨ ਲੱਖ ਤੋਂ ਘੱਟ ਆਮਦਨ ਵਾਲੇ ਲੋਕਾਂ ਲਈ ਮੁਫਤ ਸਲਾਹ, ਮੁਫਤ ਵਕੀਲ ਅਤੇ ਮੁਫਤ ਕਾਨੂੰਨੀ ਖਰਚੇ ਦੀ ਵਿਵਸਥਾ ਹੋਣ ਦੇ ਬਾਵਜੂਦ ਦੇਸ਼ ਅੰਦਰ ਸਿਰਫ 0.6 ਫੀਸਦੀ ਲੋਕ ਹੀ ਇਸ ਦਾ ਲਾਭ ਉਠਾ ਰਹੇ ਹਨ ਜਦੋਂ ਕਿ ਅਜਿਹੇ ਲੋਕਾਂ ਦੀ ਗਿਣਤੀ ਦੇਸ਼ ਦੀ ਆਬਾਦੀ ਦਾ 75 ਫੀਸਦੀ ਤੋਂ ਵੱਧ ਬਣਦੀ ਹੈ। ਉਨ੍ਹਾਂ ਕਾਲਜ ਅਧਿਆਪਕਾਂ ਅਤੇ ਵਿਦਿਆਰਥਣਾਂ ਨੂੰ ਸੱਦਾ ਦਿੱਤਾ ਕਿ ਉਹ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਸਕੀਮਾਂ ਬਾਰੇ ਵੱਧ ਤੋਂ ਵੱਧ ਜਾਣਕਾਰੀ ਹਾਸਿਲ ਕਰਨ ਅਤੇ ਇਸ ਜਾਣਕਾਰੀ ਨੂੰ ਆਮ ਲੋਕਾਂ ਤੱਕ ਪਹੁੰਚਦਾ ਕਰਨ ਤਾਂ ਜੋ ਸਾਰਥਕ ਟੀਚਿਆਂ ਦੀ ਪ੍ਰਾਪਤੀ ਕੀਤੀ ਜਾ ਸਕੇ। ਕਾਲਜ ਪ੍ਰਿੰਸੀਪਲ ਡਾ. ਬਰਿੰਦਰ ਕੌਰ ਨੇ ਅਥਾਰਟੀ ਦੇ ਕਾਰਜਾਂ ਦੀ ਸ਼ਲਾਘਾ ਕੀਤੀ ਅਤੇ ਭਰੋਸਾ ਦਿਵਾਇਆ ਕਿ ਲੋੜਵੰਦ ਲੋਕਾਂ ਦੀਆਂ ਕਾਨੂੰਨੀ ਲੋੜਾਂ ਦੀ ਪੂਰਤੀ ਲਈ ਉਨ੍ਹਾਂ ਦਾ ਕਾਲਜ ਸਟਾਫ ਅਤੇ ਵਿਦਿਆਰਥੀ ਹਮੇਸ਼ਾ ਹੀ ਮੁਹਰਲੀ ਕਤਾਰ ਵਿੱਚ ਰਹਿਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰੋ. ਬਲਮ ਲੀਂਬਾ, ਪ੍ਰੋ. ਜਸਪਾਲ ਸਿੰਘ, ਰਾਮ ਕ੍ਰਿਸ਼ਨ ਮਨਦੀਪ ਕੌਰ, ਪੁਸ਼ਪਿੰਦਰ ਕੌਰ, ਹਰਪ੍ਰੀਤ ਕੌਰ ਅਤੇ ਬੂਟਾ ਸਿੰਘ ਮੌਜੂਦ ਸਨ।