
ਮਾਨਸਾ, 5 ਦਸੰਬਰ (ਸਾਰਾ ਯਹਾਂ/ ਮੁੱਖ ਸੰਪਾਦਕ ) : ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਮਾਨਸਾ ਮਿਸ ਨਵਜੋਤ ਕੌਰ ਅਤੇ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਿਸ ਸ਼ਿਲਪਾ ਵੱਲੋਂ ਜ਼ਿਲ੍ਹਾ ਜੇਲ੍ਹ ਮਾਨਸਾ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਵੱਖ-ਵੱਖ ਕੈਦੀਆਂ ਤੇ ਹਵਾਲਾਤੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਕਾਫੀ ਮੁਸ਼ਕਿਲਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ।
ਉਨ੍ਹਾਂ ਔਰਤ ਕੈਦੀਆਂ ਦੇ ਬੈਰਕ ਵਿੱਚ ਪਹੁੰਚ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਜ਼ਿਲ੍ਹਾ ਜੇਲ੍ਹ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਤੁਰੰਤ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ। ਉਨ੍ਹਾਂ ਜੇਲ੍ਹ ਅਧਿਕਾਰੀਆਂ ਨੂੰ ਜੇਲ੍ਹ ਵਿਚ ਸਫ਼ਾਈ ਦਾ ਵੀ ਖਾਸ ਧਿਆਨ ਰੱਖਣ ਲਈ ਕਿਹਾ। ਉਨ੍ਹਾਂ ਹਵਾਲਾਤੀਆਂ ਅਤੇ ਕੈਦੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਆਪਣੀ ਸਿਹਤ ਸਬੰਧੀ ਪੂਰੀ ਤਰ੍ਹਾਂ ਸੁਚੇਤ ਰਹਿਣ।
ਇਸ ਮੌਕੇ ਜੇਲ੍ਹ ਸੁਪਰਡੈਂਟ ਸ਼੍ਰੀ ਅਰਵਿੰਦਰਪਾਲ ਸਿੰਘ ਭੱਟੀ, ਡਿਪਟੀ ਸੁਪਰਡੈਂਟ ਸ਼੍ਰੀ ਨਰਪਿੰਦਰ ਸਿੰਘ ਅਤੇ ਸ਼੍ਰੀ ਕੁਲਜੀਤ ਸਿੰਘ ਸਹਾਇਕ ਸੁਪਰਡੈਂਟ ਜ਼ਿਲ੍ਹਾ ਜੇਲ੍ਹ ਮਾਨਸਾ ਮੌਜੂਦ ਸਨ।
