
ਮਾਨਸਾ, 05 ਮਈ (ਸਾਰਾ ਯਹਾਂ/ ਮੁੱਖ ਸੰਪਾਦਕ) : ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਮੂਹ ਬਿਜਲੀ ਖਪਤਕਾਰਾਂ ਨੂੰ 300 ਯੂਨਿਟ ਪ੍ਰਤੀ ਮਹੀਨਾਂ ਮੁਫ਼ਤ ਬਿਜਲੀ ਦੇਣ ਦਾ ਵਾਅਦਾ ਨਿਭਾਇਆ ਜਾ ਰਿਹਾ ਹੈ। ਰਾਜ ਸਰਕਾਰ ਦੀ 300 ਯੂਨਿਟ ਮੁਫ਼ਤ ਬਿਜਲੀ ਸਹੂਲਤ ਦਾ ਸਮਾਜ ਦੇ ਹਰ ਵਰਗ ਨੂੰ ਬਿਨ੍ਹਾਂ ਕਿਸੇ ਭੇਦ-ਭਾਵ ਲਾਭ ਪਹੁੰਚ ਰਿਹਾ ਹੈ। ਇਹ ਫੈਸਲਾ ਲਾਗੂ ਹੋਣ ਤੋਂ ਹੁਣ ਤੱਕ ਜ਼ਿਲ੍ਹਾ ਮਾਨਸਾ ਦੇ 690042 ਘਰੇਲੂ ਖ਼ਪਤਕਾਰਾਂ ਵਿਚੋਂ 521907 ਖ਼ਪਤਕਾਰਾਂ ਦੇ ਜ਼ੀਰੋ ਬਿੱਲ ਆਏ ਹਨ ਜੋ ਕਿ ਕੁੱਲ ਖ਼ਪਤਕਾਰਾਂ ਦਾ 75 ਫ਼ੀਸਦੀ ਬਣਦਾ ਹੈ। ਇਹ ਜਾਣਕਾਰੀ ਹਲਕਾ ਵਿਧਾਇਕ ਬੁਢਲਾਡਾ ਪਿ੍ਰੰਸੀਪਲ ਬੁੱਧ ਰਾਮ ਨੇ ਦਿੱਤੀ।
ਵਿਧਾਇਕ ਬੁੱਧ ਰਾਮ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਤੋਂ ਪਹਿਲਾਂ ਸੂਬਾ ਵਾਸੀਆਂ ਨੂੰ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਸਹੂਲਤ ਦੇਣ ਦੀ ਗਾਰੰਟੀ ਦਿੱਤੀ ਸੀ ਅਤੇ ਸਰਕਾਰ ਬਣਦਿਆਂ ਹੀ ਇਸ ਗਰੰਟੀ ਨੂੰ ਪੂਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ 300 ਯੂਨਿਟ ਮੁਫ਼ਤ ਬਿਜਲੀ ਦੀ ਸਹੂਲਤ ਹਰ ਕਿਸੇ ਧਰਮ, ਜਾਤ, ਵਰਗ ਤੋਂ ਉੱਪਰ ਉੱਠ ਕੇ ਸਾਰਿਆਂ ਨੂੰ ਦਿੱਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਬਿਜਲੀ ਦੇ ਜ਼ੀਰੋ ਬਿੱਲਾਂ ਵਿਚ ਮਾਨਸਾ ਸ਼ਹਿਰ ਦੇ 45556 ਅਰਧ ਸ਼ਹਿਰੀ ਮਾਨਸਾ ਦੇ 108985 ਸਰਦੂਲਗੜ੍ਹ ਦੇ 56758 ਜੋਗਾ ਦੇ 38854 ਝੁਨੀਰ ਦੇ 48876 ਭੀਖੀ ਦੇ 40876 ਬੁਢਲਾਡਾ ਦੇ 84720 ਬੋਹਾ ਦੇ 37193 ਅਤੇ ਬਰੇਟਾ ਦੇ 60089 ਖ਼ਪਤਕਾਰਾਂ ਨੂੰ ਜ਼ੀਰੋ ਬਿੱਲ ਪ੍ਰਾਪਤ ਹੋਏ ਹਨ।
ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਰਵਾਇਤੀ ਪਾਰਟੀਆਂ ਦੀਆਂ ਸਰਕਾਰਾਂ ਵੇਲੇ ਬਿਜਲੀ ਦੇ ਬਿੱਲ ਆਮ ਲੋਕਾਂ ਉੱਪਰ ਵੱਡਾ ਬੋਝ ਸਨ ਅਤੇ ਬਹੁਤ ਸਾਰੇ ਗਰੀਬ ਅਤੇ ਮੱਧ ਵਰਗੀ ਪਰਿਵਾਰਾਂ ਵੱਲੋਂ ਵੱਡੇ-ਵੱਡੇ ਬਿਜਲੀ ਬਿੱਲ ਭਰਨੇ ਉਨ੍ਹਾਂ ਦੇ ਵੱਸ ਵਿੱਚ ਨਹੀਂ ਸੀ। ਉਨ੍ਹਾਂ ਕਿਹਾ ਕਿ ਹੁਣ ਬਿਜਲੀ ਦਾ ਜ਼ੀਰੋ ਬਿੱਲ ਆਉਣ ਕਾਰਨ ਲੋਕ ਓਹੀ ਹਜ਼ਾਰਾਂ ਰੁਪਏ ਆਪਣੇ ਪਰਿਵਾਰ ਦੀ ਬਿਹਤਰੀ, ਬੱਚਿਆਂ ਦੀ ਪੜ੍ਹਾਈ ਆਦਿ ਉੱਪਰ ਖਰਚ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਸਰਕਾਰ ਨੂੰ ਆਮ ਲੋਕਾਂ ਦਾ ਪੂਰੀ ਤਰ੍ਹਾਂ ਖਿਆਲ ਹੈ।
