ਮਾਨਸਾ, 11 ਅਪ੍ਰੈਲ(ਸਾਰਾ ਯਹਾ, ਬਲਜੀਤ ਸ਼ਰਮਾ) : ਜ਼ਿਲ੍ਹਾ ਮੈਜਿਸਟ੍ਰੇਟ ਮਾਨਸਾ ਸ਼੍ਰੀ ਗੁਰਪਾਲ ਸਿੰਘ ਚਹਿਲ ਨੇ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਅੰਦਰ ਕਣਕ ਦੀ ਫਸਲ ਅਤੇ ਰਹਿੰਦ-ਖੂੰਹਦ ਅਤੇ ਨਾੜ੍ਹ ਨੂੰ ਅੱਗ ਲਗਾਉਣ ‘ਤੇ ਪੂਰਣ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਕਿਸਾਨਾਂ ਵੱਲੋਂ ਹਾੜੀ 2020 ਦੌਰਾਨ ਕਣਕ ਦੀ ਕਟਾਈ ਜਲਦੀ ਸ਼ੁਰੂ ਕੀਤੀ ਜਾਣੀ ਹੈ। ਉਨ੍ਹਾਂ ਦੱਸਿਆ ਕਿ ਵੇਖਣ ਵਿੱਚ ਆਇਆ ਹੈ ਕਿ ਕਣਕ ਦੀ ਫਸਲ ਕੱਟਣ ਉਪਰੰਤ ਫਸਲ ਦੀ ਰਹਿੰਦ-ਖੂੰਹਦ ਅਤੇ ਨਾੜ੍ਹ ਨੂੰ ਸਬੰਧਤ ਮਾਲਕਾਂ ਵੱਲੋਂ ਅੱਗ ਦਿੱਤੀ ਜਾਂਦੀ ਹੈ ਜਿਸ ਨਾਲ ਨੁਕਸਾਨ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ ਅਤੇ ਹਵਾ ਵਿੱਚ ਧੂੰਏ ਨਾਲ ਬਹੁਤ ਪ੍ਰਦੂਸ਼ਣ ਫੈਲਦਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਜਿੱਥੇ ਸਾਹ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ, ਉਥੇ ਜ਼ਮੀਨ ਦੀ ਉਪਜਾਊ ਸ਼ਕਤੀ ਘੱਟਦੀ ਹੈ।
ਸ਼੍ਰੀ ਗੁਰਪਾਲ ਸਿੰਘ ਚਹਿਲ ਨੇ ਦੱਸਿਆ ਕਿ ਅਜਿਹਾ ਕਰਨ ਨਾਲ ਆਲੇ ਦੁਆਲੇ ਖੜ੍ਹੀ ਫਸਲ ਜਾਂ ਪਿੰਡ ਵਿੱਚ ਵੀ ਅੱਗ ਲੱਗਣ ਦਾ ਡਰ ਰਹਿੰਦਾ ਹੈ, ਜਿਸ ਨਾਲ ਵੱਡੇ ਹਾਦਸੇ ਵੀ ਵਾਪਰ ਸਕਦੇ ਹਨ ਅਤੇ ਜਾਨੀ ਮਾਲੀ ਨੁਕਸਾਨ ਹੋਣ ਦਾ ਖ਼ਤਰਾ ਵੀ ਹੁੰਦਾ ਜਿਸ ਨਾਲ ਅਮਨ-ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣਾ ਵੀ ਔਖਾ ਹੋ ਸਕਦਾ। ਉਨ੍ਹਾਂ ਦੱਸਿਆ ਕਿ ਇਸ ਨਾਲ ਭਾਵੇਂ ਨੁਕਸਾਨ ਕਿਸਾਨਾਂ ਨੂੰ ਹੁੰਦਾ ਹੈ ਪਰ ਇਸ ਦਾ ਅਸਿੱਧੇ ਤੌਰ ‘ਤੇ ਅਸਰ ਦੇਸ਼ ਦੇ ਉਤਪਾਦਨ ‘ਤੇ ਵੀ ਪੈਂਦਾ ਹੈ।
ਉਨ੍ਹਾਂ ਦੱਸਿਆ ਕਿ ਉਕਤ ਹੁਕਮ 31 ਮਈ 2020 ਤੱਕ ਲਾਗੂ ਰਹਿਣਗੇ।