ਮਾਨਸਾ, 03 ਸਤੰਬਰ (ਸਾਰਾ ਯਹਾ, ਬਲਜੀਤ ਸ਼ਰਮਾ) : ਨੋਵਲ ਕੋਰੋਨਾ ਵਾਇਰਸ (ਕੋਵਿਡ-19) ਦੇ ਪ੍ਰਭਾਵ ਨੂੰ ਘਟਾਉਣ ਲਈ ਜਾਂ ਇਸ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਸਮਾਂ ਰਹਿੰਦਿਆਂ ਹੀ ਕੋਰੋਨਾ ਪਾਜ਼ਿਟਿਵ ਵਿਅਕਤੀਆਂ ਬਾਰੇ ਪਤਾ ਲਗਾਉਣ ਲਈ ਵੱਧ ਤੋਂ ਵੱਧ ਸੈਂਪਲਿੰਗ ਕੀਤੀ ਜਾਣੀ ਬਹੁਤ ਜ਼ਰੂਰੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਅੱਜ ਜ਼ਿਲ੍ਹੇ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੀਤਾ।
ਇਸ ਮੌਕੇ ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਨੂੰ ਕੋਰੋਨਾ ਟੈਸਟ ਕਰਵਾਉਣ ਲਈ ਪ੍ਰੇਰਿਤ ਕੀਤਾ ਜਾਵੇ ਅਤੇ ਵੱਧ ਤੋਂ ਵੱਧ ਲੋਕਾਂ ਦੇ ਕੋਰੋਨਾ ਦੇ ਜਾਂਚ ਸੈਂਪਲ ਇੱਕਤਰ ਕੀਤੇ ਜਾਣ, ਤਾਂ ਜੋ ਇਸ ਬਿਮਾਰੀ ਨਾਲ ਪੀੜਤ ਵਿਅਕਤੀ ਸਮਾਜ ਵਿੱਚ ਵਿਚਰ ਕੇ ਹੋਰਨਾਂ ਵਿਅਕਤੀਆਂ ਨੂੰ ਇਸ ਬਿਮਾਰੀ ਦੀ ਲਾਗ ਨਾ ਲਗਾ ਸਕੇ। ਉਨ੍ਹਾਂ ਸੀਨੀਅਰ ਮੈਡੀਕਲ ਅਧਿਕਾਰੀ ਨੂੰ ਹਦਾਇਤ ਕੀਤੀ ਕਿ ਸਿਵਲ ਹਸਪਤਾਲ ਵਿੱਖੇ ਵੀ ਵੱਧ ਤੋਂ ਵੱਧ ਸੈਂਪਲ ਇੱਕਤਰ ਕੀਤੇ ਜਾਣ।
ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਜ਼ਿਲ੍ਹਾ ਵਾਸੀ ਕੋਰੋਨਾ ਜਾਂਚ ਕਰਵਾਉਣ ਤੋਂ ਗੁਰੇਜ਼ ਨਾ ਕਰਨ ਕਿਉਂਕਿ ਇਸ ਵਿੱਚ ਕਿਸੇ ਵਿਅਕਤੀ ਵਿਸ਼ੇਸ਼ ਦਾ ਨਹੀਂ ਬਲਕਿ ਪੂਰੇ ਸਮਾਜ ਦਾ ਫਾਇਦਾ ਹੈ।ਉਨ੍ਹਾਂ ਨਾਲ ਹੀ ਕਿਹਾ ਕਿ ਫਿਲਹਾਲ ਦੀ ਘੜੀ ਇਸ ਵਾਇਰਸ ਦਾ ਇਲਾਜ਼ ਸਿਰਫ਼ ਸਿਹਤ ਸਾਵਧਾਨੀਆਂ ਹਨ ਇਸ ਲਈ ਹਰੇਕ ਵਿਅਕਤੀ ਮਾਸਕ ਪਾ ਕੇ ਰੱਖੇ, ਇੱਕ ਵਿਅਕਤੀ ਤੋਂ ਦੂਜੇ ਵਿਅਕਤੀ ਵਿਚਕਾਰ ਨਿਰਧਾਰਤ ਦੂਰੀ ਬਣਾਏ ਰੱਖਣਾ ਅਤੇ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਨ ਜਾਂ ਸੈਨੇਟਾਈਜ਼ਰ ਨਾਲ ਸਾਫ਼ ਰੱਖਣਾ ਚਾਹੀਦਾ ਹੈ। ਉਨ੍ਹਾਂ ਨਾਲ ਹੀ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਕੋਰੋਨਾ ਪਾਜ਼ਿਟਿਵ ਵਿਅਕਤੀ ਨੂੰ ਘਰ ਵਿੱਚ ਇਕਾਂਤਵਾਸ ਰੱਖਣ ਦਾ ਵੀ ਪ੍ਰਾਵਧਾਨ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਸੁੱਖਪ੍ਰੀਤ ਸਿੰਘ ਸਿੱਧੂ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਅਮਰਪ੍ਰੀਤ ਕੌਰ ਸੰਧੂ, ਐਸ.ਡੀ.ਐਮ. ਬੁਢਲਾਡਾ ਸ਼੍ਰੀ ਸਾਗਰ ਸੇਤੀਆ, ਐਸ.ਡੀ.ਐਮ. ਮਾਨਸਾ ਸ਼੍ਰੀਮਤੀ ਸ਼ਿਖਾ ਭਗਤ, ਸਹਾਇਕ ਕਮਿਸ਼ਨਰ ਸ਼੍ਰੀਮਤੀ ਸਰਬਜੀਤ ਕੌਰ, ਸਿਵਲ ਸਰਜਨ ਡਾ. ਜੀ.ਬੀ. ਸਿੰਘ, ਜ਼ਿਲ੍ਹਾ ਇੰਚਾਰਜ ਸੈਂਪਲਿੰਗ ਟੀਮ ਡਾ. ਰਣਜੀਤ ਸਿੰਘ ਰਾਏ ਅਤੇ ਜ਼ਿਲ੍ਹਾ ਐਪੀਡੀਮਾਲੋਜਿਸਟ ਸ਼੍ਰੀ ਸੰਤੋਸ਼ ਭਾਰਤੀ ਮੌਜੂਦ ਸਨ।