*ਮਾਨਸਾ ਅੰਦਰ ਅਮਨ-ਸ਼ਾਂਤੀ ਬਰਕਰਾਰ ਰੱਖਣ ਲਈ ਲੋਕਾਂ ਨੂੰ ਸਹਿਯੋਗ ਕਰਨ ਦੀ ਅਪੀਲ! ਧਾਰਮਿਕ ਸਥਾਨਾਂ, ਦੁਕਾਨਾਂ ’ਚ ਸੀ.ਸੀ.ਟੀ.ਵੀ. ਕੈਮਰੇ ਲਗਵਾਉਣ ਦੀ ਅਪੀਲ*

0
33

ਮਾਨਸਾ, 22 ਦਸੰਬਰ  (ਸਾਰਾ ਯਹਾਂ/ਮੁੱਖ ਸੰਪਾਦਕ ) :ਜ਼ਿਲ੍ਹੇ ਵਿੱਚ ਅਮਨ-ਸ਼ਾਂਤੀ ਦੇ ਮਾਹੌਲ ਅਤੇ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਣ ਲਈ ਅੱਜ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਅਤੇ ਐਸ.ਐਸ.ਪੀ. ਡਾ. ਸੰਦੀਪ ਗਰਗ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੀਸ ਕਮੇਟੀ ਦੀ ਮੀਟਿੰਗ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਾਨਸਾ ਜ਼ਿਲ੍ਹੇ ਵਿੱਚ ਲੋਕਾਂ ਦੇ ਸਹਿਯੋਗ ਸਦਕਾ ਹਮੇਸ਼ਾਂ ਸ਼ਾਂਤੀ ਦਾ ਮਾਹੌਲ ਰਿਹਾ ਹੈ। ਉਨ੍ਹਾਂ ਮੀਟਿੰਗ ਦੌਰਾਨ ਜ਼ਿਲ੍ਹਾ ਅੰਦਰ ਅਮਨ-ਸ਼ਾਂਤੀ ਬਰਕਰਾਰ ਰੱਖਣ ਲਈ ਲੋਕਾਂ ਨੂੰ ਸਹਿਯੋਗ ਕਰਨ ਦੀ ਅਪੀਲ ਕੀਤੀ।          ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੇ ਲੋਕਾਂ ਨੂੰ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ ਅਤੇ ਜੇਕਰ ਕਿਸੇ ਨੂੰ ਕੋਈ ਦਿੱਕਤ ਦਰਪੇਸ਼ ਆਉਂਦੀ ਹੈ ਜਾਂ ਕੋਈ ਸ਼ਰਾਰਤੀ ਅਨਸਰ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰਦਾ ਹੈ, ਤਾਂ ਤੁਰੰਤ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਂਦਾ ਜਾਵੇ।          ਐਸ.ਐਸ.ਪੀ. ਡਾ. ਸੰਦੀਪ ਗਰਗ ਨੇ ਮੀਟਿੰਗ ਦੌਰਾਨ ਕਿਹਾ ਕਿ ਸੂਬੇ ਅੰਦਰ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਅਮਨ ਕਾਨੂੰਨ ਦੀ ਸਥਿਤੀ ਨੂੰ ਖ਼ਰਾਬ ਕਰਨ ਲਈ ਮੰਦਭਾਗੀ ਘਟਨਾਵਾਂ ਨੂੰ ਅੰਜਾਮ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਅਜਿਹੇ ਲੋਕਾਂ ਤੋਂ ਸੁਚੇਤ ਰਹਿਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਜ਼ਿਲ੍ਹਾ ਪੀਸ ਕਮੇਟੀ ਵਿੱਚ ਹਰ ਧਰਮ ਅਤੇ ਹਰ ਵਰਗ ਦੇ ਲੋਕਾਂ ਨੂੰ ਲਿਆ ਗਿਆ ਹੈ, ਤਾਂ ਜੋ ਉਨ੍ਹਾਂ ਦੇ ਮਹੱਤਵਪੂਰਨ ਸੁਝਾਅ ਲਏ ਜਾ ਸਕਣ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਸ਼ਰਾਰਤੀ ਅਨਸਰਾਂ ’ਤੇ ਠੱਲ ਪਾਉਣ ਅਤੇ ਜ਼ੁਰਮ ਨੂੰ ਰੋਕਣ ਲਈ ਬਹੁਤ ਸਾਰੀਆਂ ਥਾਵਾਂ ’ਤੇ ਸੀ.ਸੀ.ਟੀ.ਵੀ. ਕੈਮਰੇ ਲਗਵਾਏ ਜਾ ਚੁੱਕੇ ਹਨ, ਜਿਨ੍ਹਾਂ ਦੀ ਜ਼ਿਲ੍ਹਾ ਪÇੁਲਸ ਟੀਮ ਵੱਲੋਂ ਪੰਦਰਵਾੜਾ ਚੈਕਿੰਗ ਵੀ ਕੀਤੀ ਜਾਂਦੀ ਹੈ ਕਿ ਉਹ ਕੈਮਰੇ ਚਾਲੂ ਹਾਲਤ ਵਿੱਚ ਜਾਂ ਸਹੀ ਦਿਸ਼ਾ ਵਿੱਚ ਲੱਗੇ ਹੋਏ ਹਨ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜਦੋਂ ਉਹ ਆਪਣੇ ਘਰਾਂ ਜਾਂ ਦੁਕਾਨਾਂ ਅੰਦਰ ਕੈਮਰੇ ਲਗਵਾਉਂਦੇ ਹਨ ਤਾਂ ਇੱਕ ਕੈਮਰਾ ਬਾਹਰ ਵਾਲੀ ਦਿਸ਼ਾ ਵਿੱਚ ਜ਼ਰੂਰ ਲਗਵਾਉਣ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਘਟਨਾ ਹੋਣ ’ਤੇ ਨਜ਼ਰ ਰੱਖੀ ਜਾ ਸਕੇ। ਧਾਰਮਿਕ ਸਥਾਨਾਂ ਦੇ ਪ੍ਰਬੰਧਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਸਥਾਨਾਂ ’ਤੇ ਸੀ.ਸੀ.ਟੀ.ਵੀ. ਕੈਮਰੇ ਜ਼ਰੂਰ ਲਗਵਾਉਣ ਅਤੇ 24 ਘੰਟੇ ਇੱਕ ਕਮੇਟੀ ਮੈਂਬਰ/ਸੇਵਾਦਾਰ ਧਾਰਮਿਕ ਸਥਾਨਾਂ ’ਤੇ ਹਾਜ਼ਰ ਰਹੇ, ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ। ਉਨ੍ਹਾਂ ਅਪੀਲ ਕੀਤੀ ਕਿ ਕਾਨੂੰਨ ਨੂੰ ਆਪਣੇ ਹੱਥ ਵਿੱਚ ਲੈਣ ਦੀ ਬਜਾਇ ਸ਼ਰਾਰਤੀ ਅਨਸਰਾਂ ਸਬੰਧੀ ਪੁਲਿਸ ਨੂੰ ਇਤਲਾਹ ਕੀਤਾ ਜਾਵੇ।          ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਸਬ-ਡਵੀਜ਼ਨ ਪੱਧਰ ਅਤੇ ਥਾਣਾ ਪੱਧਰ ’ਤੇ ਵੀ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ ਜਿਨ੍ਹਾਂ ਨਾਲ ਸਮੇਂ-ਸਮੇਂ ’ਤੇ ਮੀਟਿੰਗ ਕੀਤੀਆਂ ਜਾਂਦੀਆਂ ਹਨ। ਉਨ੍ਹਾਂ ਨਾਲ ਹੀ ਕਿਹਾ ਕਿ ਕਈ ਵਾਰ ਦੇਖਣ ਵਿੱਚ ਆਉਂਦਾ ਹੈ ਸਮਾਜ ਵਿਰੋਧੀ ਅਨਸਰ ਸ਼ੋਸ਼ਲ ਮੀਡੀਆ ’ਤੇ ਵੀ ਗਲਤ ਫੋਟੋਆਂ ਜਾ ਵੀਡੀਓਜ਼ ਪਾ ਦਿੰਦੇ ਹਨ, ਜਿਸਦੇ ਫਲਸਰੂਪ ਸ਼ਾਂਤੀ ਮਾਹੌਲ ਵਿੱਚ ਵਿਘਨ ਪੈਣ ਦੀ ਸੰਭਾਵਨਾ ਹੋ ਜਾਂਦੀ ਹੈ। ਉਨ੍ਹਾਂ ਅਪੀਲ ਕੀਤੀ ਕਿ ਸਾਨੂੰ ਇਨ੍ਹਾਂ ਅਫ਼ਵਾਹਾਂ ਤੋਂ ਸੁਚੇਤ ਰਹਿਣਾ ਚਾਹੀਦਾ ਹੈ ਅਤੇ ਜੇਕਰ ਕੋਈ ਸ਼ੱਕੀ ਵਿਅਕਤੀ ਸਾਹਮਣੇ ਆਉਂਣਾ ਹੈ ਤਾਂ ਤੁਰੰਤ ਪੁਲਿਸ ਨੂੰ ਉਸਦੀ ਜਾਣਕਾਰੀ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸ਼ੋਸ਼ਲ ਮੀਡੀਆ ’ਤੇ ਅਜਿਹੀਆਂ ਅਫ਼ਵਾਹਾਂ ਫੈਲਾਉਣ ਵਾਲੇ ਸ਼ਰਾਰਤੀ ਅਨਸਰਾਂ ਖ਼ਿਲਾਫ਼ ਕਾਰਵਾਈ ਲਈ ਜ਼ਿਲ੍ਹਾ ਪੁਲਿਸ ਵੱਲੋਂ ਸ਼ੋਸ਼ਲ ਮੀਡੀਆ ਸੈੱਲ ਵੀ ਸਥਾਪਿਤ ਕੀਤਾ ਹੋਇਆ ਹੈ।          ਐਸ.ਐਸ.ਪੀ. ਨੇ ਦੱਸਿਆ ਕਿ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਲਈ ਹੈਲਪਲਾਈਨ ਨੰਬਰ 112 ਤੇ 181 ’ਤੇ ਸੂਚਿਤ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਜ਼ਿਲ੍ਹਾ ਪੁਲਿਸ ਵੱਲੋਂ ਇੱਕ ਵਾਟਸਐਪ ਨੰਬਰ 80541-00112 ਵੀ ਚਲਾਇਆ ਗਿਆ ਹੈ, ਜਿਸ ’ਤੇ ਮੈਸੇਜ਼ ਕਰਕੇ ਮਾੜੇ ਅਨਸਰਾਂ ਸਬੰਧੀ ਸ਼ਿਕਾਇਤ ਕੀਤੀ ਜਾ ਸਕਦੀ ਹੈ।            ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਅਮਰਪ੍ਰੀਤ ਕੌਰ ਸੰਧੂ, ਡੀ.ਐਸ.ਪੀ. ਸ਼੍ਰੀ ਸੰਜੀਵ ਗੋਇਲ, ਡੀ.ਐਸ.ਪੀ. ਸ਼੍ਰੀ ਗੁਰਸ਼ਰਨ ਜੀਤ ਸਿੰਘ ਤੋਂ ਇਲਾਵਾ ਜ਼ਿਲ੍ਹਾ ਪੀਸ ਕਮੇਟੀ ਦੇ ਮੈਂਬਰ ਮੌਜੂਦ ਸਨ।

NO COMMENTS