ਮਾਨਸਾ, 10 ਦਸੰਬਰ (ਸਾਰਾ ਯਹਾ / ਮੁੱਖ ਸੰਪਾਦਕ) : ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਮਹਿੰਦਰ ਪਾਲ ਨੇ ਅੱਜ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਕਰਕੇ ਜ਼ਿਲ੍ਹੇ ਅੰਦਰ ਚੱਲ ਰਹੇ ਪ੍ਰਗਤੀ ਕੰਮਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਟੈ੍ਰਫਿਕ ਨਿਯਮਾਂ ਦੀ ਉਲੰਘਣਾਂ ਕਰਨ ਵਾਲਿਆਂ ਦੇ ਚਲਾਨ ਕੱਟੇ ਜਾਣ। ਉਨ੍ਹਾਂ ਹਦਾਇਤ ਕੀਤੀ ਕਿ ਓਵਰ ਲੋਡ ਵਹੀਕਲਾਂ ਅਤੇ ਪ੍ਰੈਸ਼ਰ ਹਾਰਨ ਵਜਾਉਣ ਵਾਲਿਆਂ ਨੂੰ ਸਖ਼ਤੀ ਨਾਲ ਨਜਿਠਿਆ ਜਾਵੇ ਅਤੇ ਬਣਦੇ ਜ਼ੁਰਮਾਨੇ ਕੀਤੇ ਜਾਣ। ਉਨ੍ਹਾਂ ਨਾਲ ਹੀ ਕਿਹਾ ਕਿ ਨਿਰਧਾਰਿਤ ਸਮੇਂ ਤੋਂ ਬਾਅਦ ਡੀ.ਜੇ. ਆਦਿ ਚਲਾਉਣ ’ਤੇ ਵੀ ਰੋਕ ਲਗਾਈ ਜਾਵੇ। ਮੀਟਿੰਗ ਦੌਰਾਨ ਉਨ੍ਹਾਂ ਕਾਰਜ ਸਾਧਕ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਅੰਦਰ ਚੱਲ ਰਹੇ ਵਿਕਾਸ ਕੰਮਾਂ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਜੋ ਕੰਮ ਮੁਕੰਮਲ ਹੋ ਜਾਂਦਾ ਹੈ ਉਸ ਸਬੰਧੀ ਸੂਚਨਾ ਪੋਰਟਲ ’ਤੇ ਅਪਲੋਡ ਕੀਤੀ ਜਾਵੇ। ਜ਼ਿਲ੍ਹੇ ਅੰਦਰ ਚੱਲ ਰਹੇ ਸਵੈ-ਰੋਜ਼ਗਾਰ ਮੇਲਿਆਂ ਸਬੰਧੀ ਉਨ੍ਹਾਂ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਨੂੰ ਹਦਾਇਤ ਕੀਤੀ ਇਨ੍ਹਾਂ ਮੇਲਿਆਂ ਸਬੰਧੀ ਵੱਧ ਤੋਂ ਵੱਧ ਨੌਜਵਾਨਾਂ ਨੂੰ ਜਾਗਰੂਕ ਕੀਤਾ ਜਾਵੇ ਤਾਂ ਜੋ ਉਹ ਇਨ੍ਹਾਂ ਮੇਲਿਆਂ ਦਾ ਲਾਹਾ ਲੈ ਸਕਣ ਅਤੇ ਸਵੈ-ਰੋਜ਼ਗਾਰ ਲਈ ਲੋਨ ਪ੍ਰਾਪਤ ਕਰਕੇ ਆਪਣੇ ਪੈਰਾਂ ਸਿਰ ਖੜ੍ਹੇ ਹੋ ਸਕਣ। ਇਸ ਉਪਰੰਤ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਸੁਖਪ੍ਰੀਤ ਸਿੰਘ ਸਿੱਧੂ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਅਮਰਪ੍ਰੀਤ ਕੌਰ ਵੱਲੋਂ ਵੀ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਕਰਕੇ ਚੱਲ ਰਹੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ। ਇਸ ਮੌਕੇ ਐਸ.ਡੀ.ਐਮ. ਬੁਢਲਾਡਾ ਸ਼੍ਰੀ ਸਾਗਰ ਸੇਤੀਆ, ਐਸ.ਡੀ.ਐਮ. ਮਾਨਸਾ ਡਾ. ਸ਼ਿਖਾ ਭਗਤ ਅਤੇ ਐਸ.ਡੀ.ਐਮ. ਸਰਦੂਲਗੜ੍ਹ ਸ਼੍ਰੀਮਤੀ ਸਰਬਜੀਤ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਨੁਮਾਇੰਦੇ ਮੌਜੂਦ ਸਨ।