ਮਾਨਸਾ, 17 ਅਗਸਤ :(ਸਾਰਾ ਯਹਾਂ/ਬੀਰਬਲ ਧਾਲੀਵਾ):
ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਪਰਮਵੀਰ ਸਿੰਘ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਅੰਦਰ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
ਜ਼ਿਲ੍ਹਾ ਮੈਜਿਸਟਰੇਟ ਨੇ ਝੋਨੇ ਦੀ ਕਟਾਈ ਕਰਨ ਵਾਲੀਆਂ ਕੰਬਾਇਨਾਂ ਦੇ ਮਾਲਕਾਂ ਨੂੰ ਹਦਾਇਤ ਕੀਤੀ ਕਿ ਹਾਰਵੈਸਟਰ ਕੰਬਾਇਨ ਦੀ ਵਰਤੋਂ ਕਰਨ ਤੋਂ ਪਹਿਲਾਂ ਇਸ ਦੀ ਖੇਤੀਬਾੜੀ ਵਿਭਾਗ ਰਾਹੀਂ ਆਪਰੇਸ਼ਨ ਵਰਦੀਨੈਂਸ ਬਾਰੇ ਇੰਸਪੈਕਸ਼ਨ ਕਰਵਾਉਣ ਅਤੇ ਕੋਈ ਵੀ ਕੰਬਾਇਨ ਨੂੰ ਹਾਰਵੈਸਟਰ ਸੁਪਰ ਐਸ.ਐਮ.ਐਸ. ਲਗਾਏ ਬਗ਼ੈਰ ਨਾ ਵਰਤਿਆ ਜਾਵੇ।
ਹੁਕਮ ਵਿੱਚ ਕਿਹਾ ਗਿਆ ਕਿ ਝੋਨੇ ਦੇ ਸੀਜ਼ਨ ਦੌਰਾਨ ਝੋਨੇ ਦੀ ਕਟਾਈ ਲਈ ਕੰਬਾਇਨਾਂ 24 ਘੰਟੇ ਕੰਮ ਕਰਦੀਆਂ ਹਨ। ਰਾਤ ਸਮੇਂ ਕੰਬਾਇਨਾਂ ਚੱਲਣ ਨਾਲ ਜਾਨੀ ਮਾਲੀ ਨੁਕਸਾਨ ਹੋਣ ਦਾ ਅਤੇ ਦੁਰਘਟਨਾ ਵਾਪਰਨ ਦਾ ਡਰ ਰਹਿੰਦਾ ਹੈ। ਕੰਬਾਇਨਾਂ ਰਾਤ ਸਮੇਂ ਹਰਾ ਝੋਨਾ, ਜੋ ਕਿ ਚੰਗੀ ਤਰ੍ਹਾਂ ਪੱਕਿਆ ਨਹੀਂ ਹੁੰਦਾ, ਕੱਚਾ ਦਾਣਾ ਹੀ ਕੱਟ ਦਿੰਦੀਆਂ ਹਨ, ਜਿਸ ਕਾਰਨ ਹਰਾ ਕੱਟਿਆ ਹੋਇਆ ਝੋਨਾ ਸੁੱਕਣ ’ਤੇ ਕਾਲਾ ਪੈ ਜਾਂਦਾ ਹੈ। ਬਹੁਤ ਸਾਰੀਆਂ ਪੁਰਾਣੀਆਂ ਹੋ ਚੁੱਕੀਆਂ ਕੰਬਾਇਨਾਂ ਵੀ ਕਟਾਈ ਕਰਦੀਆਂ ਹਨ, ਜਿਸ ਨਾਲ ਝੋਨੇ ਦੀ ਕੁਆਲਟੀ ’ਤੇ ਅਸਰ ਪੈਂਦਾ ਹੈ। ਜਿਸ ਕਰਕੇ ਖਰੀਦ ਏਜੰਸੀਆਂ ਝੋਨਾ ਖਰੀਦ ਕਰਨ ਤੋਂ ਝਿਜਕਦੀਆਂ ਹਨ। ਇਸ ਨਾਲ ਜਿੱਥੇ ਕਿਸਾਨਾਂ ਦਾ ਨੁਕਸਾਨ ਹੁੰਦਾ ਹੈ, ਉੱਥੇ ਹੀ ਇਸ ਦਾ ਅਸਰ ਦੇਸ਼ ਦੇ ਉਤਪਾਦਨ ’ਤੇ ਵੀ ਪੈਂਦਾ ਹੈ। ਝੋਨਾ ਨਾ ਵਿਕਣ ਕਾਰਨ ਕਿਸਾਨਾਂ ਵਿਚ ਰੋਸ ਪੈਦਾ ਹੁੰਦਾ ਹੈ ਜਿਸ ਨਾਲ ਅਮਨ ਕਾਨੂੰਨ ਭੰਗ ਹੋਣ ਦੀ ਸਥਿਤੀ ਉਤਪੰਨ ਹੁੰਦੀ ਹੈ।
ਇਹ ਹੁਕਮ 30 ਸਤੰਬਰ 2023 ਤੱਕ ਲਾਗੂ ਰਹੇਗਾ।