ਮਾਨਸਾ, 05 ਸਤੰਬਰ (ਸਾਰਾ ਯਹਾ, ਬਲਜੀਤ ਸ਼ਰਮਾ) : ਪੰਜਾਬ ਸਰਕਾਰ ਦੇ ਮਿਸ਼ਨ ਫ਼ਤਿਹ ਤਹਿਤ ਜ਼ਿਲ੍ਹੇ ਅੰਦਰ ਕੋਰੋਨਾ ਪ੍ਰਭਾਵਿਤ ਸ਼ੱਕੀ ਵਿਅਕਤੀਆਂ ਦੀ ਸੈਂਪਲਿੰਗ ਲਗਾਤਾਰ ਕੀਤੀ ਜਾ ਰਹੀ ਹੈ, ਤਾਂ ਜੋ ਇਸ ਬਿਮਾਰੀ ਦੇ ਫੈਲਾਅ ਨੂੰ ਵਧਣ ਤੋਂ ਰੋਕਿਆ ਜਾ ਸਕੇ ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਅੰਦਰ 25313 ਵਿਅਕਤੀਆਂ ਦੀ ਸੈਂਪਲਿੰਗ ਕੀਤੀ ਜਾ ਚੁੱਕੀ ਹੈ, ਜਿਨ੍ਹਾਂ ਵਿੱਚੋਂ 779 ਵਿਅਕਤੀ ਕੋਰੋਨਾ ਪਾਜ਼ਿਟਿਵ ਪਾਏ ਗਏ ਸਨ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ 463 ਵਿਅਕਤੀ ਸਿਹਤਯਾਬ ਹੋ ਕੇ ਆਪਣੇ-ਆਪਣੇ ਘਰਾਂ ਨੂੰ ਵਾਪਸ ਪਰਤ ਚੁੱਕੇ ਹਨ ਅਤੇ 304 ਐਕਟਿਵ ਕੇਸ ਹਨ।ਉਨ੍ਹਾਂ ਦੱਸਿਆ ਕਿ ਬਦਕਿਸਮਤੀ ਨਾਲ ਕੋਰੋਨਾ ਨਾਲ ਪੀੜਤ 12 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬਲਾਕ ਮਾਨਸਾ ਵਿਖੇ 266, ਬੁਢਲਾਡਾ ਵਿਖੇ 253, ਖ਼ਿਆਲਾ ਕਲਾਂ ਵਿਖੇ 142 ਅਤੇ ਸਰਦੂਲਗੜ੍ਹ ਵਿਖੇ 118 ਕੋਰੋਨਾ ਪਾਜ਼ਿਟਿਵ ਕੇਸ ਆਏ ਸਨ ਜਿਨ੍ਹਾਂ ਵਿਚੋਂ ਬਹੁਤੇ ਹੁਣ ਸਿਹਤਯਾਬ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਘਰੋਂ ਬਾਹਰ ਨਿਕਲਣ ਸਮੇਂ ਮਾਸਕ ਲਗਾਉਣ, ਸਮਾਜਿਕ ਦੂਰੀ ਬਣਾਏ ਰੱਖਣ ਅਤੇ ਆਪਣੇ ਹੱਥਾਂ ਨੂੰ ਵਾਰ-ਵਾਰ ਧੋਣ ਅਤੇ ਸਾਫ਼ ਰੱਖਣ, ਤਾਂ ਜ਼ੋ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ।ਜ਼ਿਲ੍ਹਾ ਸੈਂਪਲਿੰਗ ਟੀਮ ਦੇ ਇੰਚਾਰਜ ਡਾ. ਰਣਜੀਤ ਰਾਏ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਅੰਦਰ ਸੈਂਪਲਿੰਗ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ।ਉਨ੍ਹਾਂ ਦੱਸਿਆ ਕਿ ਅੱਜ ਬੁਢਲਾਡਾ ਦੀ ਸਬਜ਼ੀ ਮੰਡੀ ਵਿਖੇ 153 ਵਿਅਕਤੀਆਂ ਦੇ ਸੈਂਪਲ ਇਕੱਤਰ ਕੀਤੇ ਗਏ ਹਨ।ਉਨ੍ਹਾਂ ਦੱਸਿਆ ਕਿ ਇਹ ਸੈਂਪਲਿੰਗ ਨਿਰਵਿਘਨ ਜਾਰੀ ਰਹੇਗੀ ਤਾਂ ਜੋ ਸਮਾਂ ਰਹਿੰਦਿਆਂ ਹੀ ਕੋਰਨਾ ਪੀੜਤ ਵਿਅਕਤੀਆਂ ਦਾ ਪਤਾ ਲਗਾਇਆ ਜਾ ਸਕੇ।