*ਜ਼ਿਲ੍ਹੇ ਦੇ ਸਮੂਹ ਅਸਲਾ ਲਾਇਸੰਸ ਧਾਰਕਾਂ ਦੀ ਕੀਤੀ ਜਾ ਰਹੀ ਹੈ ਸਮੀਖਿਆ-ਡਿਪਟੀ ਕਮਿਸ਼ਨਰ*

0
42

ਮਾਨਸਾ, 15 ਦਸੰਬਰ  (ਸਾਰਾ ਯਹਾਂ/ ਮੁੱਖ ਸੰਪਾਦਕ ): ਪੰਜਾਬ ਸਰਕਾਰ, ਗ੍ਰਹਿ ਤੇ ਨਿਆਂ ਵਿਭਾਗ, ਚੰਡੀਗੜ੍ਹ ਵੱਲੋਂ ਜਾਰੀ ਹਦਾਇਤਾਂ ਦੇ ਮੱਦੇਨਜ਼ਰ ਪੰਜਾਬ ਰਾਜ ਵਿਚ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਜ਼ਿਲ੍ਹਾ ਮਾਨਸਾ ਦੇ ਸਮੂਹ ਅਸਲਾ ਲਾਇਸੰਸ ਧਾਰਕਾਂ ਦੀ ਸਮੀਖਿਆ ਕੀਤੀ ਜਾ ਰਹੀ ਹੈ। ਇਹ ਜਾਣਕਾਰੀ  ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਅਸਲਾ ਲਾਇਸੰਸ ਧਾਰਕਾਂ ਦੀ ਮੁੱਢਲੀ ਸਮੀਖਿਆ ਪੁਲਿਸ ਵਿਭਾਗ ਵੱਲੋਂ ਕੀਤੀ ਜਾ ਰਹੀ ਹੈ, ਜਿਸ ਤਹਿਤ ਪੁਲਿਸ ਵਿਭਾਗ ਵੱਲੋਂ ਹੁਣ ਤੱਕ 210 ਅਸਲਾ ਲਾਇਸੰਸ ਧਾਰਕਾਂ ਦੀ ਉਮਰ ਜ਼ਿਆਦਾ ਹੋਣ ਕਾਰਨ, ਮੌਤ ਹੋ ਜਾਣ ਕਾਰਨ, ਮੁਕੱਦਮੇ ਦਰਜ ਹੋਣ ਆਦਿ ਵੱਖ ਵੱਖ ਕਾਰਨਾਂ ਕਰਕੇ ਇਨ੍ਹਾਂ ਅਸਲਾ ਲਾਇਸੰਸ ਧਾਰਕਾਂ ਦੇ ਅਸਲਾ ਲਾਇਸੰਸ ਮੁਅੱਤਲ/ਰੱਦ ਕਰਨ ਦੀ ਸਿਫਾਰਿਸ਼ ਉਨ੍ਹਾਂ ਦੇ ਦਫ਼ਤਰ ਵਿਖੇ ਭੇਜੀ ਗਈ ਹੈ।
ਉਨ੍ਹਾਂ ਦੱਸਿਆ ਕਿ ਪੁਲਿਸ ਵਿਭਾਗ ਦੀ ਰਿਪੋਰਟ ਦੇ ਮੱਦੇਨਜ਼ਰ 210 ਅਸਲਾ ਲਾਇਸੰਸ ਧਾਰਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਇਨ੍ਹਾਂ ਵਿਚੋਂ ਹੁਣ ਤੱਕ 7 ਅਸਲਾ ਲਾਇਸੰਸ ਧਾਰਕਾਂ ਦੇ ਅਸਲਾ ਲਾਇਸੰਸ ਕਾਨੂੰਨੀ ਪ੍ਰਕਿਰਿਆ ਤਹਿਤ ਰੱਦ ਕੀਤੇ ਜਾ ਚੁੱਕੇ ਹਨ। ਇਸ ਤੋਂ ਇਲਾਵਾ ਜਿੰਨ੍ਹਾਂ ਅਸਲਾ ਲਾਇਸੰਸ ਧਾਰਕਾਂ ਦੇ ਅਸਲਾ ਲਾਇਸੰਸ ’ਤੇ ਦੋ ਤੋਂ ਵੱਧ ਅਸਲੇ ਦਰਜ ਸਨ, ਉਨ੍ਹਾਂ ਖਿਲਾਫ ਨਿਯਮਾਂ ਅਨੁਸਾਰ ਕਾਰਵਾਈ ਕਰਦਿਆਂ 8 ਅਸਲਾ ਲਾਇਸੰਸ ਧਾਰਕਾਂ ਦੇ ਅਸਲਾ ਲਾਇਸੰਸ ਮੁਅੱਤਲ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਪੁਲਿਸ ਵਿਭਾਗ ਵੱਲੋਂ ਬਾਕੀ ਰਹਿੰਦੇ ਅਸਲਾ ਲਾਇਸੰਸ ਧਾਰਕਾਂ ਦੀ ਸਮੀਖਿਆ ਜਾਰੀ ਹੈ, ਜਿਸ ਸਬੰਧੀ ਰਿਪੋਰਟਾਂ ਪ੍ਰਾਪਤ ਹੋਣ ਉਪਰੰਤ ਨਿਯਮਾਂ ਅਨੁਸਾਰ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

NO COMMENTS