
ਮਾਨਸਾ, 17 ਅਕਤੂਬਰ :(ਸਾਰਾ ਯਹਾਂ/ਬੀਰਬਲ ਧਾਲੀਵਾਲ):
ਕ੍ਰਿਸ਼ੀ ਵਿਗਿਆਨ ਕੇਂਦਰ ਮਾਨਸਾ ਵੱਲੋਂ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧ ਸਬੰਧੀ ਪਿੰਡ ਡੇਲੂਆਣਾ ਵਿਖੇ ਪਿੰਡ ਪੱਧਰੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਹ ਕੈਂਪ ਡਿਪਟੀ ਡਾਇਰੈਕਟਰ ਕ੍ਰਿਸ਼ੀ ਵਿਗਿਆਨ ਕੇਂਦਰ ਮਾਨਸਾ ਸ਼੍ਰੀ ਗੁਰਦੀਪ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਲਗਾਇਆ ਗਿਆ। ਇਸ ਕੈਂਪ ਵਿੱਚ ਕਰੀਬ 55 ਸੂਝਵਾਨ ਕਿਸਾਨ ਵੀਰਾਂ ਨੇ ਭਾਗ ਲਿਆ।
ਕੈਂਪ ਦੌਰਾਨ ਸਹਾਇਕ ਪ੍ਰੋਫੈਸਰ (ਮਿੱਟੀ ਤੇ ਪਾਣੀ) ਇੰਜੀਨੀਅਰ ਅਲੋਕ ਗੁਪਤਾ ਨੇ ਕਿਸਾਨਾਂ ਨੂੰ ਪਰਾਲੀ ਦੀ ਸਾਂਭ-ਸੰਭਾਲ ਲਈ ਵਰਤੀ ਜਾਣ ਵਾਲੀ ਮਸ਼ੀਨਰੀ ਬਾਰੇ ਜਾਗਰੂਕ ਕੀਤਾ। ਉਨ੍ਹਾਂ ਕਿਸਾਨ ਵੀਰਾਂ ਨੂੰ ਝੋਨੇ ਦੀ ਪਰਾਲੀ ਖੇਤ ਵਿਚ ਵਾਹੁਣ ਦੀ ਸਲਾਹ ਦਿੰਦਿਆਂ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਵਲੋਂ ਵਿਕਸਿਤ ਕੀਤੇ ਸਰਫ਼ੇਸ ਸੀਡਰ, ਸਮਾਰਟ ਸੀਡਰ ਬਾਰੇ ਵਿਸਥਾਰਪੂਰਵਕ ਕਿਸਾਨਾਂ ਨਾਲ ਜਾਣਕਾਰੀ ਸਾਂਝੀ ਕੀਤੀ।
ਡਾ.ਬੀ ਐੱਸ ਸੇਖੋਂ ਸਹਾਇਕ ਪ੍ਰੋਫੈਸਰ (ਸਬਜ਼ੀ ਵਿਗਿਆਨ) ਨੇ ਝੋਨੇ ਦੀ ਪਰਾਲੀ ਦੀ ਸਬਜ਼ੀਆਂ ਅਤੇ ਫਲਾਂ ਦੇ ਬਾਗ਼ਾਂ ਵਿੱਚ ਮਲਚ ਦੇ ਤੌਰ ਤੇ ਵਰਤੋਂ ਕਰਨ ਬਾਰੇ ਜ਼ੋਰ ਦਿੱਤਾ ਅਤੇ ਵੱਖ-ਵੱਖ ਫ਼ਸਲਾਂ ਵਿੱਚ ਪਰਾਲੀ ਨੂੰ ਮਲਚ ਦੇ ਤੌਰ ’ਤੇ ਵਰਤਣ ਬਾਰੇ ਯੂਨੀਵਰਸਿਟੀ ਦੀਆਂ ਸਿਫ਼ਾਰਿਸ਼ਾਂ ਬਾਰੇ ਚਾਨਣਾ ਪਾਇਆ। ਇਸ ਕੈਂਪ ਦੇ ਅੰਤ ਵਿੱਚ ਸ਼ਾਮਿਲ ਹੋਏ ਕਿਸਾਨਾਂ ਵਲੋਂ ਪਰਾਲੀ ਦੀ ਸਾਂਭ-ਸੰਭਾਲ ਅਤੇ ਹੋਰ ਖੇਤੀ ਮਸਲਿਆਂ ਸਬੰਧੀ ਕਾਫ਼ੀ ਸਵਾਲ ਕੀਤੇ ਗਏ ਅਤੇ ਮਾਹਿਰਾਂ ਵੱਲੋਂ ਮੌਕੇ ’ਤੇ ਜਵਾਬ ਦਿੱਤੇ ਗਏ।
