
ਮਾਨਸਾ, 28 ਸਤੰਬਰ:(ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ):
ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਪਿੰਡ ਨਾਹਰਾਂ, ਸਾਹਨੇਵਾਲੀ, ਭਲਾਈਕੇ, ਚੱਕ ਅਲੀਸ਼ੇਰ, ਖਿਆਲਾ ਕਲਾਂ, ਅਲੀਸ਼ੇਰ ਕਲਾਂ ਅਤੇ ਭੈਣੀ ਬਾਘਾ ਵਿਖੇ ਲਗਾਏ ਕਿਸਾਨ ਸਿਖਲਾਈ ਕੈਂਪਾਂ ਵਿੱਚ ਲਗਭਗ 200 ਕਿਸਾਨਾਂ ਨੇ ਭਾਗ ਲਿਆ। ਇਹ ਜਾਣਕਾਰੀ ਮੁੱਖ ਖੇਤੀਬਾੜੀ ਅਫ਼ਸਰ ਡਾ. ਦਿਲਬਾਗ ਸਿੰਘ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਦੇ ਵੱਖ ਵੱਖ ਤਰੀਕਿਆਂ ਤੋਂ ਜਾਣੂ ਕਰਵਾਇਆ ਗਿਆ। ਕਿਸਾਨਾਂ ਨੂੰ ਪਰਾਲੀ ਦੇ ਖੇਤ ਵਿੱਚ ਗਲਣ ਦਾ ਪ੍ਰਬੰਧਨ ਅਤੇ ਪਰਾਲੀ ਦੇ ਖੇਤ ਤੋਂ ਬਾਹਰ ਪ੍ਰਬੰਧਨ ਕਰਨ ਲਈ ਬੇਲਰ ਅਤੇ ਹੋਰ ਮਸ਼ੀਨਰੀ ਦੀ ਵਰਤੋਂ ਬਾਰੇ ਜਾਣੂ ਕਰਵਾਇਆ। ਇਸ ਤੋਂ ਇਲਾਵਾ ਝੋਨੇ ਦੀ ਪਰਾਲੀ ਸਾੜਨ ਦੇ ਨੁਕਸਾਨ ਬਾਰੇ ਵੀ ਕਿਸਾਨਾਂ ਨੂੰ ਜਾਗਰੂਕ ਕੀਤਾ।
ਉਨ੍ਹਾਂ ਦੱਸਿਆ ਕਿ ਕਿਸਾਨ ਸਿਖਲਾਈ ਕੈਂਪਾਂ ਦੌਰਾਨ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਝੋਨੇ ਦੀ ਕਟਾਈ ਸੁਪਰ ਐਸ.ਐਮ.ਐਸ ਲੱਗੀਆਂ ਕੰਬਾਇਨਾਂ ਨਾਲ ਹੀ ਕੀਤੀ ਜਾਵੇ ਤਾਂ ਜੋ ਪਰਾਲੀ ਦਾ ਸੌਖਾ ਪ੍ਰਬੰਧਨ ਹੋ ਸਕੇ। ਅਧਿਕਾਰੀਆਂ ਵੱਲੋਂ ਕਿਸਾਨਾਂ ਨੂੰ 05 ਅਕਤੂਬਰ 2023 ਨੂੰ ਹਾੜੀ ਦੀਆਂ ਫਸਲਾਂ ਸਬੰਧੀ ਨਵੀਂ ਅਨਾਜ ਮੰਡੀ, ਮਾਨਸਾ ਵਿਖੇ ਲਗਾਏ ਜਾ ਰਹੇ ਜਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਵਿੱਚ ਭਾਗ ਲੈਣ ਲਈ ਸੱਦਾ ਦਿੱਤਾ ਗਿਆ। ਇਨ੍ਹਾਂ ਕੈਂਪਾਂ ਵਿੱਚ ਸਬੰਧਤ ਬਲਾਕ ਦੇ ਅਧਿਕਾਰੀ, ਕਿਸਾਨ ਅਤੇ ਪਿੰਡ ਦੇ ਮੋਹਤਬਰ ਵਿਅਕਤੀ ਹਾਜਰ ਸਨ।
