
ਚੰਡੀਗੜ, 29 ਜਨਵਰੀ (ਸਾਰਾ ਯਹਾਂ /ਮੁੱਖ ਸੰਪਾਦਕ): ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ਰਤਾਂ ਸਹਿਤ ਦਿੱਤੀ ਪ੍ਰਵਾਨਗੀ ਅਨੁਸਾਰ 1 ਫਰਵਰੀ 2021 ਤੋਂ ਪ੍ਰੀ-ਪ੍ਰਾਇਮਰੀ, ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਸੂਬੇ ਦੇ ਸਮੂਹ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ ਖੁੱਲਣ ਜਾ ਰਹੇ ਹਨ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸਕੂਲ ਸਿੱਖਿਆ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਹਿਮਤੀ ਲੈ ਕੇ ਪਹਿਲੇ ਪੜਾਅ ਵਿੱਚ ਨੌਵੀਂ ਤੋਂ ਬਾਰਵੀਂ, ਦੂਜੇ ਪੜਾਅ ਵਿਚ ਪੰਜਵੀਂ ਤੋਂ ਅੱਠਵੀਂ ਅਤੇ ਫਿਰ ਤੀਜੇ ਪੜਾਅ ਵਿੱਚ ਤੀਜੀ ਅਤੇ ਚੌਥੀ ਜਮਾਤਾਂ ਦੇ ਵਿਦਿਆਰਥੀਆਂ ਲਈ ਸਕੂਲ ਖੋਲੇ ਜਾ ਚੁੱਕੇ ਹਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਮਾਪਿਆਂ ਵੱਲੋਂ ਮਿਲੇ ਭਰਵੇਂ ਹੁੰਗਾਰੇ ਤੋਂ ਬਾਅਦ ਸਿੱਖਿਆ ਵਿਭਾਗ ਵੱਲੋਂ ਪੜਾਅ ਵਾਰ ਖੋਲੇ ਗਏ ਸਕੂਲਾਂ ਵਿੱਚ ਕੋਵਿਡ-19 ਮਹਾਂਮਾਰੀ ਸਬੰਧੀ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਸਿੱਖਿਆ ਅਧਿਕਾਰੀਆਂ ਅਤੇ ਹੋਰਨਾਂ ਸਕੂਲ ਪ੍ਰਬੰਧਕਾਂ ਨੂੰ ਸਖ਼ਤੀ ਨਾਲ ਪਾਲਣਾ ਕਰਨ ਦੀ ਹਦਾਇਤ ਦਿੱਤੀ ਗਈ ਹੈ। ਉਨਾਂ ਕਿਹਾ ਕਿ ਵਿਭਾਗ ਵੱਲੋਂ ਸਕੂਲਾਂ ਵਿੱਚ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਹਦਾਇਤਾਂ ਵੀ ਜਾਰੀ ਕੀਤੀਆਂ ਹੋਈਆਂ ਹਨ।

ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਵਿਭਾਗੀ ਅਧਿਕਾਰੀਆਂ ਤੇ ਸਕੂਲ ਪ੍ਰਬੰਧਕਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ 1 ਫਰਵਰੀ ਤੋਂ ਲੱਗਣ ਜਾ ਰਹੀਆਂ ਪ੍ਰੀ-ਪ੍ਰਾਇਮਰੀ, ਪਹਿਲੀ ਅਤੇ ਦੂਜੀ ਕਲਾਸਾਂ ਦੇ ਦੇ ਵਿਦਿਆਰਥੀ ਉਮਰ ’ਚ ਛੋਟੇ ਹੁੰਦੇ ਹਨ ਜਿਸ ਕਰਕੇ ਇਹਨਾਂ ਬੱਚਿਆਂ ਦਾ ਸਕੂਲ ਅਧਿਆਪਕਾਂ ਅਤੇ ਸਕੂਲ ਮੁਖੀਆਂ ਵੱਲੋਂ ਜ਼ਿਆਦਾ ਤਵੱਜੋਂ ਦੇ ਕੇ ਧਿਆਨ ਰੱਖਿਆ ਜਾਵੇ। ਉਨਾਂ ਕਿਹਾ ਕਿ ਬੱਚਿਆਂ ਦੀ ਆਪਸੀ ਦੂਰੀ ਦਾ ਧਿਆਨ ਰੱਖ ਕੇ ਸੀਟਿੰਗ ਪਲਾਨ ਤਿਆਰ ਕਰਨਾ, ਮਾਸਕ ਦੀ ਵਰਤੋਂ ਕਰਨੀ, ਥੋੜੇ ਸਮੇਂ ਦੇ ਅੰਤਰਾਲ ਨਾਲ ਵਾਰ-ਵਾਰ ਹੱਥਾਂ ਨੂੰ ਧੋਣ ਜਾਂ ਸੈਨੀਟਾਈਜ਼ ਕਰਨ ਆਦਿ ਬਾਰੇ ਵਾਰ-ਵਾਰ ਜਾਗਰੂਕ ਕਰਨਾ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ।
ਸ਼੍ਰੀ ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਿਹਤ ਸੰਭਾਲ ਪ੍ਰਤੀ ਸੰਜੀਦਾ ਹੈ ਅਤੇ ਇਸ ਲਈ ਅਧਿਕਾਰੀਆਂ ਨੂੰ ਹਦਾਇਤਾਂ ਵੀ ਕੀਤੀਆਂ ਹਨ ਕਿ ਸਿੱਖਿਆ ਸੁਧਾਰ ਟੀਮਾਂ ਅਤੇ ਹੋਰ ਸਿੱਖਿਆ ਅਧਿਕਾਰੀ ਜਦੋਂ ਵੀ ਫੀਲਡ ਵਿੱਚ ਜਾਣ ਤਾਂ ਉਸ ਸਮੇਂ ਸਕੂਲ ਮੁਖੀਆਂ ਨੂੰ ਕੋਵਿਡ-19 ਤੋਂ ਸੁਰੱਖਿਅਤ ਰਹਿਣ ਲਈ ਜਾਰੀ ਨਿਯਮਾਂ ਦਾ ਸਖ਼ਤੀ ਨਾਲ ਪਾਲਣ ਕਰਨ ਲਈ ਅਗਵਾਈ ਕਰਨ। ਉਨਾਂ ਇਹ ਵੀ ਕਿਹਾ ਕਿ ਸਕੂਲ ਮੁਖੀ ਅਤੇ ਅਧਿਆਪਕ ਪਿੰਡਾਂ ਅਤੇ ਸ਼ਹਿਰਾਂ ਵਿੱਚ ਪ੍ਰਚਾਰ ਦੇ ਵੱਖ-ਵੱਖ ਮਾਧਿਅਮਾਂ ਦਾ ਪ੍ਰਯੋਗ ਕਰਕੇ ਵਿਦਿਆਰਥੀਆਂ ਦੇ ਮਾਪਿਆਂ ਅਤੇ ਸਰਪ੍ਰਸਤਾਂ ਨੂੰ ਕੋਵਿਡ-19 ਦੇ ਸੰਪਰਕ ਤੋਂ ਬਚਾਅ ਲਈ ਵਰਤੀਆਂ ਜਾ ਰਹੀਆਂ ਸਾਵਧਾਨੀਆਂ ਬਾਰੇ ਜਾਗਰੂਕ ਕਰਨ। ਉਹਨਾਂ ਕਿਹਾ ਕਿ ਵਿਦਿਆਰਥੀ ਹੁਣ ਸਕੂਲ ਜਾਣ ਲੱਗੇ ਹਨ ਅਤੇ ਸਕੂਲ ਸਮੇਂ ਤੋਂ ਬਾਅਦ ਲੋੜ ਪੈਣ ‘ਤੇ ਹੀ ਘਰੋਂ ਬਾਹਰ ਨਿਕਲਣ।

ਸਕੂਲ ਸਿੱਖਿਆ ਮੰਤਰੀ ਨੇ ਕਿਹਾ ਕਿ 10 ਮਹੀਨੇ ਬਾਅਦ ਪੰਜਾਬ ਦੇ ਸਮੂਹ ਸਕੂਲ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਪੂਰਨ ਤੌਰ ’ਤੇ ਦੁਬਾਰਾ ਖੁੱਲ ਰਹੇ ਹਨ ਪਰ ਲਾਕਡਾਊਨ ਦੌਰਾਨ ਵਿਭਾਗੀ ਅਧਿਕਾਰੀਆਂ, ਸਕੂਲ ਮੁਖੀਆਂ ਅਤੇ ਅਧਿਆਪਕਾਂ ਨੇ ਸਖ਼ਤ ਮਿਹਨਤ ਅਤੇ ਲਗਨ ਨਾਲ ਕੰਮ ਕਰਕੇ ਵਿਦਿਆਰਥੀਆਂ ਨੂੰ ਆਨਲਾਈਨ ਪ੍ਰਣਾਲੀ ਰਾਹੀਂ ਪੜਾਈ ਨਾਲ ਜੋੜ ਕੇ ਰੱਖਿਆ ਹੈ। ਉਨਾਂ ਕਿਹਾ ਕਿ ਸਕੂਲ ਬੰਦ ਰਹਿਣ ਕਾਰਨ ਦਰਪੇਸ਼ ਚੁਣੌਤੀਆਂ ਨਾਲ ਜੂਝਦੇ ਹੋਏ ਅਧਿਆਪਕਾਂ ਨੇ ਇਹ ਬਹੁਤ ਵੱਡਾ ਮਿਸ਼ਨ ਸਫਲਤਾਪੂਰਵਕ ਫ਼ਤਿਹ ਕੀਤਾ ਹੈ ਜਿਸ ਲਈ ਸਮੂਹ ਸਕੂਲ ਮੁਖੀ ਅਤੇ ਅਧਿਆਪਕ ਵਧਾਈ ਦੇ ਪਾਤਰ ਹਨ। ਉਨਾਂ ਕਿਹਾ ਕਿ ਹੁਣ ਸਕੂਲ ਖੁੱਲਣ ਨਾਲ ਵਿਦਿਆਰਥੀਆਂ ਨੂੰ ਕੋਵਿਡ-19 ਦੇ ਸੰਪਰਕ ’ਚ ਆਉਣ ਤੋਂ ਬਚਣ ਲਈ ਨਿਯਮਾਂ ਦਾ ਪਾਲਣ ਕਰਨ ਲਈ ਜਾਗਰੂਕ ਕਰਦੇ ਰਹਿਣਾ ਵੀ ਸਕੂਲ ਮੁਖੀਆਂ ਅਤੇ ਅਧਿਆਪਕਾਂ ਦੀ ਇੱਕ ਬਹੁਤ ਵੱਡੀ ਜ਼ਿੰਮੇਵਾਰੀ ਹੈ।
—————-
