ਮਾਨਸਾ, 12 ਅਕਤੂਬਰ (ਸਾਰਾ ਯਹਾ / ਹੀਰਾ ਸਿੰਘ ਮਿੱਤਲ) : ਮੁੱਖ ਖੇਤੀਬਾੜੀ ਅਫ਼ਸਰ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਦੇ ਦਿਸ਼ਾ—ਨਿਰਦੇਸ਼ਾਂ ਤਹਿਤ ਖੇਤੀਬਾੜੀ ਵਿਭਾਗ ਵੱਲੋਂ ਸਮੇਂ ਸਮੇਂ *ਤੇ ਕੈਂਪ ਲਗਾ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਅਤੇ ਮਾਹਿਰਾਂ ਦੀਆਂ ਸਿਫ਼ਾਰਿਸ਼ਾਂ ਅਨੁਸਾਰ ਖੇਤੀਬਾੜੀ ਕਰਨ ਲਈ ਪ੍ਰੇਰਿਤ ਕੀਤਾ ਜਾਂਦਾ ਹੈ, ਜਿਸ ਸਦਕਾ ਹੁਣ ਬਹੁ—ਗਿਣਤੀ ਕਿਸਾਨ ਵੀਰ ਫਸਲਾਂ ਦੀ ਰਹਿੰਦ—ਖੂੰਹਦ ਨੂੰ ਅੱਗ ਲਗਾਏ ਬਗੈਰ ਖੇਤੀ ਕਰਨ ਨੂੰ ਤਰਜੀਹ ਦੇਣ ਲੱਗੇ ਹਨ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਸਰਦੂਲਗੜ ਅਧੀਨ ਆਉਦੇ ਪਿੰਡ ਰੋੜਕੀ ਦੇ ਪਰਾਲੀ ਪ੍ਰਬੰਧਨ ਵਿੱਚ ਸਫਲ ਨੌਜਵਾਨ ਕਿਸਾਨ ਸੁਰਜੀਤ ਸਿੰਘ ਪੁੱਤਰ ਸ਼੍ਰੀ ਗੁਰਮੇਲ ਸਿੰਘ, ਜੋ ਆਪਣੇ 12 ਏਕੜ ਰਕਬੇ ਵਿਚ ਝੋਨੇੇ ਅਤੇ ਕਣਕ ਦੀ ਖੇਤੀ ਕਰਦਾ ਹੈ, ਪਰਾਲੀ ਨੂੰ ਬਿਨ੍ਹਾਂ ਅੱਗ ਲਗਾਇਆਂ ਖੇਤੀਬਾੜੀ ਕਰਦਾ ਹੈ। ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਕਿਸਾਨ ਵੱਲਂੋ ਦੱਸਿਆ ਗਿਆ ਕਿ ਉਹ ਸਾਲ 2018 ਤੋਂ ਆਪਣੇ ਖੇਤ ਵਿੱਚ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਗਾਏ ਕਣਕ ਦੀ ਸਫਲ ਕਾਸ਼ਤ ਕਰ ਰਿਹਾ ਹੈ।ਕਿਸਾਨ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਸਮੇਂ—ਸਮੇ *ਤੇ ਲਗਾਏ ਜਾਣ ਵਾਲੇ ਜਾਗਰੂਕਤਾ ਕੈਂਪਾਂ ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਨਾਲ ਵਾਤਾਵਰਣ, ਮਿੱਤਰ ਕੀੜੇ ਅਤੇ ਧਰਤੀ ਦੀ ਉਪਜਾਉੂ ਸ਼ਕਤੀ ਨੂੰ ਹੁੰਦੇ ਨੁਕਸਾਨ ਸਬੰਧੀ ਦਿੱਤੀ ਜਾਣਕਾਰੀ ਤੋਂ ਪ੍ਰਭਾਵਿਤ ਹੋ ਕਿ ਉਸ ਨੇ ਝੋਨੇ ਦੀ ਪਰਾਲੀ ਖੇਤ ਵਿੱਚ ਹੀ ਪ੍ਰਬੰਧਨ ਕਰਨ ਦਾ ਫੈਸਲਾ ਕੀਤਾ ਅਤੇ ਖੇਤੀਬਾੜੀ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਾਲ 2018 ਦੌਰਾਨ ਉਸ ਨੇ ਪਰਾਲੀ ਦੀਆਂ ਬੇਲਰ ਨਾਲ ਗੱਠਾਂ ਬਣਾਕੇ ਗੱਠਾਂ ਗਊਸਾਲਾ ਵਿੱਚ ਦਿੱਤੀਆਂ ਅਤੇ ਹੈਪੀ ਸੀਡਰ ਨਾਲ ਕਣਕ ਦੀ ਬਿਜਾਈ ਕੀਤੀ। ਕਿਸਾਨ ਨੇ ਦੱਸਿਆ ਕਿ ਸਾਲ 2019 ਦੌਰਾਨ ਉਸ ਨੇ ਸੁਪਰ ਐੱਸ.ਐੱਮ.ਐੱਸ. ਵਾਲੀ ਕੰਬਾਇਨ ਤੋਂ ਝੋਨਾ ਵਡਾ ਕੇ ਐੱਮ.ਬੀ. ਪਲਾਓ ਹਲਾਂ ਨਾਲ ਪਰਾਲੀ ਨੂੰ ਖੇਤ ਵਿੱਚ ਹੀ ਮਿਲਾਇਆ ਅਤੇ ਵੱਤਰ ਆਉਣ *ਤੇ ਰੋਟਾਵੇਟਰ ਨਾਲ ਵਾਹ ਕਿ ਜੀਰੋ ਡਰਿੱਲ ਨਾਲ ਕਣਕ ਦੀ ਬਿਜਾਈ ਕੀਤੀ।ਕਿਸਾਨ ਵੱਲੋਂ ਦੱਸਿਆ ਗਿਆ ਕਿ ਝੋਨੇ ਦੀ ਪਰਾਲੀ ਦਾ ਖੇਤ ਵਿੱਚ ਹੀ ਪ੍ਰਬੰਧਨ ਕਰਨ ਨਾਲ ਪਾਣੀ ਦੀ ਬੱਚਤ ਹੁੰਦੀ ਹੈ ਅਤੇ ਮਿੱਟੀ ਦੀ ਉਪਜਾਊ ਸਕਤੀ ਵੱਧਣ ਨਾਲ ਖੇਤ ਵਿੱਚ ਖਾਦਾਂ ਦੀ ਜਰੂਰਤ ਘੱਟ ਜਾਂਦੀ ਹੈ ਅਤੇ ਕਣਕ ਦਾ ਝਾੜ ਵੀ ਬਰਾਬਰ ਰਹਿੰਦਾ ਹੈ। ਇਸ ਅਗਾਂਹਵਧੂ ਕਿਸਾਨ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਇਸ ਸਾਲ ਵੀ 12 ਏਕੜ ਰਕਬੇ ਵਿੱਚ ਝੋਨੇ ਦੀ ਪਰਾਲੀ ਨੂੰ ਬਿਨਾ ਅੱਗ ਲਗਾਏ ਕਣਕ ਦੀ ਬਿਜਾਈ ਕਰੇਗਾ ਅਤੇ ਪਿੰਡ ਦੇ ਹੋਰ ਨੌਜਵਾਨ ਕਿਸਾਨਾਂ ਨੂੰ ਵੀ ਇਸ ਸਬੰਧੀ ਪ੍ਰੇਰਿਤ ਕਰੇਗਾ।