1200 ਪਟਵਾਰੀਆਂ ਦੀਆਂ ਅਸਾਮੀਆਂ ਨੂੰ ਜਲਦੀ ਦਿੱਤੀ ਜਾਵੇਗੀ ਮਨਜ਼ੂਰੀ : ਕਾਂਗੜ

0
64

ਮਾਨਸਾ, 09 ਅਗਸਤ (ਸਾਰਾ ਯਹਾ,(ਬਲਜੀਤ ਸ਼ਰਮਾ) : ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਮਾਨਸਾ ਦੀ ਬੁਲਾਈ ਗਈ ਬੈਠਕ ਦੀ ਪ੍ਰਧਾਨਗੀ ਕਰਦਿਆਂ ਮਾਲ, ਪੁਨਰਵਾਸ ਅਤੇ ਆਫਤ ਪ੍ਰਬੰਧਨ ਮੰਤਰੀ ਪੰਜਾਬ ਸ੍ਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਅੱਜ ਕਮੇਟੀ ਦੇ ਸਾਰੇ ਮੈਂਬਰਾਂ ਨਾਲ ਜ਼ਿਲ੍ਹੇ ਦੇ ਵੱਖ-ਵੱਖ ਵਿਕਾਸ ਕਾਰਜਾਂ ਅਤੇ ਸਮੱਸਿਆਵਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਪੰਜਾਬ ਸਰਕਾਰ ਦੁਆਰਾ ਬੇਰੁਜ਼ਗਾਰਾਂ ਲਈ ਕੀਤੇ ਜਾਣ ਵਾਲੇ ਉਪਰਾਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦਿਵਾਉਣ ਲਈ ਪਾਬੰਦ ਹੈ ਜਿਸ ਤਹਿਤ ਪਟਵਾਰੀਆਂ ਦੀਆਂ 1200 ਅਸਾਮੀਆਂ ਨੂੰ ਜਲਦ ਪ੍ਰਵਾਨਗੀ ਦਿੱਤੀ ਜਾਵੇਗੀ। ਇਨ੍ਹਾਂ ਅਸਾਮੀਆਂ ਦੀ ਪੂਰਤੀ ਨਾਲ ਨਾ ਸਿਰਫ਼ ਮਾਲ ਮਹਿਕਮੇ ਸਬੰਧੀ ਕੰਮ ਤੇਜ਼ੀ ਨਾਲ ਹੋਣਗੇ ਬਲਕਿ ਨੌਜਵਾਨਾਂ ਨੂੰ ਵੀ ਰੁਜ਼ਗਾਰ ਮਿਲੇਗਾ। 
ਪੱਤਰਕਾਰਾਂ ਦੇ ਸਵਾਲ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਜੰਮੂ ਕਸ਼ਮੀਰ ਦੀ ਵੰਡ ਸਬੰਧੀ ਪਾਕਿਸਤਾਨ ਦਾ ਪੰਜਾਬ ਉੱਤੇ ਕੋਈ ਅਸਰ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਵਿਚ ਸ਼ਾਂਤੀਪੂਰਨ ਮਹੌਲ ਬਣਿਆ ਹੋਇਆ ਹੈ।    
ਪ੍ਰੈਸ ਵਾਰਤਾ ਤੋਂ ਪਹਿਲਾਂ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਪੱਧਰ ’ਤੇ ਸ਼ਿਕਾਇਤ ਨਿਵਾਰਣ ਕਮੇਟੀਆਂ ਦਾ ਗਠਨ ਕੀਤਾ ਗਿਆ, ਤਾਂ ਜੋ ਸਮਾਜ ਦੇ ਵੱਖ-ਵੱਖ ਖੇਤਰਾਂ ਦੇ ਸੂਝਵਾਨ ਨੁਮਾਇੰਦਿਆਂ ਰਾਹੀਂ ਪੰਜਾਬ ਦੇ ਜ਼ਿਲਿ੍ਹਆਂ ਦਾ ਵਿਕਾਸ ਕੀਤਾ ਜਾ ਸਕੇ। ਉਨ੍ਹਾਂ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਦੇ ਮੈਂਬਰਾਂ ਵੱਲੋਂ ਉਠਾਏ ਗਏ ਮੁੱਦਿਆਂ ਅਤੇ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇ ਅਤੇ ਸਰਕਾਰ ਦੀਆਂ ਸਕੀਮਾਂ ਦਾ ਲਾਹਾ ਲੋੜਵੰਦਾਂ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ।
ਇਸ ਮੌਕੇ ਡਿਪਟੀ ਕਮਿਸ਼ਨਰ ਮਾਨਸਾ ਸ੍ਰੀਮਤੀ ਅਪਨੀਤ ਰਿਆਤ ਨੇ ਉਨ੍ਹਾਂ ਨੂੰ ਜ਼ਿਲ੍ਹਾ ਮਾਨਸਾ ’ਚ ਚਲਾਏ ਜਾ ਰਹੇ ਵੱਖ-ਵੱਖ ਵਿਕਾਸ ਕੰਮਾਂ ਬਾਰੇ ਦੱਸਿਆ। ਕਮੇਟੀ ਮੈਂਬਰਾਂ ਦੁਆਰਾ ਰਾਸ਼ਨ ਕਾਰਡਾਂ ਦੀ ਮੁੜ ਪੜਚੋਲ ਬਾਰੇ ਨੁਕਤੇ ਸਾਂਝੇ ਕੀਤੇ ਗਏ। ਉਨ੍ਹਾਂ ਇਸ ਸਬੰਧੀ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਹ ਕੰਮ ਪਾਰਦਰਸ਼ਤਾ ਨਾਲ ਕੀਤਾ ਜਾਵੇ। ਮੈਂਬਰਾਂ ਦੁਆਰਾ ਉਠਾਏ ਗਏ ਹੱਡਾ ਰੋੜੀ ਦੇ ਦੇ ਮੁੱਦੇ ਤੇ ਬੋਲਦਿਆਂ ਸੀ੍ਰ ਕਾਂਗੜ ਨੇ ਕਿਹਾ ਕਿ ਇਸ ਦੇ ਪੁਖ਼ਤਾ ਪ੍ਰਬੰਧ ਲਈ ਮੁੱਖ ਮੰਤਰੀ ਪੰਜਾਬ ਵੱਲੋਂ ਤਿੰਨ ਮੈਂਬਰੀ ਕਮੇਟੀ ਬਣਾ ਦਿੱਤੀ ਗਈ ਹੈ। ਸਕੂਲ ਵੈਨਾਂ ਦੇ ਮੁੱਦੇ ਤੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸਕੂਲ ਵੈਨਾ ਦੇ ਡਰਾਇਵਰਾਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾਣ ਤਾਂ ਜੋ ਉਹ ਨਿਯਮਾਂ ਅਨੁਸਾਰ ਸਕੂਲੀ ਬੱਚਿਆਂ ਨੂੰ ਲਿਜਾਣ ਅਤੇ ਛੱਡਣ ਦੇ ਕੰਮ ਵਿਚ ਸਾਵਧਾਨੀ ਵਰਤਣ ਅਤੇ ਨਾਲ ਹੀ ਬੱਚਿਆਂ ਦੀ ਦੇਖਰੇਖ ਲਈ ਕੰਡਕਟਰ ਵੀ ਸਕੂਨ ਵੈਨ ਵਿਚ ਹੋਣਾ ਲਾਜ਼ਮੀ ਕੀਤਾ ਜਾਵੇ।  


ਇਸ ਤੋਂ ਇਲਾਵਾ ਵੱਖ-ਵੱਖ ਕਮੇਟੀ ਮੈਂਬਰਾਂ ਵੱਲੋਂ ਉਠਾਏ ਗਏ ਮੁੱਦਿਆਂ ਨੂੰ ਹੱਲ ਕਰਨ ਲਈ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ। 
ਇਸ ਮੌਕੇ ਮੈਂਬਰ ਰਾਜ ਸਭਾ ਸ੍ਰੀ ਬਲਵਿੰਦਰ ਸਿੰਘ ਭੂੰਦੜ, ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ, ਐਸ.ਐਸ.ਪੀ. ਸ੍ਰੀ ਨਰਿੰਦਰ ਭਾਰਗਵ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਜਦੀਪ ਸਿੰਘ ਬਰਾੜ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਗੁਰਮੀਤ ਸਿੰਘ ਸਿੱਧੂ, ਸਹਾਇਕ ਕਮਿਸ਼ਨਰ ਸ੍ਰੀ ਨਵਦੀਪ ਕੁਮਾਰ, ਐਸ.ਡੀ.ਐਮ. ਮਾਨਸਾ ਸ੍ਰੀ ਅਭੀਜੀਤ ਕਪਲਿਸ਼, ਐਸ.ਡੀ.ਐਮ. ਬੁਢਲਾਡਾ ਸ੍ਰੀ ਅਦਿੱਤਯ ਡੇਚਲਵਾਲ, ਐਸ.ਡੀ.ਐਮ. ਸਰਦੂਲਗੜ੍ਹ ਸ੍ਰੀ ਲਤੀਫ਼ ਅਹਿਮਦ, ਕਾਂਗਰਸੀ ਆਗੂ ਡਾ. ਮਨੋਜ ਬਾਂਸਲ ਮੌਜੂਦ ਸਨ।

LEAVE A REPLY

Please enter your comment!
Please enter your name here