-15 ਅਪ੍ਰੈਲ ਤੋਂ ਸ਼ੁਰੂ ਹੋਣ ਵਾਲੀ ਕਣਕ ਦੀ ਖਰੀਦ ਸਬੰਧੀ ਡਿਪਟੀ ਕਮਿਸ਼ਨਰ ਨੇ ਆੜ੍ਹਤੀ, ਟਰਾਂਸਪੋਰਟਰ ਅਤੇ ਲੇਬਰ ਯੁਨੀਅਨਾਂ ਨਾਲ ਕੀਤੀ ਮੀਟਿੰਗ

0
39

ਮਾਨਸਾ, 14 ਅਪ੍ਰੈਲ(ਸਾਰਾ ਯਹਾ, ਬਲਜੀਤ ਸ਼ਰਮਾ): ਜ਼ਿਲ੍ਹੇ ਅੰਦਰ 15 ਅਪ੍ਰੈਲ ਤੋਂ ਹੋਣ ਵਾਲੀ ਕਣਕ ਦੀ ਖਰੀਦ ਸਬੰਧੀ ਅੱਜ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਗੁਰਪਾਲ ਸਿੰਘ ਚਹਿਲ ਨੇ ਆੜ੍ਹਤੀ, ਟਰਾਂਸਪੋਰਟਰ ਅਤੇ ਲੇਬਰ ਯੁਨੀਅਨਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਖਰੀਦ ਕੇਂਦਰਾਂ ਵਿੱਚ ਕਣਕ ਦੀ ਖਰੀਦ ਸਬੰਧੀ ਪ੍ਰਬੰਧ ਮੁਕੰਮਲ ਕੀਤੇ ਜਾ ਚੁੱਕੇ ਹਨ ਅਤੇ ਕਿਸਾਨਾਂ ਨੂੰ ਕੋਈ ਵੀ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਖਰੀਦ ਕੇਂਦਰਾਂ ਵਿੱਚ ਆਪਣੀ ਫਸਲ ਵੇਚਣ ਲਈ ਸਬੰਧਤ ਕਿਸਾਨ ਕੋਲ ਟਰਾਲੀ ਪਾਸ ਹੋਣਾ ਲਾਜ਼ਮੀ ਹੈ ਅਤੇ ਬਿਨ੍ਹਾਂ ਪਾਸ ਤੋਂ ਫਸਲ ਦੀ ਖਰੀਦ ਨਹੀਂ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਸ਼੍ਰੀ ਚਹਿਲ ਨੇ ਕਿਹਾ ਕਿ ਜ਼ਿਲ੍ਹੇ ਦੇ 115 ਖਰੀਦ ਕੇਂਦਰਾਂ ਵਿੱਚ ਪਾਣੀ, ਬਿਜਲੀ ਤੋਂ ਇਲਾਵਾ ਹੋਰ ਜ਼ਰੂਰੀ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨੋਵਲ ਕੋਰੋਨਾ ਵਾਇਰਸ (ਕੋਵਿਡ-19) ਦੇ ਚੱਲਦਿਆਂ ਖਰੀਦ ਕੇਂਦਰਾਂ ਵਿੱਚ ਸਮਾਜਿਕ ਦੂਰੀ ਦਾ ਵੀ ਪੂਰਾ ਧਿਆਨ ਰੱਖਿਆ ਜਾਵੇ ਅਤੇ ਹਰੇਕ ਵਿਅਕਤੀ ਚਾਹੇ ਉਹ ਕਿਸਾਨ, ਆੜਤੀ, ਲੇਬਰ ਜਾਂ ਸਰਕਾਰ ਮੁਲਾਜ਼ਮ ਹੋਵੇ, ਦਾ ਮੂੰਹ ਢੱਕਿਆ ਹੋਣਾ ਚਾਹੀਦਾ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਕੋਰੋਨਾ ਵਾਇਰਸ ਤੋਂ ਅਹਿਤਿਆਤ ਵਰਤਦਿਆਂ ਜਿਹੜਾ ਵਹੀਕਲ ਜਿਸ ਮੰਡੀ ਵਿੱਚ ਇੱਕ ਵਾਰ ਜਾਂਦਾ ਹੈ, ਉਹ ਉਸ ਮੰਡੀ ਵਿੱਚ ਹੀ ਜਾਵੇਗਾ ਅਤੇ ਮੰਡੀ ਨਹੀਂ ਬਦਲੇਗਾ। ਉਨ੍ਹਾਂ ਕਿਹਾ ਕਿ ਖਰੀਦ ਕੇਂਦਰਾਂ ਵਿੱਚ ਪੇਂਟ ਨਾਲ 30×30 ਦੇ ਖਾਣੇ ਬਣਾਏ ਗਏ ਹਨ, ਜਿਨ੍ਹਾਂ ਵਿੱਚ ਇੱਕ ਹੀ ਢੇਰੀ ਕਣਕ ਦੀ ਰੱਖੀ ਜਾ ਸਕੇਗੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਰੋਨਾ ਵਾਇਰਸ ਦੇ ਚੱਲਦਿਆਂ ਇਸ ਵਾਰ ਸਰਕਾਰ ਵੱਲੋਂ ਸੀਜ਼ਨ 45 ਦਿਨਾਂ ਦਾ ਕੀਤਾ ਗਿਆ ਹੈ, ਤਾਂ ਜੋ ਮੰਡੀਆਂ ਅੰਦਰ ਭੀੜ ਨਾ ਹੋ ਸਕੇ ਅਤੇ ਕਣਕ ਦੀ ਖਰੀਦ ਦਾ ਕੰਮ ਨਿਰਵਿਘਨ ਚੱਲਦਾ ਰਹੇ। ਉਨ੍ਹਾਂ ਨਾਲ ਹੀ ਕਿਹਾ ਕਿ ਇਸ ਬਿਮਾਰੀ ਤੋਂ ਬੱਚਣ ਲਈ ਹਰੇਕ ਵਿਅਕਤੀ ਦੂਸਰੇ ਵਿਅਕਤੀ ਤੋਂ ਦੂਰੀ ਬਣਾ ਕੇ ਰੱਖੇ ਅਤੇ ਖਾਣਾ ਖਾਣ ਸਮੇਂ ਵੀ ਨਿਸ਼ਚਿਤ ਦੂਰੀ ਬਣਾਈ ਜਾਵੇ ਕਿਉਂਕਿ ਇਹ ਬਿਮਾਰੀ ਇੱਕ ਵਿਅਕਤੀ ਤੋਂ ਦੂਜੇ ਵਿਅਕਤੀ ਵਿੱਚ ਬੜੀ ਆਸਾਨੀ ਨਾਲ ਫੈਲਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਅਤੇ ਲੇਬਰ ਨੂੰ ਸੈਨੇਟਾਈਜ਼ਰ ਅਤੇ ਮਾਸਕ ਵੀ ਮੁਹੱਈਆ ਕਰਵਾਉਣੇ ਯਕੀਨੀ ਬਣਾਏ ਜਾਣਗੇ।
ਇਸ ਮੌਕੇ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਸ਼੍ਰੀਮਤੀ ਮਧੂ, ਜ਼ਿਲ੍ਹਾ ਮੰਡੀ ਅਫ਼ਸਰ ਸ਼੍ਰੀ ਰਜਨੀਸ਼ ਗੋਇਲ, ਐਸ.ਓ. ਸ਼੍ਰੀ ਅਸ਼ਵਨੀ ਕੁਮਾਰ ਮੌਜੂਦ ਸਨ।

NO COMMENTS