*15 ਨਵੰਬਰ ਤੱਕ ਡੀ.ਏ.ਪੀ. ਅਤੇ ਹੋਰ ਬਦਲ ਖਾਦਾਂ ਦੇ ਲੱਗਣਗੇ 5 ਰੈਕ-ਮੁੱਖ ਖੇਤੀਬਾੜੀ ਅਫ਼ਸਰ*

0
79

ਮਾਨਸਾ, 07 ਨਵੰਬਰ :  (ਸਾਰਾ ਯਹਾਂ/ਮੁੱਖ ਸੰਪਾਦਕ)
ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਦੀ ਯੋਗ ਅਗਵਾਈ ਅਤੇ ਦਿਸ਼ਾ-ਨਿਰਦੇਸ਼ਾਂ ਤਹਿਤ ਖੇਤੀਬਾੜੀ ਵਿਭਾਗ ਮਾਨਸਾ ਵੱਲੋਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾ ਕੇ ਉਨ੍ਹਾਂ ਦੇ ਯੋਗ ਪ੍ਰਬੰਧਨ ਲਈ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਡੀ.ਏ.ਪੀ. ਦੇ ਨਾਲ-ਨਾਲ ਹੋਰ ਮਨਜ਼ੂਰਸ਼ੁਦਾ ਖਾਦਾਂ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਸੰਬਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਵਿੰਦਰ ਸਿੰਘ ਨੇ ਦੱਸਿਆ ਕਿ ਕਿਸਾਨ ਵੀਰਾਂ ਨੂੰ ਕਣਕ ਦੀ ਬਿਜਾਈ ਸਬੰਧੀ ਖਾਦ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ 15 ਨਵੰਬਰ ਤੱਕ ਮਾਨਸਾ ਜ਼ਿਲ੍ਹੇ ਲਈ ਡੀ.ਏ.ਪੀ. ਅਤੇ ਹੋਰ ਬਦਲ ਖਾਦਾਂ ਦੇ 5 ਹੋਰ ਰੈਕ ਲੱਗਣਗੇ ਅਤੇ ਕਿਸਾਨਾਂ ਨੂੰ ਨਿਸ਼ਚਿਤ ਸਮੇਂ ਅੰਦਰ ਖਾਦ ਦੀ ਪੂਰਣ ਸਪਲਾਈ ਮੁਹੱਈਆ ਕਰਵਾਈ ਜਾਵੇਗੀ।
ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫਾਰਿਸ਼ਾਂ ਅਨੁਸਾਰ ਹੀ ਖਾਦਾਂ ਦੀ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ ਡੀ.ਏ.ਪੀ ਤੋਂ ਇਲਾਵਾ ਟ੍ਰਿਪਲ ਸੁਪਰ ਫਾਸਫੇਟ 46 ਫੀਸਦੀ ਖਾਦ ਵੀ ਕਣਕ ਦੀ ਬਿਜਾਈ ਲਈ ਮੌਜੂਦ ਹੈ, ਜਿਸ ਵਿੱਚ ਡੀ.ਏ.ਪੀ ਖਾਦ ਦੀ ਬਰਾਬਰ ਮਾਤਰਾ ਵਿੱਚ 46 ਫੀਸਦੀ ਫਾਸਫੋਰਸ ਤੱਤ ਮੌਜੂਦ ਹੈ। ਉਨ੍ਹਾਂ ਦੱਸਿਆ ਕਿ ਤੱਤਾਂ ਦੀ ਪੂਰਤੀ ਲਈ ਜੈਵਿਕ ਖਾਦਾਂ, ਜੀਵਾਣੂ ਅਤੇ ਰਸਾਇਣਕ ਖਾਦਾਂ ਦੇ ਸੁਮੇਲ ਦੀ ਵਰਤੋਂ ਕਰਕੇ ਕਰਨੀ ਚਾਹੀਦੀ ਹੈ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਪ੍ਰਤੀ ਏਕੜ ਇਕ ਬੈਗ ਡੀ.ਏ.ਪੀ ਜਾਂ ਟੀ.ਐਸ.ਪੀ ਖਾਦ ਦੀ ਵਰਤੋਂ ਕਰਕੇ ਕਣਕ ਦੀ ਬਿਜਾਈ ਕੀਤੀ ਜਾਵੇ। ਜੇਕਰ ਟੀ.ਐਸ.ਪੀ 46 ਫੀਸਦੀ ਖਾਦ ਦੀ ਵਰਤੋਂ ਕਰਨੀ ਹੋਵੇ, ਤਾਂ ਇਸ ਨਾਲ 20 ਕਿਲੋਗ੍ਰਾਮ ਯੂਰੀਆ ਖਾਦ ਪ੍ਰਤੀ ਏਕੜ ਬਿਜਾਈ ਸਮੇਂ ਛੱਟੇ ਨਾਲ ਵਰਤੀ ਜਾ ਸਕਦੀ ਹੈ, ਜਿਸ ਨਾਲ ਡੀ.ਏ.ਪੀ ਖਾਦ ਦੇ ਬਰਾਬਰ ਮਾਤਰਾ ਵਿੱਚ ਨਾਈਟ੍ਰੋਜਨ ਅਤੇ ਫਾਸਫੋਰਸ ਤੱਤ ਦੀ ਪੂਰਤੀ ਕੀਤੀ ਜਾ ਸਕਦੀ ਹੈ।
ਉਨ੍ਹਾਂ ਕਿਹਾ ਕਿ ਜੇਕਰ ਕਣਕ ਦੀ ਬਿਜਾਈ ਸਿੰਗਲ ਸੁਪਰ ਫਾਸਫੇਟ 16 ਫੀਸਦੀ (ਫਾਸਫੋਰਸ) ਖਾਦ ਦੀ ਵਰਤੋਂ ਕਰਕੇ ਕਰਨੀ ਹੋਵੇ ਤਾਂ 155 ਕਿਲੋਗ੍ਰਾਮ ਸਿੰਗਲ ਸੁਪਰ ਫਾਸਫੇਟ 16 ਫੀਸਦੀ ਪ੍ਰਤੀ ਏਕੜ ਵਰਤ ਕੇ ਕਣਕ ਦੀ ਫਸਲ ਵਿੱਚ ਫਾਸਫੋਰਸ ਤੱਤ ਦੀ ਪੂਰਤੀ ਲਈ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਕਣਕ ਦੀ ਫਸਲ ਵਿੱਚ ਖਾਦ ਦੀ ਵਰਤੋਂ ਸਬੰਧੀ ਕਿਸੇ ਵੀ ਕਿਸਮ ਦੀ ਜਾਣਕਾਰੀ ਲਈ ਕਿਸਾਨ ਵੀਰ ਆਪਣੇ ਨਜ਼ਦੀਕੀ ਖੇਤੀਬਾੜੀ ਦਫਤਰ ਵਿਖੇ ਸੰਪਰਕ ਕਰ ਸਕਦੇ ਹਨ।

LEAVE A REPLY

Please enter your comment!
Please enter your name here