*208 ਗ੍ਰਾਮ ਪੰਚਾਇਤਾਂ ਵੱਲੋਂ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਦੇ ਮਤੇ ਪਾਏ-ਟੀ.ਬੈਨਿਥ*

0
57

ਮਾਨਸਾ, 12 ਅਕਤੂਬਰ (ਸਾਰਾ ਯਹਾਂ/ ਮੁੱਖ ਸੰਪਾਦਕ ) : ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਟੀ.ਬੈਨਿਥ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ ਕਿ ਉਹ ਪਰਾਲੀ ਜਾਂ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾ ਕੇ ਧਰਤੀ ਵਿੱਚ ਹੀ ਵਾਹ ਦੇਣ ਤਾਂ ਜੋ ਜ਼ਮੀਨ ਦੀ ਉਪਜਾਊ ਸ਼ਕਤੀ ਬਣੀ ਰਹੇ।
ਉਨ੍ਹਾਂ ਦੱਸਿਆ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਿੱਥੇ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ, ਉਥੇ ਲੋਕਾਂ ਨੂੰ ਸਾਹ ਲੈਣ ਵਿੱਚ ਵੀ ਦਿੱਕਤ ਪੇਸ਼ ਆਉਂਦੀ ਹੈ। ਇਸ ਤੋਂ ਇਲਾਵਾ ਨਵੀਆਂ-ਨਵੀਆਂ ਬਿਮਾਰੀਆਂ, ਜ਼ਮੀਨ ਵਿੱਚੋਂ ਲੋੜੀਂਦੇ ਤੱਤ ਖ਼ਤਮ ਹੋਣਾ ਅਤੇ ਈਕੋ ਸਿਸਟਮ ਵੀ ਪ੍ਰਭਾਵਿਤ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ 245 ਗ੍ਰਾਮ ਪੰਚਾਇਤਾਂ ਵਿੱਚੋਂ 208 ਗ੍ਰਾਮ ਪੰਚਾਇਤਾਂ ਵੱਲੋਂ ਆਪਣੀ-ਆਪਣੀ ਗ੍ਰਾਮ ਸਭਾਵਾਂ ਕਰਕੇ ਮਤੇ ਪਾਏ ਜਾ ਚੁੱਕੇ ਹਨ ਕਿ ਉਨ੍ਹਾਂ ਦੇ ਪਿੰਡ ਵਿੱਚ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਨਹੀਂ ਲਗਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਪ੍ਰੇਰਿਤ ਕਰਨ ਲਈ ਪਿੰਡਾਂ ਦੀਆਂ ਧਾਰਮਿਕ ਥਾਂਵਾਂ ਤੋਂ ਰੋਜ਼ਾਨਾ ਮੁਨਾਦੀ ਵੀ ਕਰਵਾਈ ਜਾ ਰਹੀ ਹੈ ਜਿਸ ਵਿੱਚ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ ਜਾਂਦੀ ਹੈ ਅਤੇ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਤੋਂ ਵੀ ਜਾਣੂ ਕਰਵਾਇਆ ਜਾਂਦਾ ਹੈ।
ਸ਼੍ਰੀ ਟੀ.ਬੈਨਿਥ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਪਰਾਲੀ ਨੂੰ ਮੁੜ ਵਰਤੋਂ ਵਿੱਚ ਲਿਆਉਣ ਲਈ 2 ਫੈਕਟਰੀਆਂ ਪਿੰਡ ਖੋਖਰ ਕਲਾਂ ਅਤੇ ਭੀਖੀ ਵਿਖੇ ਕੰਮ ਕਰ ਰਹੀਆਂ ਹਨ। ਇਨ੍ਹਾਂ ਫੈਕਟਰੀਆਂ ਦੇ ਆਲੇ-ਦੁਆਲੇ ਪੈਂਦੇ 20-20 ਪਿੰਡਾਂ ਦੇ ਕਿਸਾਨਾਂ ਨਾਲ ਫੈਕਟਰੀ ਦੇ ਅਧਿਕਾਰੀਆਂ ਦੀ ਮੀਟਿੰਗ ਕਰਵਾਈ ਗਈ ਤਾਂ ਜੋ ਕਿਸਾਨ ਪਰਾਲੀ ਨੂੰ ਵੇਚਕੇ ਲਾਭ ਪ੍ਰਾਪਤ ਕਰ ਸਕਣ। ਉਨ੍ਹਾਂ ਦੱਸਿਆ ਕਿ ਪਰਾਲੀ ਨੂੰ ਸਟੋਰ ਕਰਨ ਲਈ ਬਲਾਕ ਪੱਧਰ ’ਤੇ 07 ਕਲਸਟਰ ਬਣਾਏ ਜਾ ਚੁੱਕੇ ਹਨ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਉਨ੍ਹਾਂ ਕੋਲ ਵਾਧੂ ਪਰਾਲੀ ਹੈ ਤਾਂ ਉਹ ਨੇੜੇ ਲੱਗਦੀ ਗਊਸ਼ਾਲਾ ਵਿੱਚ ਦਾਨ ਦੇ ਸਕਦੇ ਹਨ ਤਾਂ ਜੋ ਲੋੜ ਪੈਣ ’ਤੇ ਗਊਸ਼ਾਲਾ ਇਸ ਪਰਾਲੀ ਨੂੰ ਸੁੱਕੇ ਚਾਰੇ ਵਜੋਂ ਜਾਂ ਬੈਡਿੰਗ ਮਟੀਰਿਅਲ ਵਜੋਂ ਵਰਤ ਸਕੇ।  

NO COMMENTS