
ਚੰਡੀਗੜ੍ਹ, 2 ਦਸੰਬਰ (ਸਾਰਾ ਯਹਾਂ/ਮੁੱਖ ਸੰਪਾਦਕ ):ਆਪਣੇ ਵਾਅਦੇ ‘ਤੇ ਖਰਾ ਉਤਰਦਿਆਂ ਉਚੇਰੀ ਸਿੱਖਿਆ ਤੇ ਭਾਸ਼ਾ ਮੰਤਰੀ ਪਰਗਟ ਸਿੰਘ ਨੇ ਅੱਜ ਸੂਬੇ ਦੇ ਸਰਕਾਰੀ ਕਾਲਜਾਂ ਲਈ ਨਵੇਂ ਭਰਤੀ ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਨੂੰ ਨਿਯੁਕਤੀ ਪੱਤਰ ਸੌਂਪੇ।
ਪਰਗਟ ਸਿੰਘ ਨੇ ਦੱਸਿਆ ਕਿ ਇਹ ਸੂਬੇ ਵਿੱਚ ਉਚੇਰੀ ਸਿੱਖਿਆ ਦੇ ਖੇਤਰ ਲਈ ਇੱਕ ਮਹੱਤਵਪੂਰਨ ਪਲ ਹੈ ਕਿਉਂਕਿ 1996 ਤੋਂ ਬਾਅਦ ਭਾਵ 25 ਸਾਲਾਂ ਦੇ ਲੰਬੇ ਅਰਸੇ ਤੋਂ ਬਾਅਦ ਰੈਗੂਲਰ ਨਿਯੁਕਤੀਆਂ ਕੀਤੀਆਂ ਗਈਆਂ ਹਨ।
ਉਚੇਰੀ ਸਿੱਖਿਆ ਮੰਤਰੀ ਨੇ 19 ਅਕਤੂਬਰ ਨੂੰ ਸਰਕਾਰੀ ਕਾਲਜਾਂ ਵਿੱਚ ਟੀਚਿੰਗ ਕਾਡਰ ਦੀਆਂ 1091 ਅਤੇ ਲਾਇਬ੍ਰੇਰੀਅਨ ਦੀਆਂ 67 ਅਸਾਮੀਆਂ ਸਮੇਤ 1158 ਅਸਾਮੀਆਂ ‘ਤੇ 45 ਦਿਨਾਂ ਦੇ ਅੰਦਰ-ਅੰਦਰ ਭਰਤੀ ਕਰਨ ਦਾ ਵਾਅਦਾ ਕੀਤਾ ਸੀ।ਅੱਜ ਇੱਥੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਿਨਿਸਟ੍ਰੇਸ਼ਨ (ਮੈਗਸੀਪਾ) ਵਿਖੇ ਇਕ ਸਮਾਗਮ ਦੌਰਾਨ ਪਰਗਟ ਸਿੰਘ ਨੇ 125 ਨਵੇਂ ਭਰਤੀ ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਦਕਿ ਬਾਕੀ ਰਹਿੰਦੇ ਸਹਾਇਕ ਪ੍ਰੋਫੈਸਰਾਂ ਨੂੰ ਵੀ ਜਲਦ ਹੀ ਨਿਯੁਕਤੀ ਪੱਤਰ ਸੌਂਪੇ ਜਾਣਗੇ।
ਪਰਗਟ ਸਿੰਘ ਨੇ ਕਿਹਾ, “ਮੈਂ ਨਵ-ਨਿਯੁਕਤ ਅਧਿਆਪਕਾਂ ਨੂੰ ਸ਼ੁੱਭਕਾਮਨਾਵਾਂ ਦਿੰਦਾ ਹਾਂ ਅਤੇ ਉਮੀਦ ਕਰਦਾ ਹਾਂ ਕਿ ਉਹ ਪੰਜਾਬ ਦੀ ਉਚੇਰੀ ਸਿੱਖਿਆ ਨੂੰ ਨਵੀਆਂ ਬੁਲੰਦੀਆਂ ‘ਤੇ ਲੈ ਕੇ ਜਾਣਗੇ।”

ਉਨ੍ਹਾਂ ਇਸ ਭਰਤੀ ਪ੍ਰਕਿਰਿਆ ਨੂੰ ਰਿਕਾਰਡ ਸਮੇਂ ਵਿੱਚ ਨੇਪਰੇ ਚਾੜ੍ਹਨ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਤੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੀ ਸਮੁੱਚੀ ਟੀਮ ਅਤੇ ਉਚੇਰੀ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਵਧਾਈ ਦਿੱਤੀ। ਉਹਨਾਂ ਅੱਗੇ ਕਿਹਾ ਕਿ ਇਹ ਪੂਰੀ ਭਰਤੀ ਯੂਜੀਸੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਤੀ ਗਈ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਦੇ ਸਰਕਾਰੀ ਕਾਲਜਾਂ ਵਿੱਚ ਢਾਈ ਦਹਾਕਿਆਂ ਬਾਅਦ ਸਹਾਇਕ ਪ੍ਰੋਫੈਸਰਾਂ ਦੀਆਂ ਅਸਾਮੀਆਂ ਭਰੀਆਂ ਜਾ ਰਹੀਆਂ ਹਨ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸਕੱਤਰ ਉਚੇਰੀ ਸਿੱਖਿਆ ਕ੍ਰਿਸ਼ਨ ਕੁਮਾਰ, ਡੀਪੀਆਈ (ਕਾਲਜਾਂ) ਉਪਕਾਰ ਸਿੰਘ, ਡੀਪੀਆਈ (ਸੈਕੰਡਰੀ ਸਿੱਖਿਆ) ਸੁਖਜੀਤ ਪਾਲ ਸਿੰਘ ਅਤੇ ਸਹਾਇਕ ਡਾਇਰੈਕਟਰ ਉਚੇਰੀ ਸਿੱਖਿਆ ਡਾ. ਗੁਰਦਰਸ਼ਨ ਸਿੰਘ ਬਰਾੜ ਹਾਜ਼ਰ ਸਨ।———
