
ਚੰਡੀਗੜ੍ਹ, 22 ਮਾਰਚ(ਸਾਰਾ ਯਹਾਂ/ਬਿਊਰੋ ਨਿਊਜ਼)ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਨਗਰ ਕੌਂਸਲ ਬਰਨਾਲਾ ਵਿਖੇ ਬਤੌਰ ਬਿਲਡਿੰਗ ਇੰਸਪੈਕਟਰ ਤਾਇਨਾਤ ਹਰਬਖਸ਼ ਸਿੰਘ ਨੂੰ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਬਰਨਾਲਾ ਨਿਵਾਸੀ ਰਸ਼ਪਾਲ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਬਿਲਡਿੰਗ ਇੰਸਪੈਕਟਰ ਹੰਡਿਆਇਆ ਚੌਂਕ ਬਰਨਾਲਾ ਵਿਖੇ ਸਥਿਤ ਉਸਦੀ ਮੋਟਰ ਵਰਕਸ਼ਾਪ ਦਾ ਨਕਸ਼ਾ ਪਾਸ ਕਰਵਾਉਣ ਬਦਲੇ 50,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਸੀ ਪਰ ਸੌਦਾ 25,000 ਰੁਪਏ ਵਿੱਚ ਤੈਅ ਹੋ ਗਿਆ ਹੈ।ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਥਾਣਾ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਤੇ ਉਸ ਨੂੰ ਭਲਕੇ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
