ਮਾਨਸਾ, 25 ਫਰਵਰੀ (ਸਾਰਾ ਯਹਾਂ/ ਮੁੱਖ ਸੰਪਾਦਕ ) : 27 ਫਰਵਰੀ ਤੋਂ 1 ਮਾਰਚ 2022 ਤੱਕ ਚੱਲਣ ਵਾਲੇ ਕੌਮੀ ਪਲਸ ਪੋਲਿਓ ਰਾਊਂਡ ਸਬੰਧੀ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਮਹਿੰਦਰ ਪਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਅਜੈ ਅਰੋੜਾ ਦੀ ਪ੍ਰਧਾਨਗੀ ਹੇਠ ਜ਼ਿਲਾ ਟਾਸਕ ਫੋਰਸ ਦੀ ਇੱਕ ਅਹਿਮ ਮੀਟਿੰਗ ਹੋਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ 0 ਤੋਂ 5 ਸਾਲ ਤੱਕ ਦਾ ਕੋਈ ਵੀ ਬੱਚਾ ਪੋਲਿਓ ਦੀ ਖੁਰਾਕ ਤੋਂ ਵਾਂਝਾ ਨਾ ਰਹੇ। ਉਨਾਂ ਕਿਹਾ ਕਿ ਜ਼ਿਲੇ ਅੰਦਰ ਕਰੀਬ 72259 ਬੱਚੇ ਹਨ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਹਰੇਕ ਬੱਚੇ ਨੂੰ ਪੋਲਿਓ ਦੀ ਖੁਰਾਕ ਜ਼ਰੂਰ ਮਿਲੇ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ 0 ਤੋਂ 5 ਸਾਲ ਦੇ ਬੱਚਿਆਂ ਨੂੰ ਆਪਣੇ ਨਜ਼ਦੀਕੀ ਪੋਲਿਓ ਬੂਥ ’ਤੇ ਦਵਾਈ ਜ਼ਰੂਰ ਪਿਲਾਉਣ। ਮੀਟਿੰਗ ਦੌਰਾਨ ਜ਼ਿਲਾ ਪਰਿਵਾਰ ਭਲਾਈ ਅਫਸ਼ਰ ਡਾ. ਵਿਜੇ ਕੁਮਾਰ ਨੇ ਦੱਸਿਆ ਕਿ ਜ਼ਿਲੇ ਦੇ 72259 ਬੱਚਿਆਂ ਨੂੰ ਪੋਲਿਓ ਖੁਰਾਕ ਦੇਣ ਲਈ 376 ਰੈਗੂਲਰ ਟੀਮਾਂ, 12 ਟਰਾਂਜ਼ਿਟ ਟੀਮਾਂ ਅਤੇ 15 ਮੋਬਾਇਲ ਟੀਮਾਂ ਦਾ ਗਠਨ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਜ਼ਿਲੇ ਅੰਦਰ 72 ਸੁਪਰਵਾਈਜ਼ਰ ਇਸ ਮੁਹਿੰਮ ਲਈ ਨਿਯੁਕਤ ਕੀਤੇ ਗਏ ਹਨ। ਉਨਾਂ ਦੱਸਿਆ ਕਿ ਟੀਮਾਂ ਵੱਲੋਂ 27 ਫਰਵਰੀ ਨੂੰ ਬੂਥਾਂ ’ਤੇ ਪੋਲਿਓ ਬੂੰਦਾਂ ਪਿਲਾਈਆਂ ਜਾਣਗੀਆਂ ਅਤੇ 28 ਫਰਵਰੀ ਤੇ 1 ਮਾਰਚ ਨੂੰ ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਘਰ-ਘਰ ਜਾ ਕੇ ਪੋਲਿਓ ਬੂੰਦਾਂ ਪਿਲਾਈਆਂ ਜਾਣਗੀਆਂ। ਉਨਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ ਜ਼ਿਲੇ ਦੇ ਕੁੱਲ 149 ਸ਼ੈਲਰਾਂ ਅਤੇ 164 ਭੱਠਿਆਂ ’ਤੇ ਜਾ ਕੇ ਵੀ ਨਿੱਕੇ ਬਾਲਾਂ ਨੂੰ ਪੋਲਿਓ ਖੁਰਾਕਾਂ ਦਿੱਤੀਆਂ ਜਾਣਗੀਆਂ, ਤਾਂ ਜੋ 0 ਤੋਂ 5 ਸਾਲ ਦੀ ਉਮਰ ਦਾ ਕੋਈ ਵੀ ਬੱਚਾ ਪੋਲਿਓ ਬੂੰਦਾਂ ਤੋਂ ਵਾਂਝਾ ਨਾ ਰਹੇ। ਉਨਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਬੱਸ ਸਟੈਂਡ, ਰੇਲਵੇ ਸਟੇਸ਼ਨ, ਸਲੱਮ ਏਰੀਆ, ਝੁੱਗੀਆਂ, ਝੌਂਪੜੀਆਂ ਅਤੇ ਹੋਰ ਜਨਤਕ ਥਾਵਾਂ ’ਤੇ ਜਾ ਕੇ ਪੋਲਿਓ ਬੂੰਦਾਂ ਪਿਲਾਈਆਂ ਜਾਣਗੀਆਂ। ਉਨਾਂ ਦੱਸਿਆ ਕਿ ਦੂਰ-ਦੁਰਾਡੇ ਦੇ ਇਲਾਕਿਆਂ ਵਿੱਚ ਬੱਚਿਆਂ ਨੂੰ ਪੋਲਿਓ ਬੂੰਦਾਂ ਪਿਲਾਉਣ ਲਈ ਮੋਬਾਇਲ ਟੀਮਾਂ ਲਗਾਈਆਂ ਗਈਆਂ ਹਨ। ਇਸ ਮੌਕੇ ਐਸ.ਡੀ.ਐਮ. ਮਾਨਸਾ ਹਰਜਿੰਦਰ ਸਿੰਘ ਜੱਸਲ, ਜ਼ਿਲਾ ਵਿਕਾਸ ਤੇ ਪੰਚਾਇਤ ਅਫ਼ਸਰ ਨਵਨੀਤ ਜੋਸ਼ੀ, ਜ਼ਿਲਾ ਟੀਕਾਕਰਨ ਅਫ਼ਸਰ ਡਾ. ਰਣਜੀਤ ਸਿੰਘ ਰਾਏ, ਜ਼ਿਲਾ ਪ੍ਰੋਗਰਾਮ ਅਫ਼ਸਰ ਪਰਦੀਪ ਸਿੰਘ ਗਿੱਲ ਤੋਂ ਇਲਾਵਾ ਹੋਰ ਅਧਿਕਾਰੀ ਮੌਜੂਦ ਸਨ।