ਬੁਢਲਾਡਾ 27 ਨਵੰਬਰ (ਸਾਰਾ ਯਹਾਂ/ਅਮਨ ਮੇਹਤਾ): ਪੰਜਾਬ ਰੋਡਵੇਜ ਪਨਬੱਸ/ਪੀ ਆਰ ਟੀ ਸੀ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਬੱਸ ਸਟੈਡ ਅੱਗੇ ਗੇਟ ਰੈਲੀ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਡੀਪੂ ਪ੍ਰਧਾਨ ਗੁਰਸੇਵਕ ਸਿੰਘ, ਸੀਨੀਅਰ ਮੀਤ ਪ੍ਰਧਾਨ ਗਰਜਾ ਸਿੰਘ ਨੇ ਕਿਹਾ ਕਿ ਸੱਤਾ ਹਾਸਿਲ ਕਰਨ ਤੋਂ ਪਹਿਲਾਂ ਕਾਂਗਰਸ ਸਰਕਾਰ ਵਲੋਂ ਸਰਕਾਰ ਬਣਨ ਤੇ ਪਹਿਲੀ ਕੈਬਨਿਟ ਮੀਟਿੰਗ ਵਿੱਚ ਠੇਕੇ ਤੇ ਕੰਮ ਕਰ ਰਹੇ ਮੁਲਾਜ਼ਮ ਪੱਕੇ ਕਰਨ ਦੇ ਖੋਖਲੇ ਦਾਅਵੇ ਕੀਤੇ ਗਏ ਸਨ ਪਿਛਲੇ ਪੌਣੇ ਪੰਜ ਸਾਲਾਂ ਦੌਰਾਨ ਕਿਸੇ ਵੀ ਕੱਚੇ ਮੁਲਾਜ਼ਮ ਨੂੰ ਪੱਕਾ ਨਹੀਂ ਕੀਤਾ ਗਿਆ। ਦੂਜੇ ਪਾਸੇ ਨਵੇਂ ਬਣੇ ਮੁੱਖ ਮੰਤਰੀ ਵਲੋਂ ਕੱਚਾ ਪਿੱਲਾ ਐਕਟ ਠੇਕਾ ਮੁਲਾਜ਼ਮਾ ਤੇ ਥੋਪਿਆ ਜਾ ਰਿਹਾ ਹੈ ਜਿਸ ਕਰਕੇ ਪੂਰੇ ਪੰਜਾਬ ਦੇ ਕੱਚੇ ਮੁਲਾਜ਼ਮਾਂ ਵਿੱਚ ਭਾਰੀ ਰੋਸ਼ ਹੈ ਅਤੇ ਥਾਂ ਥਾਂ ਸਰਕਾਰ ਦਾ ਵਿਰੋਧ ਹੋ ਰਿਹਾ ਹੈ। ਸਰਕਾਰ ਵਲੋਂ ਐਕਟ ਵਿੱਚ ਸੋਧ ਕਰਨ ਦੀ ਥਾਂ ਮੁਲਾਜ਼ਮਾਂ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਤਰੁੰਤ ਪੂਰੇ ਪੰਜਾਬ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਸਮੇਤ ਮੰਗਾਂ ਦਾ ਸਾਰਥਿਕ ਹੱਲ ਕੱਢਿਆ ਜਾਵੇ। ਜ਼ੋ ਐਕਟ ਸਰਕਾਰ ਨੇ ਬਣਾਈਆਂ ਹੈ ਇਸ ਐਕਟ ਵਿੱਚ ਪੰਜਾਬ ਦਾ ਕੋਈ ਵੀ ਕੱਚਾ ਮੁਲਾਜ਼ਮ ਪੱਕਾ ਨਹੀਂ ਹੁੰਦਾ ਟਰਾਂਸਪੋਰਟ ਵਿਭਾਗ ਦੇ ਇੱਕ ਵੀ ਮੁਲਾਜ਼ਮ ਨੂੰ ਇਸ ਐਕਟ ਦਾ ਲਾਭ ਨਹੀਂ ਹੈ। ਉਨ੍ਹਾਂ ਕਿਹਾ ਕਿ ਟਰਾਂਸਪੋਰਟ ਵਿਭਾਗ ਵਿੱਚ ਸੁਧਾਰ ਕਰਨ ਲਈ ਟਾਇਮ ਟੇਬਲ ਵਿੱਚ ਸੁਧਾਰ ਕਰਨ ਦੀ ਗੱਲ ਹੈ ਜਿਸ ਵਿੱਚ ਵੀ ਕਾਫ਼ੀ ਖਾਮੀਆਂ ਹਨ। ਉਹ ਵੀ ਸਹੀ ਕਰਨ ਦੀ ਮੰਗ ਕੀਤੀ ਗਈ । ਉਨ੍ਹਾਂ ਕਿਹਾ ਕਿ ਅਧਿਕਾਰੀਆਂ ਵਲੋਂ ਵਿਭਾਗਾਂ ਨੂੰ ਬਚਾਉਣ ਦੀ ਕੋਸ਼ਿਸ਼ ਨਹੀਂ ਕੀਤੀ ਜਾ ਰਹੀ। ਆਗੂਆਂ ਨੇ ਅੱਗੇ ਦੱਸਿਆ ਕਿ ਪਹਿਲਾਂ ਅਣਮਿੱਥੇ ਸਮੇਂ ਦੀ ਹੜਤਾਲ ਕੈਪਟਨ ਅਮਰਿੰਦਰ ਸਿੰਘ ਸਮੇਂ 10 ਦਿਨ ਦਾ ਸਮਾਂ ਮੰਗਣ ਤੇ ਪੌਸਟਪੌਨ ਕੀਤੀ ਗਈ ਸੀ ਬਾਅਦ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ 20 ਦਿਨ ਦਾ ਸਮਾਂ ਮੰਗਣ ਤੇ ਹੜਤਾਲ ਪੋਸਟਪੌਨ ਕੀਤੀ ਗਈ ਸੀ। ਪਰ ਅਜੇ ਤੱਕ ਕੋਈ ਹੱਲ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ 29 ਨਵੰਬਰ ਨੂੰ ਕੈਬਨਿਟ ਮੀਟਿੰਗ ਵਿੱਚ ਨਾ ਕੱਢਿਆ ਹੱਲ ਤਾਂ ਚੱਕਾ ਜਾਮ ਕੀਤਾ ਜਾਵੇਗਾ। ਇਸ ਮੋਕੇ ਤੇ ਵੱਡੀ ਗਿਣਤੀ ਵਿੱਚ ਮੁਲਾਜਮ ਹਾਜਰ ਸਨ।*ਫੋਟੋ: ਬੁਢਲਾਡਾ: ਗੇਟ ਰੈਲੀ ਕਰਕੇ ਨਾਅਰੇਬਾਜ਼ੀ ਕਰਦੇ ਹੋਏ ਮੁਲਾਜਮ।*