*423725 ਮੀਟਰਕ ਟਨ ਝੋਨੇ ਦੀ ਆਮਦ; 360889 ਦੀ ਹੋਈ ਖਰੀਦ*

0
16

ਮਾਨਸਾ, 06 ਨਵੰਬਰ :(ਸਾਰਾ ਯਹਾਂ/ਮੁੱਖ ਸੰਪਾਦਕ)
ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਮਾਨਸਾ ਜ਼ਿਲ੍ਹੇ ਦੀਆਂ ਮੰਡੀਆਂ ਅੰਦਰ ਝੋਨੇ ਦੀ ਖਰੀਦ, ਲਿਫਟਿੰਗ ਅਤੇ ਅਦਾਇਗੀ ਦਾ ਕੰਮ ਸੁਚੱਜੇ ਢੰਗ ਨਾਲ ਚੱਲ ਰਿਹਾ ਹੈ ਅਤੇ ਕਿਸਾਨਾ ਨੂੰ ਮੰਡੀਆਂ ਅੰਦਰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਹੀਂ ਆ ਰਹੀ। ਉਨ੍ਹਾਂ ਦੱਸਿਆ ਕਿ ਜਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ ਤੱਕ 4 ਲੱਖ 23 ਹਜ਼ਾਰ 725 ਮੀਟਰਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ ਅਤੇ ਖਰੀਦ ਏਜੰਸੀਆਂ ਵੱਲੋਂ 3 ਲੱਖ 60 ਹਜ਼ਾਰ 889 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਖਰੀਦ ਕੀਤੀ ਫਸਲ ਦੀ ਲਿਫ਼ਟਿੰਗ ਵੀ ਨਾਲੋ-ਨਾਲ ਕਰਨੀ ਯਕੀਨੀ ਬਣਾਈ ਜਾ ਰਹੀ ਹੈ ਅਤੇ ਮੰਡੀਆਂ ਵਿੱਚੋਂ 2 ਲੱਖ 47 ਹਜ਼ਾਰ 970 ਮੀਟਰਕ ਟਨ ਝੋਨੇ ਦੀ ਲਿਫ਼ਟਿੰਗ ਕੀਤੀ ਜਾ ਚੁੱਕੀ ਹੈ ਜੋ ਕਿ ਖਰੀਦੀ ਗਈ ਫਸਲ ਦਾ ਕਰੀਬ 69 ਫੀਸਦੀ ਬਣਦਾ ਹੈ। ਉਨ੍ਹਾਂ ਦੱਸਿਆ ਕਿ ਖਰੀਦ ਕੀਤੀ ਗਈ ਫਸਲ ਲਈ ਜ਼ਿਲ੍ਹੇ ਦੇ ਕਿਸਾਨਾਂ ਨੂੰ ਬੀਤੀ ਸ਼ਾਮ ਤੱਕ 702 ਕਰੋੜ ਰੁਪਏ ਤੋਂ ਵਧੇਰੇ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਝੋਨੇ ਦੀ ਫਸਲ ਕੱਟਣ ਉਪਰੰਤ ਆਧੁਨਿਕ ਤਕਨੀਕਾਂ ਦੀ ਵਰਤੋਂ ਕਰਕੇ ਫਸਲ ਦੀ ਰਹਿੰਦ-ਖੂੰਹਦ ਨੂੰ ਪੈਲੀ ਵਿੱਚ ਹੀ ਵਾਹੁਣ ਉਪਰੰਤ ਕਣਕ ਦੀ ਬਿਜਾਈ ਕਰਨ ਨੂੰ ਤਰਜੀਹ ਦੇਣ, ਤਾਂ ਜੋ ਮਨੁੱਖੀ ਸਿਹਤ ਅਤੇ ਵਾਤਾਵਰਣ ਨੂੰ ਸੁਰੱਖਿਅਤ ਰੱਖਿਆ ਜਾ ਸਕੇ।
ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਕੀਤੀ ਖਰੀਦ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੁਰਾਕ ਤੇ ਫੂਡ ਸਪਲਾਈ ਕੰਟਰੋਲਰ ਮਾਨਸਾ ਸ਼੍ਰੀ ਮਨਦੀਪ ਸਿੰਘ ਮਾਨ ਨੇ ਦੱਸਿਆ ਕਿ ਖਰੀਦ ਕੀਤੀ ਗਈ ਕੁੱਲ 3 ਲੱਖ 60 ਹਜ਼ਾਰ 889 ਮੀਟਰਕ ਟਨ ਫਸਲ ਵਿੱਚੋਂ ਪਨਗਰੇਨ ਵੱਲੋਂ 1 ਲੱਖ 21 ਹਜ਼ਾਰ 688 ਮੀਟਰਕ ਟਨ, ਮਾਰਕਫੈਡ ਵੱਲੋਂ 1 ਲੱਖ 12 ਹਜ਼ਾਰ 154, ਪਨਸਪ ਵੱਲੋਂ 82 ਹਜ਼ਾਰ 472 ਅਤੇ ਪੰਜਾਬ ਸਟੇਟ ਵੇਅਰ ਕਾਰਪੋਰੇਸ਼ਨ ਵੱਲੋਂ 44 ਹਜ਼ਾਰ 575 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।

NO COMMENTS