5929 ਗਰਭਵਤੀ ਮਹਿਲਾਵਾਂ ਦੀ ਕੋਵਿਡ ਲਈ ਜਾਂਚ ਕੀਤੀ ਗਈ ਜਿਨ੍ਹਾਂ ਵਿੱਚੋਂ 90 ਪਾਜ਼ੇਟਿਵ

0
49

ਚੰਡੀਗੜ੍ਹ, 17 ਜੁਲਾਈ (ਸਾਰਾ ਯਹਾ/ਬਲਜੀਤ ਸ਼ਰਮਾਂ) : ਗਰਭਵਤੀ ਮਹਿਲਾਵਾਂ ਵਿੱਚ ਕੋਵਿਡ-19 ਦੇ ਫੈਲਣ ਨੂੰ ਰੋਕਣ ਤੋਂ ਯਕੀਨੀ ਬਣਾਉਣ ਲਈ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਪਾਜ਼ੇਟਿਵ ਪਾਏ ਜਾਣ ਵਾਲੀਆਂ ਗਰਭਵਤੀ ਮਹਿਲਾਵਾਂ ਦੇ ਸੁਰੱਖਿਅਤ ਜਣੇਪਿਆਂ ਵਾਸਤੇ ਸਾਰੇ ਜ਼ਿਲ੍ਹਾ ਹਸਪਤਾਲਾਂ ਵਿੱਚ ਵੱਖਰੇ ਲੇਬਰ ਰੂਪ ਸਥਾਪਿਤ ਕੀਤੇ ਗਏ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਗਰਭਵਤੀ ਮਹਿਲਾਵਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਗਰਭ ਅਵਸਥਾ ਦੀ ਤੀਜੀ ਤਿਮਾਹੀ ਦੌਰਾਨ ਕੋਵਿਡ ਟੈਸਟ ਲਾਜ਼ਮੀ ਕੀਤਾ ਗਿਆ ਹੈ ਜਿਸ ਤਹਿਤ ਅਪ੍ਰੈਲ ਮਹੀਨੇ ਤੱਕ 5929 ਗਰਭਵਤੀ ਮਹਿਲਾਵਾਂ ਦੀ ਕੋਵਿਡ ਲਈ ਜਾਂਚ ਕੀਤੀ ਗਈ ਜਿਨ੍ਹਾਂ ਵਿੱਚੋਂ 90 ਮਹਿਲਾਵਾਂ ਪਾਜ਼ੇਟਿਵ ਪਾਈਆਂ ਗਈਆਂ। ਪਿਛਲੇ ਤਿੰਨ ਮਹੀਨਿਆਂ ਦੌਰਾਨ ਕੀਤੇ ਗਏ 39 ਸਫਲਤਾਪੂਰਵਕ ਜਣੇਪਿਆਂ ਵਿੱਚੋਂ 11 ਸਧਾਰਨ ਅਤੇ 28 ਜਣੇਪੇ ਆਪ੍ਰੇਸ਼ਨ ਨਾਲ ਕੀਤੇ ਗਏ।

ਪਟਿਆਲਾ ਜ਼ਿਲ੍ਹੇ ਨੇ ਗਰਭਵਤੀ ਮਹਿਲਾਵਾਂ ਦੇ 1715 ਟੈਸਟ ਕਰਵਾ ਕੇ ਬਿਹਤਰੀਨ ਕਾਰਗੁਜ਼ਾਰੀ ਵਿਖਾਈ ਜਿਨ੍ਹਾਂ ਵਿਚੋਂ 61 ਮਹਿਲਾਵਾਂ ਪਾਜ਼ੇਟਿਵ ਪਾਈਆਂ ਗਈਆਂ। ਉਨ੍ਹਾਂ ਅੱਗੇ ਕਿਹਾ ਕਿ ਪਟਿਆਲਾ ਜ਼ਿਲ੍ਹੇ ਵਿੱਚ ਹੁਣ ਤੱਕ 16 ਜਣੇਪੇ ਸੁਰੱਖਿਅਤ ਢੰਗ ਨਾਲ ਕੀਤੇ ਗਏ ਹਨ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵੱਖਰੇ ਲੇਬਰ ਰੂਮ ਸਥਾਪਤ ਕਰਨ ਤੋਂ ਇਲਾਵਾ ਸਿਵਲ ਸਰਜਨਾਂ ਨੂੰ ਇਸ ਸਬੰਧੀ ਜਾਰੀ ਕੀਤੇ ਐਸਓਪੀਜ਼ ਅਨੁਸਾਰ ਜ਼ਿਲ੍ਹਾ ਹਸਪਤਾਲਾਂ ਵਿਖੇ ਪ੍ਰਭਾਵਿਤ ਮਰੀਜ਼ਾਂ ਲਈ ਇੱਕ ਸਮਰਪਿਤ ਆਪ੍ਰੇਸ਼ਨ ਥੀਏਟਰ ਸਥਾਪਤ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ ਹਨ।

ਮੰਤਰੀ ਨੇ ਕਿਹਾ ਕਿ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੀਆਂ ਸਮੁੱਚੀਆਂ ਟੀਮਾਂ ਕਲੀਨਿਕਲ ਪ੍ਰਬੰਧਨ, ਸਕ੍ਰੀਨਿੰਗ, ਟਰੇਸਿੰਗ ਅਤੇ ਟੈਸਟਿੰਗ ਆਦਿ ਲੋੜੀਂਦੇ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਦਿਨ ਰਾਤ ਕੰਮ ਕਰ ਰਹੀਆਂ ਹਨ।

ਸੂਬਾ ਸਰਕਾਰ ਨੇ ਕਰੋਨਾ ਦੇ ਮਰੀਜ਼ਾਂ ਨੂੰ ਇਲਾਜ ਸਹੂਲਤਾਂ ਪ੍ਰਦਾਨ ਕਰ ਰਹੇ ਨਿੱਜੀ ਹਸਪਤਾਲਾਂ ਦੀਆਂ ਇਲਾਜ ਦਰਾਂ ਨਿਰਧਾਰਿਤ ਕੀਤੀਆਂ ਹਨ।ਉਨ੍ਹਾਂ ਕਿਹਾ ਕਿ ਕਰੋਨਾ ਮਹਾਂਮਾਰੀ ਦੇ ਇਸ ਮੁਸ਼ਕਿਲ ਦੌਰ ਵਿੱਚ ਕੋਵਿਡ -19 ਦੇ ਮਰੀਜ਼ਾਂ ਦੀਆਂ ਜਾਨਾਂ ਬਚਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਕਈ ਸਖਤ ਰੋਕਥਾਮ ਉਪਾਅ ਕੀਤੇ ਗਏ ਹਨ ਅਤੇ ਪੰਜਾਬ ਨੇ ਗੁਆਂਢੀ ਸੂਬਿਆਂ ਦੀ ਤੁਲਨਾ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਨੂੰ ਕਾਰਗਰ ਢੰਗ ਨਾਲ ਕਾਬੂ ਕੀਤਾ ਹੈ।

ਸ. ਸਿੱਧੂ ਨੇ ਕਿਹਾ ਕਿ ਜੇ ਹਰ ਕੋਈ ਜਨਤਕ ਥਾਵਾਂ ’ਤੇ ਮਾਸਕ ਪਹਿਨਣਾ ਯਕੀਨੀ ਬਣਾਉਂਦਾ ਹੈ ਤਾਂ ਕਰੋਨਾ ਵਾਇਰਸ ਦੇ ਸਮੂਹ ਵਿੱਚ ਫੈਲਾਅ ਨੂੰ ਸੁਖਾਲੇ ਢੰਗ ਨਾਲ ਕਾਬੂ ਕੀਤਾ ਜਾ ਸਕਦਾ ਹੈ।ਉਨ੍ਹਾਂ ਕਿਹਾ ਕਿ ਲਾਕਡਾਊਨ ਤੋਂ ਇਲਾਵਾ ਪੰਜਾਬ ਪਹਿਲਾਂ ਸੂਬਾ ਹੈ ਜਿੱਥੇ ਮਾਸਕ ਪਹਿਨਣਾ ਲਾਜ਼ਮੀ ਕੀਤਾ ਗਿਆ ਹੈ ਤਾਂ ਜੋ ਸੰਘਣੀ ਆਬਾਦੀ ਵਿੱਚ ਕਰੋਨਾ ਦੇ ਸਮੂਹ ਵਿੱਚ ਫੈਲਾਅ ਨੂੰ ਰੋਕਿਆ ਜਾ ਸਕੇ।

ਉਨ੍ਹਾਂ ਕਿਹਾ ਕਿ ਭਾਰਤ ਕਰੋਨਾ ਵਾਇਰਸ ਤੋਂ ਪ੍ਰਭਾਵਿਤ ਦੇਸ਼ਾਂ ਦੀ ਸੂਚੀ ਵਿੱਚ ਹੁਣ ਤੀਜੇ ਸਥਾਨ ‘ਤੇ ਪਹੁੰਚ ਗਿਆ ਹੈ ਅਤੇ ਦੇਸ਼ ਦੇ ਕਈ ਸੂਬੇ ਕਰੋਨਾ ਵਾਇਰਸ ਦੇ ਸਮੂਹ ਵਿੱਚ ਫੈਲਾਅ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ ਕੋਵਿਡ -19 ਸਬੰਧੀ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਦੀ ਲੋੜ ਹੈ।

ਉਨ੍ਹਾਂ ਇਸ ਗੱਲ ’ਤੇ ਤਸੱਲੀ ਜ਼ਾਹਰ ਕੀਤੀ ਕਿ ਜਦੋਂ ਬਹੁਤੇ ਨਿੱਜੀ ਹਸਪਤਾਲ ਕਰੋਨਾ ਦੇ ਮਰੀਜ਼ਾਂ ਦਾ ਇਲਾਜ ਕਰਨ ਤੋਂ ਇਨਕਾਰ ਕਰ ਰਹੇ ਸਨ ਤਾਂ ਸਾਡੇ ਸਰਕਾਰੀ ਹਸਪਤਾਲਾਂ ਨੇ ਕਰੋਨਾ ਇਸ ਮੁਸ਼ਕਿਲ ਦੌਰ ਵਿੱਚ ਮਰੀਜ਼ਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ।

NO COMMENTS