
ਡੀਗੜ੍ਹ, 27 ਸਤੰਬਰ (ਸਾਰਾ ਯਹਾਂ/ਬੀਰਬਲ ਧਾਲੀਵਾਲ):
ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਨਾਲ-ਨਾਲ ਖਾਲੀ ਅਸਾਮੀਆਂ ਨੂੰ ਭਰ ਕੇ ਸਰਕਾਰੀ ਅਦਾਰਿਆਂ ਦੀ ਕਾਰਜਕੁਸ਼ਲਤਾ ਵਿੱਚ ਵਾਧਾ ਕਰਨ ਦੇ ਕੀਤੇ ਜਾ ਰਹੇ ਯਤਨਾਂ ਤਹਿਤ ਅਪ੍ਰੈਲ 2022 ਤੋਂ ਹੁਣ ਤੱਕ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਅਤੇ ਪੰਜਾਬ ਰਾਜ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਟੀ.ਸੀ.ਐਲ) ਵੱਲੋਂ 4151 ਨਵੀਆਂ ਭਰਤੀਆਂ ਕੀਤੀਆਂ ਗਈਆਂ ਹਨ।
ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਖੁਲਾਸਾ ਕਰਦਿਆਂ ਕਿਹਾ ਕਿ ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਵੱਲੋਂ ਆਪਣੇ ਵਡਮੁੱਲੇ ਖਪਤਕਾਰਾਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਅਪ੍ਰੈਲ 2022 ਤੋਂ ਸਤੰਬਰ 2023 ਤੱਕ ਕੁੱਲ 4087 ਯੋਗ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ । ਉਨ੍ਹਾਂ ਦੱਸਿਆ ਕਿ ਇਸ ਉਪਰਾਲੇ ਨੂੰ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 23 ਸਤੰਬਰ ਨੂੰ ਕਰਵਾਏ ਗਏ ਸਮਾਗਮ ਦੌਰਾਨ 51 ਇਲੈਕਟ੍ਰੀਕਲ ਕਾਡਰ ਅਤੇ 13 ਸਿਵਲ ਕਾਡਰ ਦੇ ਸਹਾਇਕ ਇੰਜਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ।
ਬਿਜਲੀ ਮੰਤਰੀ ਨੇ ਕਿਹਾ ਕਿ ਇਹ ਸਾਰੀਆਂ ਭਰਤੀਆਂ ਪਾਰਦਰਸ਼ੀ ਅਤੇ ਨਿਰਪੱਖ ਪ੍ਰਕਿਰਿਆ ਰਾਹੀਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਨਵੇਂ ਭਰਤੀ ਕੀਤੇ ਗਏ 64 ਸਹਾਇਕ ਇੰਜੀਨੀਅਰਾਂ ਦੀ ਭਰਤੀ ਗ੍ਰੈਜੂਏਟ ਐਪਟੀਟਿਊਡ ਟੈਸਟ (ਗੇਟ) ਦੇ ਆਧਾਰ ‘ਤੇ ਕੀਤੀ ਗਈ ਹੈ, ਜੋ ਕਿ ਰਾਸ਼ਟਰੀ ਪੱਧਰ ‘ਤੇ ਪਾਰਦਰਸ਼ੀ ਢੰਗ ਨਾਲ ਕਰਵਾਈ ਜਾਂਦੀ ਹੈ।
ਹਰਭਜਨ ਸਿੰਘ ਈ.ਟੀ.ਓ ਨੇ ਬਿਜਲੀ ਵਿਭਾਗ ਵਿੱਚ ਭਰਤੀਆਂ ਦੇ ਵੇਰਵੇ ਦਿੰਦਿਆਂ ਦੱਸਿਆ ਕਿ ਪਿਛਲੇ ਡੇਢ ਸਾਲ ਦੌਰਾਨ ਦਿੱਤੀਆਂ ਗਈਆਂ ਕੁੱਲ ਨੌਕਰੀਆਂ ਵਿੱਚੋਂ 2825 ਨੌਕਰੀਆਂ ਸਿੱਧੀ ਭਰਤੀ ਰਾਹੀਂ ਅਤੇ 578 ਨੌਕਰੀਆਂ ਤਰਸ ਦੇ ਆਧਾਰ ‘ਤੇ ਪੀ.ਐਸ.ਪੀ.ਸੀ.ਐਲ. ਵਿੱਚ ਦਿੱਤੀਆਂ ਗਈਆਂ ਜਦਕਿ 748 ਨੌਕਰੀਆਂ ਪੀ.ਐਸ.ਟੀ.ਸੀ.ਐਲ ਦੁਆਰਾ ਸਿੱਧੀ ਭਰਤੀ ਰਾਹੀਂ ਦਿੱਤੀਆਂ ਗਈਆਂ।
ਬਿਜਲੀ ਮੰਤਰੀ ਨੇ ਕਿਹਾ ਕਿ ਜਿੱਥੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਖ-ਵੱਖ ਸ਼੍ਰੇਣੀਆਂ ਦੇ ਇੱਕ ਕਰੋੜ ਤੋਂ ਵੱਧ ਖਪਤਕਾਰਾਂ ਦੇ ਘਰਾਂ ਨੂੰ ਰੋਸ਼ਨ ਕਰ ਰਹੀ ਹੈ, ਉੱਥੇ ਹੀ ਪੰਜਾਬ ਰਾਜ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਮਿਆਰੀ ਟਰਾਂਸਮਿਸ਼ਨ ਮੁਹੱਈਆ ਕਰਵਾਉਣ ਦੇ ਨਾਲ-ਨਾਲ ਬਿਜਲੀ ਦੇ ਟਰਾਂਸਮਿਸ਼ਨ ਦੇ ਨੁਕਸਾਨ ਨੂੰ ਕਾਬੂ ਕਰਨ ਅਤੇ ਘਟਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਰਪੋਰੇਸ਼ਨਾਂ ਵੱਲੋਂ ਪਾਰਦਰਸ਼ੀ ਢੰਗ ਨਾਲ ਕੀਤੀਆਂ ਭਰਤੀਆਂ ਸਦਕਾ ਬਿਜਲੀ ਵਿਭਾਗ ਦੀ ਕਾਰਜਕੁਸ਼ਲਤਾ ਵਿੱਚ ਕਈ ਗੁਣਾ ਵਾਧਾ ਹੋਇਆ ਹੈ।
