*7 ਸਾਲਾਂ ਦੇ ਲੰਮੇ ਇੰਤਜ਼ਾਰ ਬਾਅਦ ਬੇਅਦਬੀ ਮਾਮਲਿਆਂ ‘ਚ ‘ਆਪ’ ਦੀ ਨਿਗਰਾਨੀ ਹੇਠ ਹੋਵੇਗਾ ਇਨਸਾਫ਼*

0
18

ਚੰਡੀਗੜ੍ਹ 26,ਅਗਸਤ (ਸਾਰਾ ਯਹਾਂ/ਬਿਊਰੋ ਨਿਊਜ਼ )  : ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸਾਬਕਾ ਕਾਂਗਰਸੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਦੋਸ਼ ਲਾਇਆ ਕਿ ਉਨ੍ਹਾਂ ਨੇ ਆਪਣੇ ਸਵਾਰਥਾਂ ਖਾਤਿਰ ਬਾਦਲ ਪਰਿਵਾਰ ਨਾਲ ਹੱਥ ਮਿਲਾਇਆ ਹੋਇਆ ਸੀ ਅਤੇ ਇਸੇ ਕਰਕੇ ਬੇਅਦਬੀ ਅਤੇ ਗੋਲੀ ਕਾਂਡ ਦੀਆਂ ਘਟਨਾਵਾਂ ਦੀ ਨਿਰਪੱਖ ਜਾਂਚ ਨਹੀਂ ਹੋ ਸਕੀ। ਉਨ੍ਹਾਂ ਕਿਹਾ ਕਿ 7 ਸਾਲਾਂ ਤੱਕ ਇਨ੍ਹਾਂ ਦੋਵਾਂ ਪਰਿਵਾਰਾਂ ਨੇ ਸਿੱਖ ਸੰਗਤਾਂ ਨੂੰ ਗੁੰਮਰਾਹ ਕੀਤਾ ਗਿਆ ,ਪਰ ਹੁਣ ਇਨਸਾਫ਼ ਜ਼ਰੂਰ ਮਿਲੇਗਾ।

ਪਾਇਲ ਤੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਅਤੇ ਲੁਧਿਆਣਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਗੋਗੀ ਨਾਲ ਸ਼ੁੱਕਰਵਾਰ ਨੂੰ ਪੰਜਾਬ ਭਵਨ ਵਿਖੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਧਾਲੀਵਾਲ ਨੇ ਕਿਹਾ ਕਿ ਇਹ ਬਹੁਤ ਮੰਦਭਾਗਾ ਹੈ ਕਿ ਕਾਂਗਰਸ ਅਤੇ ਅਕਾਲੀ ਸਰਕਾਰਾਂ ਦੇ ਨਾਪਾਕ ਇਰਾਦਿਆਂ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਅਤੇ ਉਸ ਤੋਂ ਬਾਅਦ ਗੋਲੀਬਾਰੀ ‘ਚ ਸ਼ਹੀਦ ਹੋਏ ਲੋਕਾਂ ਨੂੰ ਹਲੇ ਤੱਕ ਇਨਸਾਫ਼ ਨਹੀਂ ਮਿਲਿਆ ਹੈ। 

ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਚਰਨਜੀਤ ਸਿੰਘ ਚੰਨੀ ਸਮੇਤ ਕਾਂਗਰਸ ਅਤੇ ਪੂਰੇ ਅਕਾਲੀ ਦਲ ‘ਚ ਕਿਸੇ ਨੂੰ ਵੀ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਅਤੇ ਸ਼ਰਧਾ ਦੀ ਕੋਈ ਪ੍ਰਵਾਹ ਨਹੀਂ ਕੀਤੀ। ਆਪ ਮੰਤਰੀ ਨੇ ਕਿਹਾ, “ਪੂਰਾ ਪੰਜਾਬ ਜਾਣਦਾ ਹੈ ਕਿ ਬਾਦਲਾਂ ਅਤੇ ਕੈਪਟਨ ਦੋਵੇਂ ਰਲ਼ੇ ਹੋਏ ਹਨ ਅਤੇ ਇਹਨਾਂ ਦੀ ਆਪਸੀ ਸਾਂਠਗਾਂਠ ਕਾਰਨ ਹੀ ਬਰਗਾੜੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੇ ਦੋਸ਼ੀਆਂ ਨੂੰ ਕੋਈ ਸਜ਼ਾ ਨਹੀਂ ਦਿੱਤੀ ਗਈ। ਪਰ ਹੁਣ ਭਗਵੰਤ ਮਾਨ ਦੀ ਸਰਕਾਰ ਹੈ ਜੋ ਬਦਲਾਅ ਲਈ ਆਈ ਹੈ ਅਤੇ ਇਸ ਅਪਰਾਧ ਦੇ ਸਾਰੇ ਦੋਸ਼ੀਆਂ ਨੂੰ ਉਨ੍ਹਾਂ ਦੇ ਗੁਨਾਹਾਂ ਦੀ ਸਜ਼ਾ ਦਿੱਤੀ ਜਾਵੇਗੀ।”

ਮੰਤਰੀ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ “ਗੁਟਕਾ ਸਾਹਿਬ” ਦੀ ਸਹੁੰ ਵੀ ਚੁੱਕੀ ਸੀ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਵਿੱਚ ਇਨਸਾਫ਼ ਯਕੀਨੀ ਬਣਾਇਆ ਜਾਵੇਗਾ। ਪਰ ਬਾਦਲਾਂ ਨਾਲ ਸਮਝੌਤਾ ਹੋਣ ‘ਤੇ ਉਸ ਨੇ ਕੋਈ ਕਾਰਵਾਈ ਨਹੀਂ ਕੀਤੀ। 2015 ਦੀ ਬੇਅਦਬੀ ਕਾਂਡ ਦੇ ਦੋਸ਼ੀ ਮਹਿੰਦਰ ਪਾਲ ਬਿੱਟੂ ਨੂੰ ਵੀ ਕਾਂਗਰਸ ਸਰਕਾਰ ਵੇਲੇ ਸੁਖਜਿੰਦਰ ਸਿੰਘ ਰੰਧਾਵਾ ਦੇ ਗ੍ਰਹਿ ਮੰਤਰੀ ਹੁੰਦਿਆਂ ਜੇਲ੍ਹ ਵਿੱਚ ਮਾਰ ਦਿੱਤਾ ਗਿਆ ਸੀ, ਪਰ ਇਸ ਕੇਸ ਦੀ ਕਦੇ ਜਾਂਚ ਨਹੀਂ ਹੋਈ।

ਮੀਡੀਆ ਦੇ ਸਵਾਲ ਕਿ ਸੁਖਬੀਰ ਬਾਦਲ ਨੇ 2015 ਵਿੱਚ ਸਿੱਖ ਪ੍ਰਦਰਸ਼ਨਕਾਰੀਆਂ ‘ਤੇ ਗੋਲੀ ਚਲਾਉਣ ਦੇ ਹੁਕਮ ਦੇਣ ਦੇ ਦੋਸ਼ਾਂ ਨੂੰ ਨਕਾਰਿਆ ਹੈ, ਦੇ ਜਵਾਬ ਵਿੱਚ ਧਾਲੀਵਾਲ ਨੇ ਕਿਹਾ, “ਉਹ ਝੂਠ ਬੋਲ ਰਹੇ ਹਨ ਕਿਉਂਕਿ ਕੋਈ ਵੀ ਪੁਲਿਸ ਅਧਿਕਾਰੀ ਮੁੱਖ ਮੰਤਰੀ ਜਾਂ ਗ੍ਰਹਿ ਮੰਤਰੀ ਦੀ ਇਜਾਜ਼ਤ ਤੋਂ ਬਿਨਾਂ ਗੋਲੀ ਨਹੀਂ ਚਲਾ ਸਕਦਾ। ਹੁਣ ਸਿਟ (ਵਿਸ਼ੇਸ਼ ਜਾਂਚ ਟੀਮ) ਨੇ ਬਾਦਲ ਨੂੰ ਤਲਬ ਕੀਤਾ ਹੈ ਅਤੇ ਨਿਰਪੱਖ ਜਾਂਚ ਦੌਰਾਨ ਸਾਰੇ ਤੱਥ ਸਾਹਮਣੇ ਆ ਜਾਣਗੇ।”

ਮੰਤਰੀ ਨੇ ਬਾਦਲ ਨੂੰ ਇਹ ਸਪੱਸ਼ਟ ਕਰਨ ਦੀ ਚੁਣੌਤੀ ਦਿੱਤੀ ਕਿ ਕੀ ਗੋਲੀਬਾਰੀ ਵਾਲੇ ਦਿਨ ਕੋਟਕਪੂਰਾ ਵਿੱਚ ਮੌਜੂਦ ਅਧਿਕਾਰੀ ਉਨ੍ਹਾਂ ਦੇ ਸੰਪਰਕ ਵਿੱਚ ਸਨ? ਅਤੇ ਕਿਸ ਦੇ ਹੁਕਮ ‘ਤੇ ਅਫਸਰਾਂ ਨੇ ਗੋਲੀ ਚਲਾਈ, ਕੀ ਉਸ ਨੇ ਅਫਸਰਾਂ ਨੂੰ ਗੋਲੀ ਚਲਾਉਣ ਦਾ ਹੁਕਮ ਦਿੱਤਾ? ਗ੍ਰਹਿ ਮੰਤਰੀ ਹੋਣ ਦੇ ਨਾਤੇ, ਕੀ ਅਧਿਕਾਰੀਆਂ ਨੇ ਉਨ੍ਹਾਂ ਨੂੰ ਸੂਚਿਤ ਕੀਤਾ? ਜੇਕਰ ਅਫਸਰਾਂ ਨੇ ਖੁਦ ਹੀ ਗੋਲੀ ਚਲਾਈ ਤਾਂ ਬਤੌਰ ਗ੍ਰਹਿ ਮੰਤਰੀ ਸੁਖਬੀਰ ਬਾਦਲ ਨੇ ਉਨ੍ਹਾਂ ਖਿਲਾਫ ਕੀ ਕਾਰਵਾਈ ਕੀਤੀ?

ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਬਦਲਾਅ ਦੀ ਆਸ ਵਿੱਚ ‘ਆਪ’ ਦੀ ਸ਼ਾਨਦਾਰ ਜਿੱਤ ਯਕੀਨੀ ਬਣਾਈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਆਪਣੇ ਸਾਰੇ ਵਾਅਦਿਆਂ ਨੂੰ ਪੂਰਾ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ ਅਤੇ ਜਲਦ ਹੀ ਕਾਨੂੰਨ ਅਨੁਸਾਰ ਸਾਰੇ ਦੋਸ਼ੀ ਆਗੂਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ।

NO COMMENTS