*ਸਰਕਾਰ ਨੇ ਡਾਕਟਰਾਂ ਦੇ ਸੰਘਰਸ਼ ਨੂੰ ਤਾਰਪੀਡੋ ਕਰਨ ਲਈ ਕੀਤੀਆਂ ਬੇਨਿਯਮੀ ਬਦਲੀਆਂ – ਮਲਟੀਪਰਪਜ ਹੈਲਥ ਇੰਪਲਾਈਜ ਯੁਨੀਅਨ*

0
38

ਮਾਨਸਾ, 14 ਸਤੰਬਰ (ਸਾਰਾ ਯਹਾਂ/ਮੁੱਖ ਸੰਪਾਦਕ) ਪੰਜਾਬ ਸਿਵਲ ਸਰਵਿਸਿਜ਼ ਐਸੋਸੀਏਸ਼ਨ ਦੇ ਸੱਦੇ ਤੇ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਪੰਜਾਬ ਭਰ ਵਿੱਚ ਡਾਕਟਰ 9 ਸਤੰਬਰ ਤੋਂ 11 ਸਤੰਬਰ ਤੱਕ 3 ਘੰਟੇ ਅਤੇ 12 ਤੋਂ 15 ਸਤੰਬਰ ਤੱਕ ਪੂਰੇ ਸਮੇਂ ਲਈ ਹੜਤਾਲ ਤੇ ਹਨ। ਇਨ੍ਹਾਂ ਮੰਗਾਂ ਵਿੱਚ ਮੁੱਖ ਤੌਰ ਤੇ ਏ ਸੀ ਪੀ ਲੈਣ, ਹਸਪਤਾਲਾਂ ਨੂੰ ਬਚਾਉਣ, ਸਿਹਤ ਕਰਮਚਾਰੀਆਂ ਨੂੰ ਸੁਰੱਖਿਅਤ ਮਾਹੌਲ ਦੇਣ, ਸਿਹਤ ਵਿਭਾਗ ਵਿੱਚ ਪੱਕੀਆਂ ਭਰਤੀਆਂ ਕਰਨ ਵਰਗੀਆਂ ਜਾਇਜ਼ ਮੰਗਾਂ ਸ਼ਾਮਲ ਹਨ। ਇਹ ਹੜਤਾਲ ਛੇਵੇਂ ਦਿਨ ਵਿੱਚ ਪਹੁੰਚ ਚੁੱਕੀ ਹੈ। ਇਕ ਪਾਸੇ ਜਿੱਥੇ ਡਾਕਟਰਾਂ ਦੀ ਹੜਤਾਲ ਚੱਲ ਰਹੀ ਹੈ ਉਥੇ ਆਮ ਲੋਕ ਜਿਨ੍ਹਾਂ ਨੇ ਆਪਣਾ ਇਲਾਜ ਕਰਵਾਉਣਾ ਹੈ ਉਹ ਪਰੇਸ਼ਾਨ ਹੋ ਰਹੇ ਹਨ ਪਰ ਸਰਕਾਰ ਟੱਸ ਤੋਂ ਮੱਸ ਨਹੀਂ ਹੋ ਰਹੀ ਹੈ। ਸਗੋਂ ਮਾਨਸਾ ਜ਼ਿਲ੍ਹੇ ਵਿੱਚ ਡਾਕਟਰਾਂ ਦੀਆਂ ਬੇਨਿਯਮੀ ਬਦਲੀਆਂ ਕਰ ਦਿੱਤੀਆਂ ਗਈਆਂ ਹਨ ਜਿਸ ਨਾਲ ਸਾਰੇ ਹੀ ਸਿਹਤ ਕਰਮਚਾਰੀਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

      ਇਸ ਸਬੰਧੀ ਗੱਲਬਾਤ ਕਰਦਿਆਂ ਮਲਟੀਪਰਪਜ ਹੈਲਥ ਇੰਪਲਾਈਜ ਯੁਨੀਅਨ ਮਾਨਸਾ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਮਲਟੀਪਰਪਜ ਹੈਲਥ ਇੰਪਲਾਈਜ ਯੁਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਕੁਲਵੀਰ ਸਿੰਘ ਮੋਗਾ ਅਤੇ ਸੂਬਾ ਜਨਰਲ ਸਕੱਤਰ ਜਸਵਿੰਦਰ ਸਿੰਘ ਅਮ੍ਰਿਤਸਰ ਵਲੋਂ ਪ੍ਰੈਸ ਨੋਟ ਜਾਰੀ ਕਰਕੇ ਸ਼ੁਰੂ ਤੋਂ ਹੀ ਪੰਜਾਬ ਸਿਵਲ ਸਰਵਿਸਿਜ਼ ਐਸੋਸੀਏਸ਼ਨ ਦੇ ਇਸ ਸੰਘਰਸ਼ ਦੀ ਹਮਾਇਤ ਕੀਤੀ ਸੀ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਪੰਜਾਬ ਸਿਵਲ ਸਰਵਿਸਿਜ਼ ਐਸੋਸੀਏਸ਼ਨ ਦੀਆਂ ਇਨ੍ਹਾਂ ਜਾਇਜ਼ ਮੰਗਾਂ ਨੂੰ ਤੁਰੰਤ ਮੰਨ ਲੈਣਾ ਚਾਹੀਦਾ ਹੈ ਅਤੇ ਆਮ ਲੋਕਾਂ ਨੂੰ ਖੱਜਲ ਖੁਆਰ ਹੋਣ ਤੋਂ ਬਚਾਉਣਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਮਾਨਸਾ ਜ਼ਿਲ੍ਹੇ ਵਿੱਚ ਡਾਕਟਰਾਂ ਦੀਆਂ ਕੀਤੀਆਂ ਬੇਨਿਯਮੀ ਬਦਲੀਆਂ ਸਰਕਾਰ ਦੀ ਇਸ ਸੰਘਰਸ਼ ਨੂੰ ਤਾਰਪੀਡੋ ਕਰਨ ਦੀ ਕੋਸ਼ਿਸ਼ ਹੈ, ਜੋ ਕਿ ਬਹੁਤ ਨਿੰਦਣਯੋਗ ਕਾਰਵਾਈ ਹੈ ਅਤੇ ਸਾਰੇ ਸਿਹਤ ਮੁਲਾਜ਼ਮਾਂ ਵਿੱਚ ਇਸ ਦਾ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਗਰ ਸਰਕਾਰ ਦਾ ਇਹੀ ਰਵੱਈਆ ਰਿਹਾ ਤਾਂ ਸਾਰੇ ਦੇ ਸਾਰੇ ਸਿਹਤ ਕਰਮਚਾਰੀ ਡਟ ਕੇ ਇਸ ਖ਼ਿਲਾਫ਼ ਸੰਘਰਸ਼ ਕਰਨਗੇ। 

LEAVE A REPLY

Please enter your comment!
Please enter your name here