ਮਾਨਸਾ, 11 ਅਕਤੂਬਰ (ਸਾਰਾ ਯਹਾਂ/ਚਾਨਣ ਦੀਪ ਸਿੰਘ ਔਲਖ) ਸਿਹਤ ਮੰਤਰੀ ਪੰਜਾਬ ਅਤੇ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਨਿਰਦੇਸ਼ ਅਨੁਸਾਰ ਐਂਟੀ ਡੇਂਗੂ ਕੰਪੇਨ ‘ਹਰ ਸ਼ੁਕਰਵਾਰ ਡੇਂਗੂ ਤੇ ਵਾਰ’ ਤਹਿਤ ਸ਼ੁਕਰਵਾਰ ਨੂੰ ਸਵੇਰੇ 8 ਵਜੇ ਤੋਂ 9 ਵਜੇ ਤੱਕ ਸ਼ਹਿਰੀ ਖੇਤਰਾਂ ਅਤੇ ਪੇਂਡੂ ਖੇਤਰਾਂ ਵਿੱਚ ਡੇਂਗੂ ਦੀ ਰੋਕਥਾਮ ਲਈ ਡੋਰ ਟੂ ਡੋਰ ਸਰਵੇ ਕੀਤਾ ਜਾ ਰਿਹਾ ਹੈ। ਇਸੇ ਤਹਿਤ ਮਾਨਸਾ ਜ਼ਿਲ੍ਹੇ ਵਿੱਚ ਅੱਜ ਸਿਵਲ ਸਰਜਨ ਡਾਕਟਰ ਹਰਦੇਵ ਸਿੰਘ ਦੀ ਰਹਿਨੁਮਾਈ ਹੇਠ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਸ੍ਰੀ ਸੰਤੋਸ਼ ਭਾਰਤੀ ਦੀ ਅਗਵਾਈ ਹੇਠ ਸਿਹਤ ਕਰਮਚਾਰੀਆਂ ਵੱਲੋਂ ਡੇਂਗੂ ਦੀ ਰੋਕਥਾਮ ਲਈ ਡੋਰ ਟੂ ਡੋਰ ਗਤੀਵਿਧੀਆਂ ਕੀਤੀਆਂ ਗਈਆਂ। ਸੀਨੀਅਰ ਮੈਡੀਕਲ ਅਫ਼ਸਰ ਡਾ ਰਵਿੰਦਰ ਕੁਮਾਰ ਸਿੰਗਲਾ ਸਿਹਤ ਬਲਾਕ ਖਿਆਲਾ ਕਲਾਂ ਦੀ ਅਗਵਾਈ ਵਿੱਚ ਵੱਖ ਵੱਖ ਪਿੰਡਾਂ ਵਿੱਚ ਸਿਹਤ ਕਰਮਚਾਰੀਆਂ ਵੱਲੋਂ ਡੋਰ ਟੂ ਡੋਰ ਸਰਵੇ ਕੀਤਾ ਗਿਆ, ਲੋਕਾਂ ਨੂੰ ਡੇਂਗੂ ਦੀ ਰੋਕਥਾਮ ਲਈ ਜਾਗਰੂਕਤਾ ਜਾਣਕਾਰੀ ਦਿੱਤੀ, ਪੈਂਫਲਿਟ ਵੰਡੇ ਅਤੇ ਲਾਰਵਾ ਚੈੱਕ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਸੁਪਰਵਾਈਜ਼ਰ ਸਰਬਜੀਤ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਹਰ ਸ਼ੁਕਰਵਾਰ ਦੇ ਦਿਨ ਵੱਖ ਵੱਖ ਤਰੀਕਿਆਂ ਨਾਲ ਡੇਂਗੂ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾਂਦੀਆਂ ਹਨ ਤਾਂ ਕਿ ਡੇਂਗੂ ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਗਤੀਵਿਧੀਆਂ ਦੌਰਾਨ ਡੇਂਗੂ ਦੇ ਮੱਛਰ ਦਾ ਲਾਰਵਾ ਮਿਲਣ ਵਾਲੀਆਂ ਥਾਵਾਂ ਤੇ ਲਾਰਵਾ ਚੈੱਕ ਕਰਕੇ ਲਾਰਵਾ ਮਿਲਣ ਵਾਲੇ ਕੰਟੇਨਰਾਂ ਨੂੰ ਖਾਲੀ ਕਰਵਾਇਆ ਜਾਂਦਾ ਹੈ। ਇਸ ਮੌਕੇ ਜਗਦੀਸ਼ ਸਿੰਘ ਸਿਹਤ ਸੁਪਰਵਾਈਜ਼ਰ, ਸਿਹਤ ਕਰਮਚਾਰੀ ਸਿਮਰਨਜੀਤ ਸਿੰਘ, ਚਾਨਣ ਦੀਪ ਸਿੰਘ, ਰਾਮਪਾਲ , ਮਨੀਸ਼ , ਨਾਜ਼ਰ ਸਿੰਘ ਆਦਿ ਹਾਜ਼ਰ ਸਨ।