ਮਾਨਸਾ/ਬੁਢਲਾਡਾ, 4 ਨਵੰਬਰ :(ਸਾਰਾ ਯਹਾਂ/ਮੁੱਖ ਸੰਪਾਦਕ)
ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹੇ ਅੰਦਰ ਵੱਖ- ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ, ਜਿਸ ਦੇ ਚੱਲਦਿਆ ਅੱਜ ਐਸ.ਡੀ.ਐਮ. ਬੁਢਲਾਡਾ ਸ਼੍ਰੀ ਗਗਨਦੀਪ ਸਿੰਘ ਵੱਲੋਂ ਪਿੰਡ ਆਲਮਪੁਰ ਮੰਦਰਾਂ ਵਿਖੇ ਖੇਤਾਂ ’ਚ ਫਸਲਾਂ ਦੀ ਰਹਿੰਦ-ਖੂਹੰਦ ਨੂੰ ਲੱਗੀ ਅੱਗ ਨੂੰ ਬੁਝਵਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਡੀ.ਐਮ. ਸ਼੍ਰੀ ਗਗਨਦੀਪ ਸਿੰਘ ਦੱਸਿਆ ਕਿ ਉਨ੍ਹਾਂ ਵੱਲੋਂ ਪਿੰਡ ਤਾਲਬਵਾਲਾ, ਗਾਮੀਵਾਲਾ, ਲਖਮੀਰਵਾਲਾ, ਉੱਡਤਸੈਦੇਵਾਲਾ, ਬੋਹਾ, ਮੱਲਸਿੰਘ ਵਾਲਾ, ਕਾਸਮਪੁਰ ਛੀਨਾ, ਹਾਕਮਵਾਲਾ ਅਤੇ ਫੁੱਲੂਵਾਲਾ ਡੋਗਰਾ ਆਦਿ ਪਿੰਡਾਂ ਵਿੱਚ ਕਿਸਾਨਾਂ ਨਾਲ ਮਿਲਣੀਆਂ ਕਰਕੇ ਉਨ੍ਹਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਅਤੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ।
ਉਨ੍ਹਾਂ ਕਿਸਾਨਾਂ ਨੂੰ ਇੰਨ ਸੀਟੂ ਵਿਧੀ ਰਾਹੀਂ ਫਸਲ ਦੀ ਰਹਿੰਦ-ਖੂੰਹਦ ਪੈਲੀ ਵਿੱਚ ਵਾਹ ਕੇ ਕਣਕ ਬੀਜਣ ਅਤੇ ਐਕਸ ਸੀਟੂ ਵਿਧੀ ਰਾਹੀਂ ਪਰਾਲੀ ਪ੍ਰਬੰਧਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲ਼ੋਂ ਮੁਹੱਈਆ ਕਰਵਾਈ ਗਈ ਖੇਤੀ ਮਸ਼ੀਨਰੀ ਦੀ ਵੱਧ ਤੋਂ ਵੱਧ ਵਰਤੋਂ ਕੀਤੀ ਜਾਵੇ ਅਤੇ ਜੇਕਰ ਫਿਰ ਵੀ ਕਿਸੇ ਕਿਸਾਨ ਨੂੰ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ, ਤਾਂ ਉਹ ਨੇੜਲੇ ਖੇਤੀਬਾੜੀ ਵਿਭਾਗ ਦੇ ਦਫ਼ਤਰ ਜਾਂ ਐੱਸ.ਡੀ.ਐੱਮ. ਦਫ਼ਤਰ ਵਿਖੇ ਸੰਪਰਕ ਕਰ ਸਕਦੇ ਹਨ।