
ਮਾਨਸਾ, 21 ਫਰਵਰੀ:(ਸਾਰਾ ਯਹਾਂ/ਮੁੱਖ ਸੰਪਾਦਕ)
ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ ਨੇ ਜ਼ਿਲ੍ਹਾ ਹਸਪਤਾਲ ਮਾਨਸਾ ਦਾ ਅਚਨਚੇਤ ਦੌਰਾ ਕਰਕੇ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ ਗਿਆ।
ਇਸ ਦੌਰਾਨ ਉਨ੍ਹਾਂ ਸਮੂਹ ਸਿਹਤ ਅਮਲੇ ਨੂੰ ਆਪਣੀ ਡਿਊਟੀ ਦੀ ਪਾਬੰਦੀ, ਤਨਦੇਹੀ ਤੇ ਇਮਾਨਦਾਰੀ ਨਾਲ ਕੰਮ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਸਿਹਤ ਸੰਸਥਾਵਾਂ ਵਿੱਚ ਆਉਣ ਵਾਲੇ ਕਿਸੇ ਵੀ ਮਰੀਜ਼ ਨੂੰ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।
ਸਿਵਲ ਸਰਜਨ ਨੇ ਦੱਸਿਆ ਕਿ ਜ਼ਿਲੇ੍ਹ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿਖੇ ਦਵਾਈਆਂ ਅਤੇ ਹਰ ਤਰ੍ਹਾਂ ਦੇ ਟੈਸਟ ਬਿਲਕੁਲ ਮੁਫ਼ਤ ਕੀਤੇ ਜਾਂਦੇ ਹਨ, ਜਦ ਕਿ ਹੈਲਥ ਐਂਡ ਵੈਲਨੈਸ ਸੈਂਟਰ ਵਿਖੇ 35 ਤੋਂ 40 ਕਿਸਮ ਦੀਆਂ ਦਵਾਈਆਂ ਜਿੰਨਾਂ ਵਿੱਚ ਬੀ.ਪੀ. ਅਤੇ ਸ਼ੂਗਰ ਆਦਿ ਦਵਾਈਆਂ ਵੀ ਉਪਲੱਬਧ ਹਨ।
ਉਨ੍ਹਾਂ ਸਿਵਲ ਹਸਪਤਾਲ ਦੇ ਸਬੰਧਤ ਡਾਕਟਰਾਂ ਤੇ ਸਟਾਫ ਨੂੰ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਮਹੀਨੇ ਦੇ ਆਖ਼ਰੀ ਸ਼ੁੱਕਰਵਾਰ ਹਸਪਤਾਲ ਵਿਖੇ ਹਰ ਤਰ੍ਹਾਂ ਦੇ ਮੇਨਟੇਨੈਂਸ ਦਾ ਕੰਮ ਕਰਵਾਉਣਾ ਯਕੀਨੀ ਬਣਾਇਆ ਜਾਵੇ।
ਇਸ ਮੌਕੇ ਅਵਤਾਰ ਸਿੰਘ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ, ਸੰਦੀਪ ਸਿੰਘ ਸੁਪਰਡੰਟ ਤੋਂ ਇਲਾਵਾ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।
