ਭਾਈ ਨਿਰਮਲ ਸਿੰਘ ਖ਼ਾਲਸਾ ਦੀ ਸਦੀਵੀ ਯਾਦ ਲਈ ਪੰਜਾਬ ਸਰਕਾਰ ਦਾ ਵੱਡਾ ਫੈਸਲਾ

0
127

ਅੰਮ੍ਰਿਤਸਰ: ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਪਦਮ ਸ੍ਰੀ ਭਾਈ ਨਿਰਮਲ ਸਿੰਘ ਖਾਲਸਾ ਦੇ ਭੋਗ ਤੇ ਅੰਤਿਮ ਅਰਦਾਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੋਕ ਸੰਦੇਸ਼ ਭੇਜਿਆ ਗਿਆ। ਕੈਪਟਨ ਨੇ ਜਿੱਥੇ ਦੁੱਖ ਦਾ ਪ੍ਰਗਟਾਵਾ ਕੀਤਾ ਉੱਥੇ ਹੀ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਭਾਈ ਸਾਹਿਬ ਦੇ ਪਿੰਡ ਲੋਹੀਆਂ ਵਿਖੇ ਬਣ ਰਹੀ ਨਵੀਂ ਉਦਯੋਗਿਕ ਸਿਖਲਾਈ ਸੰਸਥਾ ਦਾ ਨਾਂ ਭਾਈ ਨਿਰਮਲ ਸਿੰਘ ਖਾਲਸਾ ਦੀ ਯਾਦ ਨੂੰ ਸਦੀਵੀ ਬਣਾਈ ਰੱਖਣ ਲਈ ਉਨਾਂ ਦੇ ਨਾਂ ‘ਤੇ ਰੱਖਣ ਦਾ ਫੈਸਲਾ ਕੀਤਾ ਹੈ।

ਅੱਜ ਗੁਰਦੁਆਰਾ ਬਿਬੇਕਸਰ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਈ ਖਾਲਸਾ ਨਮਿਤ ਰਖਵਾਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਅੰਮ੍ਰਿਤਸਰ ਦੇ ਐਸਡੀਐਮ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਸ਼ੋਕ ਸੰਦੇਸ਼ ਭਾਈ ਨਿਰਮਲ ਸਿੰਘ ਖਾਲਸਾ ਜੀ ਦੇ ਪਰਿਵਾਰ ਨੂੰ ਸੌਂਪਿਆ।

ਮੁੱਖ ਮੰਤਰੀ ਨੇ ਆਪਣੇ ਸੰਦੇਸ਼ ਵਿਚ ਲਿਖਿਆ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਦਰ ਨੇ ਅਨਿਨ ਸੇਵਕ, ਬਚਪਨ ਤੋਂ ਹੀ ਗੁਰਮਿਤ ਸੰਗੀਤ ਨੂੰ ਪ੍ਰਣਾਏ ਅਤੇ ਗੁਰਮਿਤ ਦੇ ਸਾਰੇ ਰਾਗਾਂ ਵਿਚ ਪ੍ਰਪੱਕ ਪਦਮ ਸ੍ਰੀ ਭਾਈ ਨਿਰਮਲ ਸਿੰਘ ਖਾਲਸਾ ਜੀ ਦੇ ਬੇਵਕਤੀ ਅਕਾਲ ਚਲਾਣਾ ਕਰ ਜਾਣ ਨਾਲ ਮੈਨੂੰ ਡੂੰਘਾ ਦੁੱਖ ਹੋਇਆ ਹੈ।

ਭਾਈ ਸਾਹਿਬ ਦਾ ਵਿਛੋੜਾ ਉਨਾਂ ਦੇ ਸਕੇ ਸਬੰਧੀਆਂ, ਪੰਜਾਬ ਤੇ ਦੇਸ਼-ਵਿਦੇਸ਼ ਵਸਦੇ ਉਨ੍ਹਾਂ ਦੇ ਹਜ਼ਾਰਾਂ ਪ੍ਰਸ਼ੰਸਕਾਂ ਲਈ ਇਕ ਵੱਡਾ ਘਾਟਾ ਹੈ ਅਤੇ ਮੈਂ ਉਨਾਂ ਸਾਰਿਆਂ ਨਾਲ ਹਮਦਰਦੀ ਪ੍ਰਗਟ ਕਰਦਾ ਹਾਂ। ਮੈਂ ਭਾਈ ਸਾਹਿਬ ਜੀ ਦੀ ਆਤਮਿਕ ਸ਼ਾਂਤੀ ਲਈ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਇਹ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਕਾਲ ਪੁਰਖ ਅੱਗੇ ਅਰਦਾਸ ਕਰਦਾ ਹਾਂ।

LEAVE A REPLY

Please enter your comment!
Please enter your name here