ਮਾਨਸਾ, 13 ਮਈ (ਸਾਰਾ ਯਹਾ/ ਹੀਰਾ ਸਿੰਘ ਮਿੱਤਲ) ਪੰਜਾਬ ਸਰਕਾਰ ਸਿੱਖਿਆ ਵਿਭਾਗ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਸਕੂਲਾਂ ਵੱਲੋਂ ਪ੍ਰੀਖਿਆਵਾਂ ਦੇ ਨਤੀਜੇ ਘੋਸ਼ਿਤ ਕਰ ਦਿੱਤੇ ਗਏ ਹਨ ਅਤੇ ਵਿਦਿਆਰਥੀਆਂ ਦੇ ਮਾਪਿਆਂ ਵੱਲੋਂ ਕਿਤਾਬਾਂ ਦੀ ਮੰਗ ਕੀਤੀ ਜਾ ਰਹੀ ਹੈ, ਕਿਉਂਕਿ ਕਿਤਾਬਾਂ ਨਾ ਹੋਣ ਕਾਰਨ ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਹੋ ਰਿਹਾ ਹੈ। ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਮਾਨਸਾ ਸ੍ਰੀ ਗੁਰਪਾਲ ਸਿੰਘ ਚਹਿਲ ਨੇ ਦੱਸਿਆ ਕਿ ਕੋਵਿਡ-19 ਦੇ ਮੱਦੇਨਜ਼ਰ ਕੋਰੋਨਾ ਵਾਇਰਸ ਮਹਾਂਮਾਰੀ ਨੂੰ ਰੋਕਣ ਲਈ ਜ਼ਿਲ੍ਹੇ ਵਿਚ ਲਗਾਇਆ ਕਰਫਿਊ ਲਗਾਤਾਰ ਜਾਰੀ ਹੈ ਅਤੇ ਸਮੇਂ ਸਮੇਂ ਤੇ ਵੱਖ-ਵੱਖ ਸ਼੍ਰੇਣੀਆਂ, ਕਾਰੋਬਾਰਾਂ ਨੂੰ ਨਿਸ਼ਚਿਤ ਸਮੇਂ ਅਤੇ ਨਿਸ਼ਚਿਤ ਦਿਨਾਂ ਲਈ ਕਰਫਿਊ/ਲਾਕਡਾਊਨ ਦੌਰਾਨ ਛੂਟ ਦਿੱਤੀ ਹੋਈ ਹੈ। ਇਸੇ ਲੜੀ ਤਹਿਤ ਸਕੂਲੀ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਮੱਦੇਨਜ਼ਰ ਰੱਖਦੇ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਅਤੇ ਪ੍ਰਾਇਮਰੀ) ਮਾਨਸਾ ਅਤੇ ਜ਼ਿਲ੍ਹਾ ਮੈਨੇਜਰ ਪੰਜਾਬ ਸਕੂਲ ਸਿੱਖਿਆ ਬੋਰਡ, ਮਾਨਸਾ ਨੂੰ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਨੂੰ ਸਵੇਰੇ 7 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਕਿਤਾਬਾਂ ਦੀ ਵੰਡ ਅਤੇ ਇਸ ਕੰਮ ਲਈ ਕਿਰਤ/ਟਰਾਂਸਪੋਰਟ ਆਦਿ ਦਾ ਪ੍ਰਬੰਧ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਇਸ ਕੰਮ ਲਈ ਸਬੰਧਤ ਵਿਅਕਤੀਆਂ ਨੂੰ ਕਰਫਿਊ/ਲਾਕਡਾਊਨ ਪਾਸ ਜਾਰੀ ਕਰਨ ਦੇ ਅਧਿਕਾਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਅਤੇ ਪ੍ਰਾਇਮਰੀ) ਮਾਨਸਾ ਨੂੰ ਦਿੱਤੇ ਗਏ ਹਨ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਤੇ ਪ੍ਰਾਇਮਰੀ) ਮਾਨਸਾ ਵੱਲੋਂ ਪੰਜਾਬ ਸਰਕਾਰ ਜਾਂ ਇਸ ਦਫ਼ਤਰ ਵੱਲੋਂ ਕੋਵਿਡ-19 ਸਬੰਧੀ ਸਮੇਂ ਸਮੇਂ ਤੇ ਜਾਰੀ ਕੀਤੀਆਂ ਹਦਾਇਤਾਂ/ਦਿਸ਼ਾ ਨਿਰਦੇਸ਼ (ਖਾਸ ਤੌਰ ਤੇ ਮਾਸਕ ਪਹਿਨਣਾਂ, ਸਮਾਜਿਕ ਦੂਰੀ, ਕਿਸੇ ਵੀ ਹਾਲਤ ਵਿਚ ਇਕੱਠ ਨਾ ਕਰਨਾ) ਦੀ ਪਾਲਣਾ ਯਕੀਨੀ ਬਣਾਉਣੀ ਹੋਵੇਗੀ।