ਬਠਿੰਡਾ (ਸਾਰਾ ਯਹਾ/ ਬਲਜੀਤ ਸ਼ਰਮਾ ) ਪੰਜਾਬ ਵਿੱਚ ਕੋਰੋਨਾ ਮਹਾਂਮਾਰੀ ਦੇ ਕਹਿਰ ਦੌਰਾਨ ਲਗਾਏ ਗਏ ਲਾਕਡਾਊਨ ਦੌਰਾਨ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵੱਲੋਂ ਆਨਲਾਈਨ ਸਿੱਖਿਆ ਜਾਰੀ ਹੈ। ਜਿਸ ਦੇ ਬਹੁਤ ਹੀ ਵਧੀਆ ਨਤੀਜੇ ਸਾਹਮਣੇ ਆ ਰਹੇ ਹਨ। ਆਨਲਾਈਨ ਸਿੱਖਿਆ ਨਾਲ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਅਤੇ ਬੱਚਿਆਂ ਦੀ ਲਾਕਡਾਊਨ ਦੌਰਾਨ ਹੋਰ ਵੀ ਨੇੜਤਾ ਵਧੀ ਹੈ। ਇਸੇ ਤਹਿਤ ਜਿੱਥੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵੱਲੋਂ ਬੱਚਿਆਂ ਨੂੰ ਰੋਜ਼ਾਨਾ ਆਨਲਾਈਨ ਪੜ੍ਹਾਈ ਕਰਵਾਈ ਜਾ ਰਹੀ ਹੈ ਉੱਥੇ ਹੀ ਬੱਚਿਆਂ ਦੇ ਲਿਖਤੀ ਕੰਮ ਲਈ ਬਠਿੰਡਾ ਦੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਸ਼ਿਵ ਪਾਲ ਗੋਇਲ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਧੋਬੀਆਣਾ ਬਸਤੀ ਬਠਿੰਡਾ ਦੇ ਬੱਚਿਆਂ ਲਈ 600 ਕਾਪੀਆਂ ਅਤੇ ਮੋਬਾਈਲ ਫੋਨ ਦਾਨ ਕੀਤਾ ਗਿਆ। ਸ਼ਿਵ ਪਾਲ ਗੋਇਲ ਨੇ ਕਿਹਾ ਕਿ ਲਾਕਡਾਊਨ ਚੱਲਦਿਆਂ ਧੋਬੀਆਣਾ ਬਸਤੀ ਦੇ ਬੱਚਿਆਂ ਦੇ ਆਰਥਿਕ ਹਾਲਾਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਉਨ੍ਹਾਂ ਵੱਲੋਂ ਇਹ ਉਪਰਾਲਾ ਕੀਤਾ ਗਿਆ ਹੈ ਤਾਂ ਜੋ ਕਿ ਇਸ ਬਸਤੀ ਦੇ ਬੱਚੇ ਨਿਰਵਿਘਨ ਆਪਣੀ ਪੜ੍ਹਾਈ ਜ਼ਾਰੀ ਰੱਖ ਸਕਣ। ਸਰਕਾਰੀ ਪ੍ਰਾਇਮਰੀ ਸਕੂਲ ਧੋਬੀਆਣਾ ਬਸਤੀ ਬਠਿੰਡਾ ਦੇ ਹੈੱਡ ਟੀਚਰ ਮਨੀਸ਼ ਕੁਮਾਰ ਮਹਿਤਾ ਨੇ ਉਪ ਜਿਲ੍ਹਾ ਸਿੱਖਿਆ ਅਫਸਰ ਸ਼ਿਵ ਪਾਲ ਗੋਇਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਬਸਤੀ ਦੇ ਬੱਚਿਆਂ ਨੂੰ ਕਾਪੀਆਂ ਦੀ ਬਹੁਤ ਹੀ ਜਰੂਰਤ ਸੀ, ਕਿਉਂਕਿ ਲਾਕਡਾਊਨ ਕਰਕੇ ਉਨ੍ਹਾਂ ਦੇ ਮਾਪਿਆਂ ਨੂੰ ਕੋਈ ਕੰਮ ਨਾ ਮਿਲਣ ਕਰਕੇ ਉਹ ਬੱਚਿਆਂ ਦੀਆਂ ਜ਼ਰੂਰਤਾਂ ਪੂਰੀਆਂ ਨਹੀਂ ਕਰ ਸਕਦੇ ਸਨ। ਜ਼ਿਲ੍ਹਾ ਸਿੱਖਿਆ ਅਫ਼ਸਰ ਹਰਦੀਪ ਸਿੰਘ ਤੱਗੜ, ਉਪ ਜਿਲ੍ਹਾ ਸਿੱਖਿਆ ਅਫਸਰ ਬਲਜੀਤ ਸਿੰਘ ਸੰਦੋਹਾ, ਸਮਾਰਟ ਸਕੂਲ ਕੋਆਰਡੀਨੇਟਰ ਨਿਰਭੈ ਸਿੰਘ ਭੁੱਲਰ, ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਕੋਆਰਡੀਨੇਟਰ ਰਣਜੀਤ ਸਿੰਘ ਮਾਨ ਅਤੇ ਸੋਸ਼ਲ ਮੀਡੀਆ ਕੋਆਰਡੀਨੇਟਰ ਸੁਖਪਾਲ ਸਿੰਘ ਸਿੱਧੂ ਵੱਲੋਂ ਉਪ ਜਿਲ੍ਹਾ ਸਿੱਖਿਆ ਅਫਸਰ ਸ਼ਿਵ ਪਾਲ ਗੋਇਲ ਦੇ ਇਸ ਮਹਾਨ ਉਪਰਾਲੇ ਦਾ ਧੰਨਵਾਦ ਕੀਤਾ ਗਿਆ।